ਸ਼ਰਧਾਲੂਆਂ ਲਈ ਬਣੀ ਟੈਂਟ ਸਿਟੀ ਵਿੱਚ ਅੱਗ, ਫਾਇਰ ਬ੍ਰਿਗੇਡ ਨੇ ਹਾਲਾਤ 'ਤੇ ਪਾਇਆ ਕਾਬੂ
ਸ੍ਰੀ ਅਨੰਦਪੁਰ ਸਾਹਿਬ ਦੇ ਅਗੰਮਪੁਰ ਵਿਖੇ ਸ਼ਰਧਾਲੂਆਂ ਦੀ ਸਹੂਲਤ ਲਈ ਸਰਕਾਰ ਵੱਲੋਂ ਬਣਾਈ ਗਈ ਟੈਂਟ ਸਿਟੀ ਵਿੱਚ ਸੋਮਵਾਰ ਨੂੰ ਅਚਾਨਕ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ। ਮੁੱਢਲੀ ਜਾਣਕਾਰੀ ਅਨੁਸਾਰ, ਅੱਗ ਲੱਗਣ ਤੋਂ ਤੁਰੰਤ ਬਾਅਦ ਮੌਕੇ 'ਤੇ ਮੌਜੂਦ ਸਾਰੇ ਸ਼ਰਧਾਲੂਆਂ ਅਤੇ ਯਾਤਰੀਆਂ ਨੂੰ ਸੁਰੱਖਿਅਤ ਢੰਗ ਨਾਲ ਬਾਹਰ ਕੱਢ ਲਿਆ ਗਿਆ। ਇਸ ਘਟਨਾ ਵਿੱਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਮਿਲੀ ਹੈ। ਘਟਨਾ ਦੀ ਜਾਣਕਾਰੀ ਮਿਲਣ ਉਪਰੰਤ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ 'ਤੇ ਪਹੁੰਚੀਆਂ ਅਤੇ ਤੁਰੰਤ ਕਾਰਵਾਈ ਕਰਦਿਆਂ ਅੱਗ 'ਤੇ ਕਾਬੂ ਪਾ ਲਿਆ। ਸਮੇਂ ਸਿਰ ਕੀਤੀ ਗਈ ਕਾਰਵਾਈ ਕਾਰਨ ਅੱਗ ਨੂੰ ਹੋਰ ਫੈਲਣ ਤੋਂ ਰੋਕਿਆ ਗਿਆ। ਜ਼ਿਕਰਯੋਗ ਹੈ ਕਿ ਇਹ ਟੈਂਟ ਸਿਟੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਆਉਣ ਵਾਲੇ ਸ਼ਰਧਾਲੂਆਂ ਦੇ ਠਹਿਰਣ ਲਈ ਸਰਕਾਰ ਵੱਲੋਂ ਬਣਾਈ ਗਈ ਸੀ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਬਾਰੇ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
Posted By: Daily Suraj Bureau