ਅੰਮ੍ਰਿਤਸਰ ‘ਚ ਸੁਨਿਆਰੇ ਨੂੰ ਧਮਕੀਭਰੀ ਕਾਲ, 30 ਲੱਖ ਦੀ ਫਿਰੌਤੀ ਮੰਗੀ
- ਪੰਜਾਬ
- (Asia/Kolkata)
ਵਿਦੇਸ਼ੀ ਨੰਬਰਾਂ ਤੋਂ ਮਿਲ ਰਹੀਆਂ ਨੇ ਜਾਨੋਂ ਮਾਰਨ ਦੀਆਂ ਧਮਕੀਆਂ: ਪੁਲੀਸ ਵੱਲੋਂ ਮਾਮਲਾ ਦਰਜ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਇੱਕ ਜਵੈਲਰ (ਸੁਨਿਆਰੇ) ਨੂੰ ਅਣਪਛਾਤੇ ਵਿਦੇਸ਼ੀ ਨੰਬਰਾਂ ਤੋਂ ਲਗਾਤਾਰ ਜਬਰੀ ਵਸੂਲੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਕਾਰਤਿਕ ਮਲਹੋਤਰਾ (30), ਜੋ ‘ਮਲਹੋਤਰਾ ਜਵੈਲਰ’ ਨਾਮ ਦੀ ਦੁਕਾਨ ਚਲਾਉਂਦਾ ਹੈ, ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਤੋਂ 30 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਹੈ। ਇਹ ਸਿਲਸਿਲਾ 17 ਦਸੰਬਰ ਤੋਂ ਸ਼ੁਰੂ ਹੋਇਆ ਸੀ, ਜਦੋਂ ਉਸ ਨੂੰ ਵਟਸਐਪ (WhatsApp) ’ਤੇ ਵਿਦੇਸ਼ੀ ਨੰਬਰ ਤੋਂ ਫੋਨ ਆਇਆ ਅਤੇ ਪੈਸੇ ਨਾ ਦੇਣ ਦੀ ਸੂਰਤ ਵਿੱਚ ਉਸ ਨੂੰ ਅਤੇ ਉਸ ਦੇ ਭਰਾ ਅੰਕਿਤ ਨੂੰ ਗੰਭੀਰ ਨਤੀਜੇ ਭੁਗਤਣ ਦੀ ਧਮਕੀ ਦਿੱਤੀ ਗਈ। ਖੌਫ਼ ਦੇ ਮਾਰੇ ਪੀੜਤ ਨੇ ਆਪਣਾ ਵਟਸਐਪ ਖਾਤਾ ਡੀਐਕਟੀਵੇਟ ਕਰ ਦਿੱਤਾ ਸੀ, ਪਰ ਕੁਝ ਦਿਨਾਂ ਬਾਅਦ ਦੁਬਾਰਾ ਚਾਲੂ ਕਰਨ ’ਤੇ ਧਮਕੀਆਂ ਫਿਰ ਤੋਂ ਸ਼ੁਰੂ ਹੋ ਗਈਆਂ। ਪੁਲੀਸ ਨੇ ਇਸ ਮਾਮਲੇ ਵਿੱਚ ਭਾਰਤੀ ਨਿਆਂ ਸੰਹਿਤਾ (BNS) ਦੀਆਂ ਧਾਰਾਵਾਂ 308(4) ਅਤੇ 351(2) ਦੇ ਤਹਿਤ ਕੇਸ ਦਰਜ ਕਰ ਲਿਆ ਹੈ। ਐਸ.ਪੀ. (ਇਨਵੈਸਟੀਗੇਸ਼ਨ) ਆਦਿਤਿਆ ਵਾਰੀਅਰ ਨੇ ਦੱਸਿਆ ਕਿ ਪੁਲੀਸ ਇਨ੍ਹਾਂ ਕੌਮਾਂਤਰੀ ਨੰਬਰਾਂ ਦੀ ਜਾਂਚ ਕਰ ਰਹੀ ਹੈ ਅਤੇ ਕਾਲਰ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਮੁਲਜ਼ਮਾਂ ਨੂੰ ਜਲਦ ਕਾਬੂ ਕੀਤਾ ਜਾ ਸਕੇ।
Leave a Reply