Daily Suraj

ਪੰਜਾਬੀ

ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਬੀਐਲਓ ਸੁਪਰਵਾਈਜ਼ਰਾਂ ਦੀ ਟਰੇਨਿੰਗ ਹੋਈ

12 Jun, 2026 06:26 PM

(ਜੁਗਰਾਜ ਸਿੰਘ ਚਹਿਲ) ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਣ ਲਈ ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਨਵਜੋਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਬੀਐਲਓ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਸਥਾਨਕ ਬੱਚਤ ਭਵਨ ਵਿਖੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ, ਮਾਨਸਾ ਸ੍ਰੀਮਤੀ ਬਲਜੀਤ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਮਾਸਟਰ ਟਰੇਨਰ ਸ੍ਰੀ ਵਿਨੇ, ਪ੍ਰਸ਼ਾਂਤ ਗਰਗ ਅਤੇ ਮਹਿੰਦਰ ਕੌਰ ਵੱਲੋਂ ਕਰਵਾਈ ਗਈ। ਟ੍ਰੇਨਿੰਗ ਦੌਰਾਨ ਅਧਿਕਾਰੀਆਂ ਵੱਲੋਂ ਸੁਪਰਵਾਈਜ਼ਰਾਂ ਨੂੰ ਵੋਟਰ ਸੂਚੀਆਂ ਦੀ ਸੋਧ, ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ, ਮ੍ਰਿਤਕ ਅਤੇ ਡੁਪਲੀਕੇਟ ਵੋਟਰਾਂ ਦੇ ਨਾਮ ਹਟਾਉਣ ਅਤੇ ਯੋਗ ਵੋਟਰਾਂ ਦੇ ਵੇਰਵਿਆਂ ਦੀ ਤਸਦੀਕ ਕਰਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਸ੍ਰੀਮਤੀ ਬਲਜੀਤ ਕੌਰ ਨੇ ਕਿਹਾ ਕਿ ਸਾਰੇ ਬੀਐਲਓ ਸੁਪਰਵਾਈਜ਼ਰ ਆਪਣੇ-ਆਪਣੇ ਖੇਤਰਾਂ ਵਿੱਚ ਬੂਥ ਲੈਵਲ ਅਫ਼ਸਰਾਂ (ਬੀਐਲਓਜ਼) ਦੀ ਕਾਰਗੁਜ਼ਾਰੀ ਦੀ ਨਿਗਰਾਨੀ ਕਰਨ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਰਿਵੀਜ਼ਨ ਕਾਰਜ ਨੂੰ ਸਮੇਂ ਸਿਰ ਮੁਕੰਮਲ ਕਰਵਾਉਣ ਯਕੀਨੀ ਬਣਾਉਣ। ਇਸ ਮੌਕੇ ਉਨ੍ਹਾਂ ਨੂੰ ਵੱਖ-ਵੱਖ ਫਾਰਮਾਂ ਦੀ ਵਰਤੋਂ, ਆਨਲਾਈਨ ਪੋਰਟਲ ਉੱਤੇ ਡਾਟਾ ਅਪਡੇਟ ਕਰਨ ਅਤੇ ਘਰ-ਘਰ ਸਰਵੇਖਣ ਸਬੰਧੀ ਵੀ ਜਾਣਕਾਰੀ ਦਿੱਤੀ ਗਈ। ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਨੇ ਕਿਹਾ ਕਿ ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣਾ ਚੋਣ ਪ੍ਰਕਿਰਿਆ ਦਾ ਅਹਿਮ ਹਿੱਸਾ ਹੈ। ਉਨ੍ਹਾਂ ਬੀਐਲਓ ਸੁਪਰਵਾਈਜ਼ਰਾਂ ਨੂੰ ਹਦਾਇਤ ਕੀਤੀ ਕਿ ਉਹ ਇਸ ਮੁਹਿੰਮ ਨੂੰ ਪੂਰੀ ਜ਼ਿੰਮੇਵਾਰੀ ਅਤੇ ਇਮਾਨਦਾਰੀ ਨਾਲ ਅਮਲ ਵਿੱਚ ਲਿਆਉਣ ਤਾਂ ਜੋ ਹਰ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿੱਚ ਦਰਜ ਹੋ ਸਕੇ। ਟ੍ਰੇਨਿੰਗ ਦੌਰਾਨ ਬੀਐਲਓ ਸੁਪਰਵਾਈਜ਼ਰਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ ਅਤੇ ਰਿਵੀਜ਼ਨ ਕਾਰਜ ਨਾਲ ਸਬੰਧਤ ਸ਼ੰਕਾਵਾਂ ਦਾ ਨਿਪਟਾਰਾ ਕੀਤਾ ਗਿਆ। ਇਸ ਚੋਣ ਤਹਿਸੀਲਦਾਰ ਸ੍ਰੀ ਭੂਸ਼ਣ ਕੁਮਾਰ ਤੋਂ ਇਲਾਵਾ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ।

Posted By: Daily Suraj Bureau

Latest News