ਬੱਚੇਦਾਨੀ ਦੇ ਮੂੰਹ ਦੇ ਕੈਂਸਰ ਤੋਂ ਬਚਾਅ ਲਈ ਐੱਚ.ਪੀ.ਵੀ. ਵੈਕਸੀਨੇਸ਼ਨ ਮੁਹਿੰਮ ਜਾਰੀ
- ਸੰਗਰੂਰ
- (Asia/Kolkata)
-ਵੈਕਸੀਨ 14 ਤੋਂ 15 ਸਾਲ ਦੀਆਂ ਲੜਕੀਆਂ ਲਈ ਸੁਰੱਖਿਅਤ ਤੇ ਪ੍ਰਭਾਵਸ਼ਾਲੀ - ਡਾ. ਮਨਿਤਾ ਬਾਂਸਲ (ਜਗਸੀਰ ਸਿੰਘ) - ਸਿਵਲ ਸਰਜਨ ਡਾ. ਅਮਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਕਾਰਜਕਾਰੀ ਸੀਨੀਅਰ ਮੈਡੀਕਲ ਅਫ਼ਸਰ ਡਾ. ਮਨਿਤਾ ਬਾਂਸਲ ਦੀ ਅਗਵਾਈ ਵਿੱਚ ਸੀ.ਐੱਚ.ਸੀ. ਲੌਂਗੋਵਾਲ ਵਿਖੇ ਘਾਤਕ ਬਿਮਾਰੀ ਸਰਵਾਈਕਲ ਕੈਂਸਰ (ਬੱਚੇਦਾਨੀ ਦੇ ਮੂੰਹ ਦਾ ਕੈਂਸਰ) ਤੋਂ ਬਚਾਅ ਲਈ 'ਹਿਊਮਨ ਪੈਪੀਲੋਮਾ ਵਾਇਰਸ' ਵੈਕਸੀਨੇਸ਼ਨ ਮੁਹਿੰਮ ਜਾਰੀ ਹੈ। ਡਾ. ਮਨਿਤਾ ਬਾਂਸਲ ਨੇ ਦੱਸਿਆ ਕਿ ਇਹ ਮੁਹਿੰਮ 3 ਮਹੀਨੇ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਇਹ ਐੱਚ.ਪੀ.ਵੀ. ਵੈਕਸੀਨ 14 ਤੋਂ 15 ਸਾਲ ਤੱਕ ਦੀਆਂ ਲੜਕੀਆਂ ਲਈ ਬਹੁਤ ਹੀ ਪ੍ਰਭਾਵਸ਼ਾਲੀ ਅਤੇ ਸੁਰੱਖਿਅਤ ਹੈ। ਉਨ੍ਹਾਂ ਦੱਸਿਆ ਕਿ ਵਿਸ਼ਵ ਭਰ ਵਿੱਚ ਔਰਤਾਂ ਵਿੱਚ ਸਰਵਾਈਕਲ ਕੈਂਸਰ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਸਿਹਤ ਵਿਭਾਗ ਵੱਲੋਂ ਇਹ ਅਹਿਮ ਕਦਮ ਚੁੱਕਿਆ ਗਿਆ ਹੈ ਤਾਂ ਜੋ ਭਵਿੱਖ ਵਿੱਚ ਇਸ ਬਿਮਾਰੀ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ। ਡਾ. ਬਾਂਸਲ ਨੇ ਦੱਸਿਆ ਕਿ ਹਿਊਮਨ ਪੈਪੀਲੋਮਾ ਵਾਇਰਸ ਸਰਵਾਈਕਲ ਕੈਂਸਰ ਦਾ ਮੁੱਖ ਕਾਰਨ ਹੈ ਅਤੇ ਜੇਕਰ ਸਹੀ ਉਮਰ ਵਿੱਚ ਇਹ ਟੀਕਾਕਰਨ ਕਰਵਾ ਲਿਆ ਜਾਵੇ, ਤਾਂ ਇਸ ਕੈਂਸਰ ਦੇ ਖ਼ਤਰੇ ਨੂੰ ਲਗਭਗ 90 ਫੀਸਦੀ ਤੱਕ ਘਟਾਇਆ ਜਾ ਸਕਦਾ ਹੈ। ਸੀਨੀਅਰ ਮੈਡੀਕਲ ਅਫ਼ਸਰ ਨੇ ਅਪੀਲ ਕੀਤੀ ਕਿ ਮਾਪੇ ਬਿਨਾਂ ਕਿਸੇ ਡਰ ਜਾਂ ਅਫਵਾਹ ਦੇ ਆਪਣੀਆਂ ਧੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ। ਇਹ ਵੈਕਸੀਨ ਮੁਫ਼ਤ ਲਗਾਈ ਜਾ ਰਹੀ ਹੈ। ਡਾ. ਰਮਨ ਗੋਇਲ ਨੇ ਸਮੂਹ ਨਾਗਰਿਕਾਂ ਨੂੰ ਇਸ ਮੁਹਿੰਮ ਨੂੰ ਸਫਲ ਬਣਾਉਣ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ ਤਾਂ ਜੋ ਇੱਕ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਇਸ ਮੌਕੇ ਐਲ ਐਚ ਵੀ ਸਪਿੰਦਰ ਸ਼ਰਮਾ ਤੇ ਸਮੂਹ ਆਸ਼ਾ ਹਾਜ਼ਰ ਸਨ।
Leave a Reply