ਫੂ ਕਵੋਕ ਟਾਪੂ ਕੋਲ ਕਿਸ਼ਤੀ ਪਲਟੀ, 21 ਲੋਕਾਂ ਨੂੰ ਬਚਾਇਆ ਗਿਆ

ਫੂ ਕਵੋਕ ਟਾਪੂ ਕੋਲ ਕਿਸ਼ਤੀ ਪਲਟੀ, 21 ਲੋਕਾਂ ਨੂੰ ਬਚਾਇਆ ਗਿਆ

ਵੀਅਤਨਾਮ ਦੇ ਫੂ ਕਵੋਕ ਟਾਪੂ ਨੇੜੇ ਇੱਕ ਸੈਲਾਨੀ ਕਿਸ਼ਤੀ ਪਲਟਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਇਸ ਦੁਖਦਾਈ ਘਟਨਾ ਵਿੱਚ 15 ਭਾਰਤੀ ਸੈਲਾਨੀਆਂ ਦੀ ਮੌਤ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਕਿਸ਼ਤੀ ਵਿੱਚ ਕੁੱਲ 36 ਲੋਕ ਸਵਾਰ ਸਨ, ਜਿਨ੍ਹਾਂ ਵਿੱਚੋਂ 32 ਭਾਰਤੀ ਨਾਗਰਿਕ ਦੱਸੇ ਜਾ ਰਹੇ ਹਨ। ਨਿਊਜ਼ ਏਜੰਸੀ ਰਾਇਟਰਜ਼ ਮੁਤਾਬਕ, ਹਾਦਸੇ ਤੋਂ ਬਾਅਦ 21 ਲੋਕਾਂ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ, ਜਦਕਿ ਲਾਪਤਾ ਸੈਲਾਨੀਆਂ ਦੀ ਭਾਲ ਲਈ ਬਚਾਅ ਮੁਹਿੰਮ ਜਾਰੀ ਹੈ। ਸਥਾਨਕ ਮੀਡੀਆ ਅਨੁਸਾਰ ਇਹ ਹਾਦਸਾ ਸਵੇਰੇ ਕਰੀਬ 10:30 ਵਜੇ ਵਾਪਰਿਆ। ਘਟਨਾ ਤੋਂ ਬਾਅਦ ਭਾਰਤੀ ਦੂਤਾਵਾਸ ਨੇ ਐਕਸ (X) 'ਤੇ ਜਾਰੀ ਬਿਆਨ ਵਿੱਚ ਕਿਹਾ ਕਿ ਫੂ ਕਵੋਕ ਟਾਪੂ ਦੇ ਨੇੜੇ ਕਈ ਭਾਰਤੀ ਸੈਲਾਨੀਆਂ ਨੂੰ ਲੈ ਕੇ ਜਾ ਰਹੀ ਇੱਕ ਕਿਸ਼ਤੀ ਪਲਟ ਗਈ ਹੈ। ਦੂਤਾਵਾਸ ਨੇ ਦੱਸਿਆ ਕਿ ਪ੍ਰਭਾਵਿਤ ਲੋਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸਹਾਇਤਾ ਲਈ ਹੋ ਚੀ ਮਿਨ੍ਹ ਸਿਟੀ ਸਥਿਤ ਭਾਰਤ ਦੇ ਕੌਂਸਲੇਟ ਜਨਰਲ ਅਤੇ ਹਨੋਈ ਸਥਿਤ ਭਾਰਤੀ ਦੂਤਾਵਾਸ ਵਿੱਚ ਵਿਸ਼ੇਸ਼ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ। ਭਾਰਤੀ ਦੂਤਾਵਾਸ ਨੇ ਇਹ ਵੀ ਕਿਹਾ ਕਿ ਘਟਨਾ ਨਾਲ ਸੰਬੰਧਿਤ ਸਾਰੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ ਅਤੇ ਸਥਾਨਕ ਪ੍ਰਸ਼ਾਸਨ ਨਾਲ ਲਗਾਤਾਰ ਸੰਪਰਕ ਬਣਾਇਆ ਹੋਇਆ ਹੈ। ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ ਲਈ ਹੈਲਪਲਾਈਨ ਨੰਬਰ +84 36 281 7930, +84 91 552 37 14 ਅਤੇ +84 33 452 0414 ਵੀ ਜਾਰੀ ਕੀਤੇ ਗਏ ਹਨ।