ਜਥੇਦਾਰ ਜਗਦੀਸ਼ ਸਿੰਘ ਝੀਂਡਾ ਦੀ ਅਗਵਾਈ ਹੇਠ ਮੀਟਿੰਗ, ਬਜਟ ਪਾਸ ਕਰਨ ਲਈ ਕਮਿਸ਼ਨ ਨੂੰ ਅਪੀਲ
- ਹਰਿਆਣਾ
- (Asia/Kolkata)
ਕੁਰੂਕਸ਼ੇਤਰ ਸਥਿਤ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਮੁੱਖ ਦਫ਼ਤਰ ਵਿੱਚ ਕਾਰਜਕਾਰਨੀ ਦੀ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਇਸ ਬੈਠਕ ਦੀ ਅਗਵਾਈ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ ਨੇ ਕੀਤੀ। ਮੀਟਿੰਗ ਦੌਰਾਨ ਪਿਛਲੇ ਸਮੇਂ ਦੌਰਾਨ ਕੀਤੇ ਗਏ ਕਾਰਜਾਂ ਦੀ ਸਮੀਖਿਆ ਕੀਤੀ ਗਈ ਅਤੇ ਸਾਰੇ ਫੈਸਲਿਆਂ ਨੂੰ ਸਰਬਸੰਮਤੀ ਨਾਲ ਮਨਜ਼ੂਰੀ ਦਿੱਤੀ ਗਈ। ਮੀਟਿੰਗ ਵਿੱਚ ਗੁਰੂ ਘਰਾਂ ਦੇ ਪ੍ਰਬੰਧਾਂ ਨੂੰ ਹੋਰ ਸੁਚਾਰੂ ਅਤੇ ਬਿਹਤਰ ਬਣਾਉਣ ਲਈ ਵੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਕਮੇਟੀ ਦੇ ਮੈਂਬਰ ਇੰਦਰਜੀਤ ਸਿੰਘ, ਹਰਮਨਪ੍ਰੀਤ ਸਿੰਘ, ਕੁਲਦੀਪ ਸਿੰਘ ਫੱਗੂ, ਬਲਵਿੰਦਰ ਸਿੰਘ ਖਾਲਸਾ ਅਤੇ ਮੋਹਨਜੀਤ ਸਿੰਘ ਪਾਣੀਪਤ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਜਥੇਦਾਰ ਜਗਦੀਸ਼ ਸਿੰਘ ਝੀਂਡਾ ਨੇ ਦੱਸਿਆ ਕਿ ਕਾਰਜਕਾਰਨੀ ਕਮੇਟੀ ਨੇ ਪਿਛਲੇ ਸਮੇਂ ਦੌਰਾਨ ਕੀਤੇ ਸਾਰੇ ਕੰਮਾਂ ਅਤੇ ਲਏ ਗਏ ਫੈਸਲਿਆਂ ਦੀ ਪੁਸ਼ਟੀ ਕਰ ਦਿੱਤੀ ਹੈ। ਉਨ੍ਹਾਂ ਹਰਿਆਣਾ ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਨੂੰ ਅਪੀਲ ਕੀਤੀ ਕਿ ਸੰਸਥਾ ਦਾ ਬਜਟ ਜਲਦ ਤੋਂ ਜਲਦ ਪਾਸ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬਜਟ ਦੀ ਮਨਜ਼ੂਰੀ ਵਿੱਚ ਹੋ ਰਹੀ ਦੇਰੀ ਕਾਰਨ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਵਿਕਾਸ ਕਾਰਜਾਂ ਅਤੇ ਰੋਜ਼ਾਨਾ ਦੇ ਪ੍ਰਸ਼ਾਸਕੀ ਕੰਮ ਪ੍ਰਭਾਵਿਤ ਹੋ ਸਕਦੇ ਹਨ। ਇਸ ਲਈ ਕਮਿਸ਼ਨ ਨੂੰ ਚਾਹੀਦਾ ਹੈ ਕਿ ਇਸ ਮਾਮਲੇ ’ਤੇ ਤੁਰੰਤ ਧਿਆਨ ਦਿੱਤਾ ਜਾਵੇ ਤਾਂ ਜੋ ਕਮੇਟੀ ਦੇ ਕੰਮ ਸੁਚਾਰੂ ਢੰਗ ਨਾਲ ਜਾਰੀ ਰਹਿ ਸਕਣ। ਇਸ ਮੀਟਿੰਗ ਵਿੱਚ ਜਨਰਲ ਸਕੱਤਰ ਹਰਜੀਤ ਸਿੰਘ ਰਾਨੀਆ, ਸੰਯੁਕਤ ਸਕੱਤਰ ਬਲਵਿੰਦਰ ਸਿੰਘ ਭਿੰਡਰ, ਕਾਰਜਕਾਰਨੀ ਮੈਂਬਰ ਜਥੇਦਾਰ ਕਰਨੈਲ ਸਿੰਘ ਨਿਮਨਾਬਾਦ, ਪਲਵਿੰਦਰ ਸਿੰਘ, ਕੁਲਦੀਪ ਸਿੰਘ ਮੁਲਤਾਨੀ, ਰੁਪਿੰਦਰ ਸਿੰਘ, ਚੀਫ ਸੈਕਟਰੀ ਜਸਵਿੰਦਰ ਸਿੰਘ ਦੀਨਪੁਰ, ਵਧੀਕ ਸਕੱਤਰ ਰਾਜਪਾਲ ਸਿੰਘ ਦੁਨੀਆਂ ਮਾਜਰਾ, ਨਰਿੰਦਰ ਸਿੰਘ ਅਤੇ ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਅਮਰਿੰਦਰ ਸਿੰਘ ਸਮੇਤ ਹੋਰ ਪਤਵੰਤੇ ਵੀ ਮੌਜੂਦ ਰਹੇ। ਮੀਟਿੰਗ ਦੌਰਾਨ ਸਾਰੇ ਮੈਂਬਰਾਂ ਨੇ ਇਹ ਅਹਿਦ ਕੀਤਾ ਕਿ ਕਮੇਟੀ ਦੇ ਕੰਮਕਾਜ ਨੂੰ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਚਲਾਇਆ ਜਾਵੇਗਾ ਅਤੇ ਗੁਰੂ ਘਰਾਂ ਦੀ ਬਿਹਤਰੀ ਲਈ ਸਾਂਝੇ ਤੌਰ ’ਤੇ ਯਤਨ ਕੀਤੇ ਜਾਣਗੇ।
Leave a Reply