ਵਿਜੀਲੈਂਸ ਦੇ ਇਤਰਾਜ਼ ਮਗਰੋਂ ਅੱਜ ਮੁੜ ਅਦਾਲਤ ’ਚ ਰੱਖਿਆ ਜਾਵੇਗਾ ਮਜੀਠੀਆ ਦੇ ਵਿਦੇਸ਼ ਜਾਣ ਦਾ ਮਾਮਲਾ

ਵਿਜੀਲੈਂਸ ਦੇ ਇਤਰਾਜ਼ ਮਗਰੋਂ ਅੱਜ ਮੁੜ ਅਦਾਲਤ ’ਚ ਰੱਖਿਆ ਜਾਵੇਗਾ ਮਜੀਠੀਆ ਦੇ ਵਿਦੇਸ਼ ਜਾਣ ਦਾ ਮਾਮਲਾ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਵਿਦੇਸ਼ ਜਾਣ ਦੀ ਇਜਾਜ਼ਤ ਲੈਣ ਲਈ ਦਾਇਰ ਕੀਤੀ ਪਟੀਸ਼ਨ ’ਤੇ ਅੱਜ ਮੁਹਾਲੀ ਦੀ ਜ਼ਿਲ੍ਹਾ ਅਦਾਲਤ ਵਿੱਚ ਸੁਣਵਾਈ ਹੋਵੇਗੀ। ਪਿਛਲੀ ਸੁਣਵਾਈ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਮਜੀਠੀਆ ਦੀ ਇਸ ਅਰਜ਼ੀ ’ਤੇ ਸਖ਼ਤ ਇਤਰਾਜ਼ ਦਰਜ ਕਰਵਾਉਂਦਿਆਂ ਕਿਹਾ ਸੀ ਕਿ ਉਨ੍ਹਾਂ ਵੱਲੋਂ ਆਪਣੀ ਪ੍ਰਸਤਾਵਿਤ ਵਿਦੇਸ਼ ਯਾਤਰਾ ਸਬੰਧੀ ਮੁਕੰਮਲ ਵੇਰਵੇ ਮੁਹੱਈਆ ਨਹੀਂ ਕਰਵਾਏ ਗਏ ਹਨ। ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਉਪਰੰਤ ਅਦਾਲਤ ਨੇ ਅਗਲੀ ਸੁਣਵਾਈ ਲਈ 23 ਨਵੰਬਰ ਦੀ ਤਰੀਕ ਨਿਰਧਾਰਤ ਕੀਤੀ ਸੀ। ਵਿਜੀਲੈਂਸ ਬਿਊਰੋ ਨੇ ਇਨ੍ਹਾਂ ਨੁਕਤਿਆਂ ’ਤੇ ਜਤਾਇਆ ਸੀ ਇਤਰਾਜ਼ ਅਦਾਲਤ ਵਿੱਚ ਸੁਣਵਾਈ ਦੌਰਾਨ ਵਿਜੀਲੈਂਸ ਬਿਊਰੋ ਨੇ ਦਲੀਲ ਦਿੱਤੀ ਸੀ ਕਿ ਬਿਕਰਮ ਮਜੀਠੀਆ ਨੇ ਆਪਣੀ ਪਟੀਸ਼ਨ ਵਿੱਚ ਇਹ ਸਪਸ਼ਟ ਜਾਣਕਾਰੀ ਨਹੀਂ ਦਿੱਤੀ ਕਿ ਉਹ ਵਿਦੇਸ਼ ਜਾਣ ਲਈ ਕਿਹੜੀ ਉਡਾਣ ਰਾਹੀਂ ਸਫ਼ਰ ਕਰਨਗੇ, ਕਿਹੜੇ ਸ਼ਹਿਰਾਂ ਦਾ ਦੌਰਾ ਕਰਨਗੇ ਅਤੇ ਉੱਥੇ ਕਿਸ ਥਾਂ ’ਤੇ ਠਹਿਰਨਗੇ। ਵਿਜੀਲੈਂਸ ਅਧਿਕਾਰੀਆਂ ਦਾ ਕਹਿਣਾ ਸੀ ਕਿ ਇਨ੍ਹਾਂ ਅਹਿਮ ਵੇਰਵਿਆਂ ਦੀ ਅਣਹੋਂਦ ਵਿੱਚ ਉਨ੍ਹਾਂ ਨੂੰ ਵਿਦੇਸ਼ ਯਾਤਰਾ ਦੀ ਇਜਾਜ਼ਤ ਦੇਣ ਬਾਰੇ ਵਿਚਾਰ ਕਰਨਾ ਉਚਿਤ ਨਹੀਂ ਹੋਵੇਗਾ। ਜ਼ਮਾਨਤ ਦੀਆਂ ਸ਼ਰਤਾਂ ਤਹਿਤ ਲਾਜ਼ਮੀ ਹੈ ਅਦਾਲਤ ਦੀ ਮਨਜ਼ੂਰੀ ਜ਼ਿਕਰਯੋਗ ਹੈ ਕਿ ਬਿਕਰਮ ਸਿੰਘ ਮਜੀਠੀਆ ਨੇ ਦਸੰਬਰ ਮਹੀਨੇ ਵਿੱਚ ਵਿਦੇਸ਼ ਯਾਤਰਾ ’ਤੇ ਜਾਣ ਦੀ ਮਨਜ਼ੂਰੀ ਹਾਸਲ ਕਰਨ ਲਈ ਮੁਹਾਲੀ ਅਦਾਲਤ ਦਾ ਰੁਖ਼ ਕੀਤਾ ਹੈ। ਉਹ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਫਿਲਹਾਲ ਜ਼ਮਾਨਤ ’ਤੇ ਬਾਹਰ ਹਨ। ਅਦਾਲਤ ਵੱਲੋਂ ਤੈਅ ਕੀਤੀਆਂ ਗਈਆਂ ਜ਼ਮਾਨਤ ਦੀਆਂ ਸ਼ਰਤਾਂ ਅਨੁਸਾਰ, ਦੇਸ਼ ਤੋਂ ਬਾਹਰ ਜਾਣ ਤੋਂ ਪਹਿਲਾਂ ਉਨ੍ਹਾਂ ਲਈ ਅਦਾਲਤ ਦੀ ਪੂਰਵ ਇਜਾਜ਼ਤ ਲੈਣੀ ਲਾਜ਼ਮੀ ਹੈ। ਮੋਬਾਈਲ ਫ਼ੋਨ ਵਾਪਸ ਲੈਣ ਦੀ ਅਰਜ਼ੀ ’ਤੇ 30 ਨਵੰਬਰ ਨੂੰ ਸੁਣਵਾਈ ਇਸੇ ਮਾਮਲੇ ਦੀ ਜਾਂਚ ਦੌਰਾਨ ਜਾਂਚ ਏਜੰਸੀ ਵੱਲੋਂ ਜ਼ਬਤ ਕੀਤੇ ਗਏ ਮੋਬਾਈਲ ਫ਼ੋਨ ਨੂੰ ਵਾਪਸ ਹਾਸਲ ਕਰਨ ਲਈ ਵੀ ਮਜੀਠੀਆ ਵੱਲੋਂ ਇੱਕ ਵੱਖਰੀ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ’ਤੇ ਅਦਾਲਤ 30 ਨਵੰਬਰ ਨੂੰ ਸੁਣਵਾਈ ਕਰੇਗੀ। ਦੱਸਣਯੋਗ ਹੈ ਕਿ ਦੋ ਦਿਨ ਪਹਿਲਾਂ ਹੋਈ ਸੁਣਵਾਈ ਵਿੱਚ ਵੀ ਮਜੀਠੀਆ ਨੂੰ ਵਿਦੇਸ਼ ਜਾਣ ਦੀ ਇਜਾਜ਼ਤ ਦੇ ਮਾਮਲੇ ਵਿੱਚ ਅਦਾਲਤ ਤੋਂ ਫੌਰੀ ਕੋਈ ਰਾਹਤ ਨਹੀਂ ਮਿਲ ਸਕੀ ਸੀ। ਹਾਲਾਂਕਿ, ਮਜੀਠੀਆ ਦੇ ਵਕੀਲਾਂ ਨੇ ਅਦਾਲਤ ਨੂੰ ਜਾਣੂ ਕਰਵਾਇਆ ਸੀ ਕਿ ਵਿਦੇਸ਼ ਯਾਤਰਾ ਨਾਲ ਸਬੰਧਤ ਸਾਰੇ ਲੋੜੀਂਦੇ ਵੇਰਵੇ ਇੱਕ ਸੀਲਬੰਦ ਲਿਫ਼ਾਫ਼ੇ ਵਿੱਚ ਅਦਾਲਤ ਨੂੰ ਸੌਂਪ ਦਿੱਤੇ ਗਏ ਹਨ। ਦੋਵਾਂ ਧਿਰਾਂ ਵਿਚਾਲੇ ਹੋਈ ਬਹਿਸ ਮਗਰੋਂ ਅਦਾਲਤ ਨੇ ਤੁਰੰਤ ਫ਼ੈਸਲਾ ਸੁਣਾਉਣ ਦੀ ਬਜਾਏ ਸੁਣਵਾਈ ਨੂੰ 23 ਨਵੰਬਰ ਤੱਕ ਮੁਲਤਵੀ ਕਰ ਦਿੱਤਾ ਸੀ। ਦੂਜੇ ਪਾਸੇ, ਸ਼੍ਰੋਮਣੀ ਅਕਾਲੀ ਦਲ ਨੇ ਇਸ ਸਮੁੱਚੇ ਘਟਨਾਕ੍ਰਮ ’ਤੇ ਦੋਸ਼ ਲਾਇਆ ਸੀ ਕਿ ਸੂਬੇ ਦੀ ‘ਆਪ’ ਸਰਕਾਰ ਮਿੱਥ ਕੇ ਸਾਬਕਾ ਅਕਾਲੀ ਆਗੂ ਖ਼ਿਲਾਫ਼ ਕਾਰਵਾਈ ਕਰ ਰਹੀ ਹੈ।