ਅੰਮ੍ਰਿਤਸਰ ਵਿੱਚ SGPC ਦਾ ਪ੍ਰਦਰਸ਼ਨ, ‘ਸਤਲੁਜ’ ਫ਼ਿਲਮ ਤੋਂ ਪਾਬੰਦੀ ਹਟਾਉਣ ਦੀ ਕੀਤੀ ਮੰਗ
ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਸਿੱਖਾਂ ਨਾਲ ਹੋਈਆਂ ਵਧੀਕੀਆਂ ’ਤੇ ਆਧਾਰਿਤ ਫ਼ਿਲਮ ‘ਸਤਲੁਜ’ ’ਤੇ ਲਗਾਈ ਗਈ ਰੋਕ ਦੇ ਵਿਰੋਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਅੱਜ ਅੰਮ੍ਰਿਤਸਰ ਵਿੱਚ ਰੋਸ ਮਾਰਚ ਕੱਢਿਆ ਗਿਆ। ਇਹ ਮਾਰਚ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਸਥਿਤ ਸੂਚਨਾ ਕੇਂਦਰ ਤੋਂ ਸ਼ੁਰੂ ਹੋ ਕੇ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਪਹੁੰਚਿਆ, ਜਿੱਥੇ ਪ੍ਰਸ਼ਾਸਨ ਨੂੰ ਮੰਗ ਪੱਤਰ ਸੌਂਪਿਆ ਗਿਆ। ਰੋਸ ਮਾਰਚ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੈਂਬਰ, ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਬੈਨਰ ਲੈ ਕੇ ਅਤੇ ਨਾਅਰੇਬਾਜ਼ੀ ਕਰਦੇ ਹੋਏ ਮਾਰਚ ਵਿੱਚ ਸ਼ਾਮਲ ਹੋਏ। ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਫ਼ਿਲਮ ‘ਸਤਲੁਜ’ ਵਿੱਚ ਭਾਈ ਜਸਵੰਤ ਸਿੰਘ ਖਾਲੜਾ ਵੱਲੋਂ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਕੀਤੇ ਗਏ ਸੰਘਰਸ਼ ਨੂੰ ਦਰਸਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਫ਼ਿਲਮ ਵਿੱਚ ਸਿੱਖ ਨੌਜਵਾਨਾਂ ਨਾਲ ਹੋਏ ਪੁਲਿਸ ਅੱਤਿਆਚਾਰਾਂ ਅਤੇ ਉਨ੍ਹਾਂ ਬੇਕਸੂਰ ਨੌਜਵਾਨਾਂ ਨੂੰ ਇਨਸਾਫ਼ ਦਿਵਾਉਣ ਲਈ ਭਾਈ ਜਸਵੰਤ ਸਿੰਘ ਖਾਲੜਾ ਵੱਲੋਂ ਕੀਤੇ ਗਏ ਯਤਨਾਂ ਨੂੰ ਵੀ ਪੇਸ਼ ਕੀਤਾ ਗਿਆ ਹੈ, ਜਿਨ੍ਹਾਂ ਨੂੰ ਪੁਲਿਸ ਵੱਲੋਂ ਕਥਿਤ ਤੌਰ ’ਤੇ ਝੂਠੇ ਮੁਕਾਬਲਿਆਂ ਨਾਲ ਜੋੜਿਆ ਗਿਆ ਸੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਇਹ ਫ਼ਿਲਮ ਸਿੱਖਾਂ ਨਾਲ ਹੋਈਆਂ ਵਧੀਕੀਆਂ ਨੂੰ ਸਾਹਮਣੇ ਲਿਆਉਂਦੀ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਸਰਕਾਰ ਵੱਲੋਂ ਫ਼ਿਲਮ ’ਤੇ ਰੋਕ ਲਗਾਉਣਾ ਸੱਚ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਹੈ, ਜਿਸ ਨੂੰ ਉਨ੍ਹਾਂ ਨੇ ਗੈਰ-ਵਾਜਬ ਕਰਾਰ ਦਿੱਤਾ।
Posted By: Daily Suraj Bureau