ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ: ਗੱਠਜੋੜ ਦੀ ਚਰਚਾ ਵਿਚਾਲੇ ਅਕਾਲੀ ਦਲ ਤੇ 'ਆਪ' ਦੇ ਕਈ ਆਗੂ ਭਾਜਪਾ ਵਿੱਚ ਸ਼ਾਮਲ
- ਪੰਜਾਬ
- (Asia/Kolkata)
ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਸੰਭਾਵੀ ਗੱਠਜੋੜ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ਦਰਮਿਆਨ ਵੀਰਵਾਰ ਨੂੰ ਪੰਜਾਬ ਦੀ ਸਿਆਸਤ ਵਿੱਚ ਵੱਡੀ ਹਲਚਲ ਦੇਖਣ ਨੂੰ ਮਿਲੀ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਮੌਜੂਦਗੀ ਵਿੱਚ ਅਕਾਲੀ ਦਲ ਦੇ ਦੋ ਸੀਨੀਅਰ ਅਹੁਦੇਦਾਰਾਂ ਸਮੇਤ ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ ('ਆਪ') ਅਤੇ ਹੋਰ ਵੱਖ-ਵੱਖ ਧੜਿਆਂ ਦੇ ਦਰਜਨਾਂ ਆਗੂਆਂ ਨੇ ਭਾਜਪਾ ਦਾ ਪੱਲਾ ਫੜ ਲਿਆ। ਇਸ ਮੌਕੇ ਸੂਬਾ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਗੂਆਂ ਦੀ ਇਸ ਸ਼ਮੂਲੀਅਤ ਨੂੰ "ਟ੍ਰੇਲਰ" ਕਰਾਰ ਦਿੰਦਿਆਂ ਕਿਹਾ ਕਿ "ਪਿਕਚਰ" ਅਜੇ ਬਾਕੀ ਹੈ। ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਪ੍ਰਮੁੱਖ ਆਗੂਆਂ ਵਿੱਚ ਲੁਧਿਆਣਾ ਦੇ ਆਤਮ ਨਗਰ ਹਲਕੇ ਤੋਂ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਸੁਰਿੰਦਰ ਸਿੰਘ ਚੌਹਾਨ, ਸੂਬਾ ਸਕੱਤਰ ਜਸਵਿੰਦਰ ਕੌਰ ਸੋਹਲ ਅਤੇ ਕੌਮੀ ਯੂਥ ਅਕਾਲੀ ਦਲ ਦੇ ਮੀਤ ਪ੍ਰਧਾਨ ਰਮਨਦੀਪ ਸਿੰਘ ਚੌਹਾਨ ਦੇ ਨਾਮ ਸ਼ਾਮਲ ਹਨ। ਦੂਜੇ ਪਾਸੇ, ਆਮ ਆਦਮੀ ਪਾਰਟੀ ਤੋਂ ਪੰਜਾਬ ਦੇ ਸਾਬਕਾ ਵਿਦਿਆਰਥੀ ਆਗੂ ਤੇ ਬੁਲਾਰੇ ਨਵਦੀਪ ਸਿੰਘ ਸੰਘਾ ਦੀ ਅਗਵਾਈ ਹੇਠ ਮੋਗਾ ਤੋਂ ਇੱਕ ਵੱਡਾ ਜਥਾ ਭਾਜਪਾ ਵਿੱਚ ਸ਼ਾਮਲ ਹੋਇਆ, ਜਿਸ ਵਿੱਚ ਮਨਦੀਪ ਸਿੰਘ ਗਿੱਲ, ਮਨਪ੍ਰੀਤ ਸਿੰਘ ਰਿੰਕੂ ਅਤੇ ਸੁਖਦੀਪ ਸਿੰਘ ਧਾਮੀ ਪ੍ਰਮੁੱਖ ਹਨ। ਇਨ੍ਹਾਂ ਤੋਂ ਇਲਾਵਾ ਪੰਜਾਬ ਯੂਨੀਵਰਸਿਟੀ ਦੇ ਸਾਬਕਾ ਐੱਨ.ਐੱਸ.ਯੂ.ਆਈ. ਪ੍ਰਧਾਨ ਹਾਰਦਿਕ ਨੈਨ, ਆਲ ਇੰਡੀਆ ਹਿਊਮਨ ਰਾਈਟਸ ਕੌਂਸਲ ਦੀ 27 ਮੈਂਬਰੀ ਟੀਮ ਅਤੇ ਨਾਭਾ ਤੋਂ ਕਈ ਆਗੂ ਵੀ ਪਾਰਟੀ ਨਾਲ ਜੁੜੇ। ਇਸ ਮੌਕੇ ਸਾਬਕਾ ਡੀ.ਜੀ.ਪੀ. ਪੀ.ਐੱਸ. ਗਿੱਲ, ਵਿਜੇ ਸਾਂਪਲਾ ਅਤੇ ਡਾ. ਹਰਜੋਤ ਕਮਲ ਵੀ ਸਮਾਗਮ ਵਿੱਚ ਹਾਜ਼ਰ ਸਨ। ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਦੀ ਵਿੱਤੀ ਸਥਿਤੀ 'ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸੂਬੇ ਸਿਰ ਕਰਜ਼ਾ 2.6 ਲੱਖ ਕਰੋੜ ਤੋਂ ਵਧ ਕੇ 5 ਲੱਖ ਕਰੋੜ ਰੁਪਏ ਤੱਕ ਪਹੁੰਚ ਗਿਆ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਚੋਣ ਜ਼ਾਬਤਾ ਜਲਦੀ ਲਾਗੂ ਨਾ ਹੋਇਆ, ਤਾਂ ਸਰਕਾਰ ਕੋਲ ਮੁਲਾਜ਼ਮਾਂ ਨੂੰ ਤਨਖ਼ਾਹਾਂ ਦੇਣ ਲਈ ਵੀ ਪੈਸੇ ਨਹੀਂ ਬਚਣਗੇ। ਢਿੱਲੋਂ ਨੇ ਦਾਅਵਾ ਕੀਤਾ ਕਿ ਹਰਿਆਣਾ ਦੇ ਇੱਕ ਸ਼ਹਿਰ ਦਾ ਜੀ.ਐੱਸ.ਟੀ. ਪੰਜਾਬ ਦੇ ਕੁੱਲ ਮਾਲੀਏ ਨਾਲੋਂ ਵੱਧ ਹੈ ਅਤੇ ਹਰਿਆਣਾ 24 ਫ਼ਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਪ੍ਰਦਾਨ ਕਰਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਮੋਦੀ ਸਰਕਾਰ ਨੇ ਪਿਛਲੇ 12 ਸਾਲਾਂ ਵਿੱਚ ਪੰਜਾਬ ਨੂੰ 17.5 ਲੱਖ ਕਰੋੜ ਰੁਪਏ ਦਿੱਤੇ ਹਨ। ਦੂਜੇ ਪਾਸੇ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ 'ਆਪ' ਸਰਕਾਰ ਵੱਲੋਂ ਫੰਡ ਕੀਤੇ ਗਏ ਗੋਡੇ ਬਦਲਣ ਦੇ ਅਪਰੇਸ਼ਨਾਂ ਵਿੱਚ ਕਰੋੜਾਂ ਰੁਪਏ ਦਾ ਭ੍ਰਿਸ਼ਟਾਚਾਰ ਕਰਕੇ ਨਕਲੀ ਇੰਪਲਾਂਟ (ਪੁਰਜ਼ੇ) ਵਰਤੇ ਗਏ ਹਨ, ਜਿਸ ਦਾ ਖਮਿਆਜ਼ਾ ਮਰੀਜ਼ਾਂ ਨੂੰ ਦੋ-ਤਿੰਨ ਮਹੀਨਿਆਂ ਵਿੱਚ ਭੁਗਤਣਾ ਪਵੇਗਾ। ਹਾਲਾਂਕਿ, ਉਨ੍ਹਾਂ ਇਸ ਸਬੰਧੀ ਕੋਈ ਠੋਸ ਸਬੂਤ ਜਾਂ ਕਿਸੇ ਹਸਪਤਾਲ ਦਾ ਨਾਮ ਜਨਤਕ ਨਹੀਂ ਕੀਤਾ। ਸੈਣੀ ਨੇ 'ਆਪ' ਅਤੇ ਕਾਂਗਰਸ 'ਤੇ ਝੂਠੇ ਵਾਅਦੇ ਕਰਨ ਦਾ ਦੋਸ਼ ਲਾਉਂਦਿਆਂ ਨਾਜਾਇਜ਼ ਮਾਈਨਿੰਗ ਦੇ ਮੁੱਦੇ 'ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਵੀ ਮਜ਼ਾਕ ਉਡਾਇਆ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਗਾਰੰਟੀ ਮੁਤਾਬਕ 2029 ਤੱਕ ਪੰਜਾਬ ਨੂੰ ਨਸ਼ਾ ਮੁਕਤ ਕੀਤਾ ਜਾਵੇਗਾ ਅਤੇ ਸੂਬੇ ਦੇ ਲੋਕਾਂ ਨੇ ਪੰਜਾਬ ਵਿੱਚ "ਡਬਲ ਇੰਜਣ" ਸਰਕਾਰ ਬਣਾਉਣ ਦਾ ਮਨ ਬਣਾ ਲਿਆ ਹੈ।
Leave a Reply