ਗਗਨਦੀਪ ਰੰਧਾਵਾ ਮਾਮਲਾ: ਅਦਾਲਤ ਨੇ ਭੁੱਲਰ ਦਾ ਰਿਮਾਂਡ ਮਨਜ਼ੂਰ ਕੀਤਾ
- ਪੰਜਾਬ
- (Asia/Kolkata)
ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਪੁਲੀਸ ਵੱਲੋਂ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਨ੍ਹਾਂ ਨੂੰ ਪੰਜ ਦਿਨਾਂ ਦੇ ਪੁਲੀਸ ਰਿਮਾਂਡ 'ਤੇ ਭੇਜ ਦਿੱਤਾ। ਭੁੱਲਰ ਨੂੰ ਇੱਕ ਦਿਨ ਪਹਿਲਾਂ ਮੰਡੀ ਗੋਬਿੰਦਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਮਾਮਲੇ ਦੇ ਵੇਰਵਿਆਂ ਅਨੁਸਾਰ, ਪੁਲੀਸ ਨੇ ਅਦਾਲਤ ਕੋਲ ਪੁੱਛਗਿੱਛ ਲਈ ਸੱਤ ਦਿਨਾਂ ਦਾ ਰਿਮਾਂਡ ਮੰਗਿਆ ਸੀ। ਦੋਵਾਂ ਪੱਖਾਂ ਦੇ ਵਕੀਲਾਂ ਦੀ ਦਲੀਲ ਸੁਣਨ ਤੋਂ ਬਾਅਦ ਅਦਾਲਤ ਨੇ ਪੰਜ ਦਿਨਾਂ ਦਾ ਰਿਮਾਂਡ ਮਨਜ਼ੂਰ ਕੀਤਾ। ਅਦਾਲਤ ਵਿੱਚ ਪੇਸ਼ੀ ਦੌਰਾਨ ਕੜੇ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ ਅਤੇ ਮੀਡੀਆ ਨੂੰ ਵੀ ਦੂਰ ਰੱਖਣ ਦੀ ਕੋਸ਼ਿਸ਼ ਕੀਤੀ ਗਈ। ਇਸ ਮੌਕੇ ਭੁੱਲਰ ਦੇ ਹਮਾਇਤੀ ਵੱਡੀ ਗਿਣਤੀ ਵਿੱਚ ਮੌਜੂਦ ਸਨ, ਜਿਨ੍ਹਾਂ ਨੇ ਉਸ ਦੇ ਹੱਕ ਵਿੱਚ ਨਾਅਰੇਬਾਜ਼ੀ ਕੀਤੀ। ਇਸ ਦੇ ਨਾਲ ਹੀ ਪੰਜਾਬ ਸਟੇਟ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ, ਜਿਨ੍ਹਾਂ ਨੇ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰ ਲਈ ਸੀ, ਦਾ ਅੱਜ ਸ਼ਾਮ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਕਾਰਜਕਾਰੀ ਮੈਜਿਸਟ੍ਰੇਟ ਦੀ ਦੇਖਰੇਖ ਹੇਠ ਮ੍ਰਿਤਕ ਦੇਹ ਦਾ ਪੋਸਟਮਾਰਟਮ ਕੀਤਾ ਗਿਆ। ਪੁਲੀਸ ਦੇ ਅਨੁਸਾਰ, ਰਿਮਾਂਡ ਦੀ ਮੰਗ ਦੌਰਾਨ ਵੱਖ-ਵੱਖ ਸਬੂਤਾਂ ਦੀ ਬਰਾਮਦਗੀ ਨੂੰ ਲੈ ਕੇ ਦਲੀਲਾਂ ਪੇਸ਼ ਕੀਤੀਆਂ ਗਈਆਂ। ਪੋਸਟਮਾਰਟਮ ਦੌਰਾਨ ਸਾਰੀ ਕਾਰਵਾਈ ਦੀ ਵੀਡੀਓਗ੍ਰਾਫੀ ਅਤੇ ਫੋਟੋਗ੍ਰਾਫੀ ਵੀ ਕਰਵਾਈ ਗਈ ਹੈ। ਉੱਧਰ, ਮ੍ਰਿਤਕ ਦੇ ਪਰਿਵਾਰ ਵੱਲੋਂ ਇਸ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਏਜੰਸੀ (ਸੀਬੀਆਈ) ਤੋਂ ਕਰਵਾਉਣ ਦੀ ਮੰਗ ਕੀਤੀ ਗਈ ਹੈ। ਇਹ ਮਾਮਲਾ ਇਸ ਸਮੇਂ ਸਿਆਸੀ ਅਤੇ ਪ੍ਰਸ਼ਾਸਨਿਕ ਪੱਧਰ 'ਤੇ ਚਰਚਾ ਦਾ ਕੇਂਦਰ ਬਣਿਆ ਹੋਇਆ ਹੈ।
Leave a Reply