ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਵੱਡਾ ਫੈਸਲਾ, ਡੇਰਾ ਮੁਖੀ ਰਾਮ ਰਹੀਮ ਨੂੰ ਰਾਹਤ

ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਵੱਡਾ ਫੈਸਲਾ, ਡੇਰਾ ਮੁਖੀ ਰਾਮ ਰਹੀਮ ਨੂੰ ਰਾਹਤ

ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਪੱਤਰਕਾਰ ਰਾਮਚੰਦਰ ਛਤਰਪਤੀ ਦੇ ਕਤਲ ਮਾਮਲੇ ਵਿੱਚ ਰਾਮ ਰਹੀਮ ਨੂੰ ਬਰੀ ਕਰ ਦਿੱਤਾ ਹੈ। ਹਾਲਾਂਕਿ, ਅਦਾਲਤ ਨੇ ਇਸ ਮਾਮਲੇ ਵਿੱਚ ਦੋਸ਼ੀ ਠਹਿਰਾਏ ਗਏ ਹੋਰ ਤਿੰਨ ਵਿਅਕਤੀਆਂ — ਕੁਲਦੀਪ ਸਿੰਘ, ਨਿਰਮਲ ਸਿੰਘ ਅਤੇ ਕ੍ਰਿਸ਼ਨ ਲਾਲ — ਦੀ ਸਜ਼ਾ ਨੂੰ ਬਰਕਰਾਰ ਰੱਖਿਆ ਹੈ। ਯਾਦ ਰਹੇ ਕਿ 17 ਜਨਵਰੀ 2019 ਨੂੰ ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਇਸ ਮਾਮਲੇ ਵਿੱਚ ਰਾਮ ਰਹੀਮ ਸਮੇਤ ਚਾਰਾਂ ਦੋਸ਼ੀਆਂ ਨੂੰ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਪਰ ਹੁਣ ਹਾਈ ਕੋਰਟ ਨੇ ਉਸ ਫੈਸਲੇ ਵਿੱਚ ਤਬਦੀਲੀ ਕਰਦਿਆਂ ਰਾਮ ਰਹੀਮ ਨੂੰ ਬਰੀ ਕਰ ਦਿੱਤਾ ਹੈ। ਮਾਮਲੇ ਦੀ ਪਿਛੋਕੜ ਅਨੁਸਾਰ ਸਿਰਸਾ ਦੇ ਪੱਤਰਕਾਰ ਰਾਮਚੰਦਰ ਛਤਰਪਤੀ ਨੂੰ 24 ਅਕਤੂਬਰ 2002 ਨੂੰ ਉਨ੍ਹਾਂ ਦੇ ਘਰ ਦੇ ਬਾਹਰ ਗੋਲੀ ਮਾਰ ਦਿੱਤੀ ਗਈ ਸੀ। ਗੰਭੀਰ ਰੂਪ ਵਿੱਚ ਜ਼ਖ਼ਮੀ ਛਤਰਪਤੀ ਦੀ 21 ਨਵੰਬਰ 2002 ਨੂੰ ਮੌਤ ਹੋ ਗਈ ਸੀ। ਇਸ ਮਾਮਲੇ ਵਿੱਚ 2003 ਵਿੱਚ ਛਤਰਪਤੀ ਦੇ ਪੁੱਤਰ ਅੰਸ਼ੁਲ ਛਤਰਪਤੀ ਵੱਲੋਂ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ। ਹਾਈ ਕੋਰਟ ਦੇ ਹੁਕਮਾਂ ‘ਤੇ ਨਵੰਬਰ 2003 ਵਿੱਚ ਸੀਬੀਆਈ ਨੇ ਐਫਆਈਆਰ ਦਰਜ ਕੀਤੀ। ਇਸ ਕੇਸ ਦੀ ਸੁਣਵਾਈ ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਵਿੱਚ ਲਗਭਗ 16 ਸਾਲ ਤੱਕ ਚੱਲੀ। ਬਾਅਦ ਵਿੱਚ 2018–2019 ਵਿੱਚ ਸੀਬੀਆਈ ਵੱਲੋਂ ਚਾਰਜਸ਼ੀਟ ਦਾਇਰ ਕੀਤੀ ਗਈ ਸੀ। ਅਦਾਲਤ ਨੇ ਉਸ ਸਮੇਂ ਇਸ ਮਾਮਲੇ ਨੂੰ ਯੋਜਨਾਬੱਧ ਸਾਜ਼ਿਸ਼ ਕਰਾਰ ਦਿੰਦਿਆਂ ਗੁਰਮੀਤ ਰਾਮ ਰਹੀਮ, ਕੁਲਦੀਪ ਸਿੰਘ, ਨਿਰਮਲ ਸਿੰਘ ਅਤੇ ਕ੍ਰਿਸ਼ਨ ਲਾਲ ਨੂੰ ਦੋਸ਼ੀ ਠਹਿਰਾਇਆ ਸੀ। 2019 ਵਿੱਚ ਗੁਰਮੀਤ ਰਾਮ ਰਹੀਮ ਅਤੇ ਹੋਰ ਦੋਸ਼ੀਆਂ ਨੇ ਸੀਬੀਆਈ ਅਦਾਲਤ ਦੇ ਫੈਸਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਹੁਣ ਹਾਈ ਕੋਰਟ ਨੇ ਇਸ ਮਾਮਲੇ ਵਿੱਚ ਫੈਸਲਾ ਸੁਣਾਉਂਦਿਆਂ ਰਾਮ ਰਹੀਮ ਨੂੰ ਬਰੀ ਕਰ ਦਿੱਤਾ ਹੈ, ਜਦਕਿ ਬਾਕੀ ਤਿੰਨ ਦੋਸ਼ੀਆਂ ਦੀ ਸਜ਼ਾ ਕਾਇਮ ਰੱਖੀ ਹੈ। ਜ਼ਿਕਰਯੋਗ ਹੈ ਕਿ ਗੁਰਮੀਤ ਰਾਮ ਰਹੀਮ ਇਸ ਸਮੇਂ ਦੋ ਸਾਧਵੀਆਂ ਨਾਲ ਜਬਰ ਜਨਾਹ ਦੇ ਮਾਮਲੇ ਵਿੱਚ 20 ਸਾਲ ਦੀ ਸਜ਼ਾ ਕੱਟ ਰਿਹਾ ਹੈ ਅਤੇ ਉਹ ਇਸ ਵੇਲੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ।