ਗੁਰਦੁਆਰਾ ਰਕਾਬ ਗੰਜ ਸਾਹਿਬ ਤੋਂ ਸੰਸਦ ਵੱਲ ਕੂਚ, ਗਿਆਨੀ ਹਰਪ੍ਰੀਤ ਸਿੰਘ ਹਿਰਾਸਤ ’ਚ
- ਪੰਜਾਬ
- (Asia/Kolkata)
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀਆਂ ਆਮ ਚੋਣਾਂ ਜਲਦੀ ਕਰਵਾਉਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਰੋਸ ਮਾਰਚ ਕੱਢਿਆ ਗਿਆ। ਪਾਰਟੀ ਦੇ ਪ੍ਰਧਾਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਗੁਰਦੁਆਰਾ ਰਕਾਬ ਗੰਜ ਸਾਹਿਬ ਤੋਂ ਸੰਸਦ ਭਵਨ ਵੱਲ ਮਾਰਚ ਕੀਤਾ ਗਿਆ। ਹਾਲਾਂਕਿ, ਦਿੱਲੀ ਪੁਲੀਸ ਨੇ ਇਸ ਮਾਰਚ ਨੂੰ ਰਸਤੇ ਵਿੱਚ ਹੀ ਰੋਕ ਦਿੱਤਾ ਅਤੇ ਗਿਆਨੀ ਹਰਪ੍ਰੀਤ ਸਿੰਘ ਸਮੇਤ ਕਈ ਪ੍ਰਮੁੱਖ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ।
ਪਾਰਟੀ ਵੱਲੋਂ ਪਹਿਲਾਂ ਕੀਤੇ ਐਲਾਨ ਮੁਤਾਬਕ ਆਗੂਆਂ, ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਸਿੱਖ ਸੰਗਤ ਨੇ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਇਕੱਠੇ ਹੋ ਕੇ ਸੰਸਦ ਵੱਲ ਰੋਸ ਮਾਰਚ ਕਰਨਾ ਸੀ। ਇਸ ਮੌਕੇ ਪ੍ਰਧਾਨ ਮੰਤਰੀ ਦੇ ਨਾਂ ਮੰਗ ਪੱਤਰ ਸੌਂਪਣ ਦਾ ਵੀ ਪ੍ਰੋਗਰਾਮ ਸੀ।
15 ਸਾਲਾਂ ਤੋਂ ਚੋਣਾਂ ਨਾ ਕਰਵਾਉਣ ’ਤੇ ਇਤਰਾਜ਼
ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਪਿਛਲੇ ਲਗਪਗ 15 ਸਾਲਾਂ ਤੋਂ ਨਹੀਂ ਕਰਵਾਈਆਂ ਗਈਆਂ। ਇਸ ਕਾਰਨ ਸਿੱਖਾਂ ਦੀ ਇਸ ਪ੍ਰਮੁੱਖ ਧਾਰਮਿਕ ਸੰਸਥਾ ਵਿੱਚ ਲੋਕਤੰਤਰੀ ਪ੍ਰਕਿਰਿਆ ਪ੍ਰਭਾਵਿਤ ਹੋ ਰਹੀ ਹੈ।
ਪਾਰਟੀ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਚੋਣਾਂ ਕਰਵਾਉਣ ਦੇ ਰਾਹ ਵਿੱਚ ਆ ਰਹੀਆਂ ਕਾਨੂੰਨੀ ਰੁਕਾਵਟਾਂ ਦੂਰ ਕੀਤੀਆਂ ਜਾਣ ਅਤੇ ਜਲਦੀ ਚੋਣਾਂ ਦਾ ਐਲਾਨ ਕੀਤਾ ਜਾਵੇ।
ਹੋਰ ਪੰਥਕ ਮੁੱਦੇ ਵੀ ਉਠਾਉਣੇ ਸਨ
ਰੋਸ ਮਾਰਚ ਦੌਰਾਨ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਅਤੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਹੋਰ ਪੰਥਕ ਮਸਲੇ ਵੀ ਉਠਾਏ ਜਾਣੇ ਸਨ।
ਇਸ ਪ੍ਰਦਰਸ਼ਨ ਵਿੱਚ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਇਲਾਵਾ ਸੀਨੀਅਰ ਅਕਾਲੀ ਆਗੂ ਪੀਰ ਮੁਹੰਮਦ, ਪੰਜਾਬ ਦੇ ਹੋਰ ਆਗੂਆਂ ਅਤੇ ਦਿੱਲੀ ਦੀ ਸਿੱਖ ਸੰਗਤ ਨੇ ਸ਼ਮੂਲੀਅਤ ਕੀਤੀ।
ਮਾਰਚ ਤੋਂ ਪਹਿਲਾਂ ਹੋਈ ਸੀ ਮੀਟਿੰਗ
ਰੋਸ ਮਾਰਚ ਤੋਂ ਪਹਿਲਾਂ ਗੁਰਦੁਆਰਾ ਰਕਾਬ ਗੰਜ ਸਾਹਿਬ ਕੰਪਲੈਕਸ ਵਿੱਚ ਇੱਕ ਮੀਟਿੰਗ ਵੀ ਹੋਈ। ਇਸ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਆਗੂ ਸ਼ਾਮਲ ਹੋਏ। ਮੀਟਿੰਗ ਦੌਰਾਨ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਵਿੱਚ ਕੇਂਦਰ ਸਰਕਾਰ ਵੱਲੋਂ ਹੋ ਰਹੀ ਦੇਰੀ ਦੇ ਮੁੱਦੇ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਤੋਂ ਬਾਅਦ ਗੁਰਦੁਆਰਾ ਰਕਾਬ ਗੰਜ ਸਾਹਿਬ ਤੋਂ ਸੰਸਦ ਵੱਲ ਮਾਰਚ ਸ਼ੁਰੂ ਕੀਤਾ ਗਿਆ, ਪਰ ਦਿੱਲੀ ਪੁਲੀਸ ਨੇ ਇਸ ਨੂੰ ਪੰਡਿਤ ਮਾਰਗ ਵੱਲ ਜਾਂਦੇ ਰਸਤੇ ਵਿੱਚ ਹੀ ਰੋਕ ਦਿੱਤਾ। ਇਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਸਮੇਤ ਹੋਰ ਅਹਿਮ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ।
Leave a Reply