Daily Suraj

ਪੰਜਾਬੀ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਸ਼ਰੇਆਮ ਕਤਲ ਦੀ ਜਥੇਦਾਰ ਬਾਬਾ ਟੇਕ ਸਿੰਘ ਨੇ ਕੀਤੀ ਨਿੰਦਾ।

13 Oct, 2026 06:07 PM

ਤਲਵੰਡੀ ਸਾਬੋ (ਗੁਰਪ੍ਰੀਤ ਸਿੰਘ ਅਰੋੜਾ) ਨਸ਼ਾ ਵਿਰੋਧੀ ਮੁਹਿੰਮ ਦੇ ਆਗੂ ਭਾਈ ਪਰਵਿੰਦਰ ਸਿੰਘ ਝੋਟਾ ਨੂੰ ਮਾਨਸਾ ਵਿਖੇ ਸ਼ਰੇਆਮ ਗੋਲੀਆਂ ਮਾਰਕੇ ਕਤਲ ਕਰਨ ਅਤੇ ਸਾਥੀ ਨੂੰ ਗੰਭੀਰ ਜ਼ਖ਼ਮੀ ਕਰਨ ਦੀ ਵਾਪਰੀ ਖ਼ੂਨੀ ਘਟਨਾ 'ਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਜ਼ੋਰਦਾਰ ਨਿੰਦਾ ਕੀਤੀ ਹੈ। ਪ੍ਰੈੱਸ ਨੂੰ ਜਾਰੀ ਬਿਆਨ ਰਾਹੀਂ ਸਿੰਘ ਸਾਹਿਬ ਨੇ ਆਖਿਆ ਕਿ ਪੰਜਾਬ ਦੀ ਧਰਤੀ ਗੁਰੂਆਂ-ਪੀਰਾਂ ਦੀ ਪਵਿੱਤਰ ਚਰਨ ਛੋਹ ਪ੍ਰਾਪਤ ਧਰਤੀ ਹੈ, ਪਰ ਅਫ਼ਸੋਸ ਕਿ ਅੱਜ ਇਹ ਸੂਬਾ ਨਸ਼ਾ ਤਸਕਰਾਂ ਅਤੇ ਗ਼ੈਰ-ਸਮਾਜੀ ਅਨਸਰਾਂ ਦੀ ਖੁੱਲ੍ਹੀ ਖੇਡ ਦਾ ਅੱਡਾ ਬਣ ਚੱੁਕੈ। ਸੂਬੇ ਵਿੱਚ ਮੈਡੀਕਲ ਨਸ਼ਿਆਂ ਸਮੇਤ ਹਰ ਕਿਸਮ ਦਾ ਘਾਤਕ ਨਸ਼ਾ ਸ਼ਰੇਆਮ ਵਿਕ ਰਿਹਾ ਹੈ ਅਤੇ ਸਾਡੀ ਨੌਜਵਾਨ ਪੀੜ੍ਹੀ ਨੂੰ ਘੁਣ ਵਾਂਗ ਖਾ ਰਿਹੈ।ਉਨਾਂ ਕਿਹਾ ਕਿ ਜਦੋਂ ਆਪਣੀ ਕੌਮ ਅਤੇ ਨੌਜਵਾਨੀ ਨੂੰ ਬਚਾਉਣ ਲਈ ਮੈਦਾਨ ਵਿੱਚ ਨਿੱਤਰਨ ਵਾਲੇ ਨੌਜਵਾਨਾਂ ਨੂੰ ਦਿਨ-ਦਿਹਾੜੇ ਗੋਲੀਆਂ ਦਾ ਨਿਸ਼ਾਨਾ ਬਣਾ ਕੇ ਮੌਤ ਦੇ ਘਾਟ ਉਤਾਰ ਦਿੱਤਾ ਜਾਵੇ, ਤਾਂ ਇਹ ਸਾਫ਼ ਦਰਸਾਉਂਦਾ ਹੈ ਕਿ ਨਸ਼ਾ ਮਾਫ਼ੀਆ ਦੇ ਹਂੌਸਲੇ ਕਿਸ ਹੱਦ ਤੱਕ ਬੁਲੰਦ ਹਨ। ਉਨਾਂ ਕਿਹਾ ਕਿ ਜੇਕਰ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਜਾਗਰੂਕ ਨੌਜਵਾਨ ਹੀ ਸੁਰੱਖਿਅਤ ਨਹੀਂ ਤਾਂ ਆਮ ਲੋਕਾਂ ਦੀ ਸੁਰੱਖਿਆ ਦੀ ਕੀ ਗਾਰੰਟੀ ਰਹਿ ਜਾਂਦੀ ਹੈ? ਕੈਮਰਿਆਂ ਸਾਹਮਣੇ ਹੋਈ ਇਸ ਸ਼ਰਮਨਾਕ ਵਾਰਦਾਤ ਨੇ ਪੁਲਿਸ ਪ੍ਰਸ਼ਾਸਨ ਦੇ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਕਾਤਲਾਂ ਅਤੇ ਇਸ ਘਟਨਾ ਪਿੱਛੇ ਸ਼ਾਮਲ ਨਸ਼ਾ ਸਿੰਡੀਕੇਟ ਨਾਲ ਜੁੜੇ ਸਾਰੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਮਿਸਾਲੀ ਸਜ਼ਾ ਦਿੱਤੀ ਜਾਵੇ।ਹਸਪਤਾਲ ਵਿੱਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਉਸਦੇ ਸਾਥੀ ਦਾ ਵਧੀਆ ਤੋਂ ਵਧੀਆ ਇਲਾਜ ਸਰਕਾਰੀ ਖ਼ਰਚੇ 'ਤੇ ਯਕੀਨੀ ਬਣਾਇਆ ਜਾਵੇ ਅਤੇ ਸੂਬੇ ਭਰ ਵਿੱਚ ਗ਼ੈਰ-ਕਾਨੂੰਨੀ ਢੰਗ ਨਾਲ ਨਸ਼ੀਲੀਆਂ ਦਵਾਈਆਂ ਵੇਚਣ ਵਾਲੇ ਮੈਡੀਕਲ ਸਟੋਰਾਂ ਅਤੇ ਤਸਕਰਾਂ ਵਿਰੁੱਧ ਬਿਨਾਂ ਕਿਸੇ ਪੱਖਪਾਤ ਦੇ ਵੱਡੀ ਪੱਧਰ 'ਤੇ ਕਾਰਵਾਈ ਕੀਤੀ ਜਾਵੇ। ਜਥੇਦਾਰ ਬਾਬਾ ਟੇਕ ਸਿੰਘ ਨੇ ਸਮੂਹ ਪੰਜਾਬੀਆਂ ਅਤੇ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਉਹ ਇਸ ਔਖੀ ਘੜੀ ਵਿੱਚ ਆਪਸੀ ਏਕਤਾ ਅਤੇ ਸ਼ਾਂਤੀ ਬਣਾਈ ਰੱਖਣ ਅਤੇ ਨਸ਼ਿਆਂ ਦੇ ਦੈਂਤ ਵਿਰੁੱਧ ਆਪਣੀ ਆਵਾਜ਼ ਨਿਰੰਤਰ ਬੁਲੰਦ ਰੱਖਣ।

Latest News