ਵਾਇਰਲ ਆਡੀਓ ਮਾਮਲਾ: 'ਆਪ' ਸਰਕਾਰ 'ਤੇ ਬੋਲਿਆ ਹੱਲਾ, ਫ਼ਰਜ਼ੀ ਏਆਈ ਆਡੀਓ ਰਾਹੀਂ ਬਦਨਾਮ ਕਰਨ ਦੇ ਲਾਏ ਦੋਸ਼: ਵਿਰਸਾ ਸਿੰਘ ਵਲਟੋਹਾ
- ਪੰਜਾਬ
- (Asia/Kolkata)
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਗੰਭੀਰ ਦੋਸ਼ ਲਗਾਉਂਦਿਆਂ ਆਖਿਆ ਹੈ ਕਿ ਸਰਕਾਰ ਵੱਲੋਂ ਆਰਟੀਫਿਸ਼ੀਅਲ ਇੰਟੈਲੀਜੈਂਸ (AI) ਰਾਹੀਂ ਤਿਆਰ ਕੀਤੀ ਗਈ ਇੱਕ ਫ਼ਰਜ਼ੀ ਆਡੀਓ ਵਾਇਰਲ ਕਰਕੇ ਉਨ੍ਹਾਂ ਦੀ ਅਤੇ ਪਾਰਟੀ ਦੀ ਸਾਖ਼ ਨੂੰ ਢਾਹ ਲਾਉਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਅੰਮ੍ਰਿਤਸਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਆਗੂ ਨੇ ਇਸ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਲਈ ਸੁਪਰੀਮ ਕੋਰਟ ਜਾਂ ਹਾਈ ਕੋਰਟ ਦੇ ਕਿਸੇ ਸਾਬਕਾ ਜੱਜ ਤੋਂ ਜਾਂਚ ਕਰਵਾਉਣ ਦੀ ਜ਼ੋਰਦਾਰ ਮੰਗ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਵੇਲੇ ਪੰਜਾਬ ਦੇ ਆਮ ਲੋਕਾਂ ਨਾਲ ਜੁੜੇ ਭਖਦੇ ਅਤੇ ਅਹਿਮ ਮਸਲਿਆਂ ਤੋਂ ਜਨਤਾ ਦਾ ਧਿਆਨ ਭਟਕਾਉਣ ਲਈ ਅਜਿਹੀਆਂ ਨਕਾਰਾਤਮਕ ਕਾਰਵਾਈਆਂ ਦਾ ਸਹਾਰਾ ਲੈ ਰਹੀ ਹੈ। ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਵਿਰਸਾ ਸਿੰਘ ਵਲਟੋਹਾ ਅਤੇ ਬਹਿਰੀਨ ਦੀ ਰਹਿਣ ਵਾਲੀ ਇੱਕ ਔਰਤ ਵਿਚਕਾਰ ਕਥਿਤ ਗੱਲਬਾਤ ਦੀ ਆਡੀਓ ਕਲਿੱਪ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਹੈ। ਦੱਸਣਯੋਗ ਹੈ ਕਿ ਇਸੇ ਔਰਤ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਦੇ ਮੈਂਬਰ ਅਮਰਜੀਤ ਸਿੰਘ ਚਾਵਲਾ 'ਤੇ ਜਬਰ ਜਨਾਹ ਵਰਗੇ ਗੰਭੀਰ ਦੋਸ਼ ਲਗਾਏ ਗਏ ਹਨ, ਜਿਸ ਦੇ ਆਧਾਰ 'ਤੇ ਪੁਲੀਸ ਕੇਸ ਵੀ ਦਰਜ ਕੀਤਾ ਗਿਆ ਹੈ। ਅਕਾਲੀ ਆਗੂ ਵਲਟੋਹਾ ਨੇ ਉਕਤ ਔਰਤ 'ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਉਸ ਨੂੰ ਅਕਾਲੀ ਲੀਡਰਸ਼ਿਪ ਦੇ ਖ਼ਿਲਾਫ਼ ਇੱਕ ਮੋਹਰੇ ਵਜੋਂ ਵਰਤਿਆ ਜਾ ਰਿਹਾ ਹੈ। ਆਨੰਦਪੁਰ ਸਾਹਿਬ ਵਿਖੇ ਦਰਜ ਹੋਈ ਐੱਫ.ਆਈ.ਆਰ. ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਇੱਕ ਮਹੀਨਾ ਪਹਿਲਾਂ ਦਰਜ ਕੀਤਾ ਗਿਆ ਸੀ, ਪਰ ਇਸ ਨੂੰ ਇੱਕ ਮਹੀਨੇ ਬਾਅਦ ਉਸ ਵੇਲੇ ਜਨਤਕ ਕੀਤਾ ਗਿਆ ਜਦੋਂ ਅਮਰਜੀਤ ਸਿੰਘ ਚਾਵਲਾ ਵੱਲੋਂ ਇਸ ਬਾਰੇ ਸ਼ੰਕਾ ਪ੍ਰਗਟਾਈ ਗਈ। ਵਲਟੋਹਾ ਨੇ ਸਵਾਲ ਚੁੱਕਿਆ ਕਿ ਐੱਫ.ਆਈ.ਆਰ. ਇੱਕ ਕਾਨੂੰਨੀ ਅਤੇ ਅਦਾਲਤੀ ਦਸਤਾਵੇਜ਼ ਹੁੰਦਾ ਹੈ, ਪਰ ਸਰਕਾਰ ਨੇ ਇਸ ਨੂੰ ਮੀਡੀਆ ਰਾਹੀਂ ਜਨਤਕ ਕਰਕੇ ਆਪਣੀ ਮਨਸ਼ਾ ਨੂੰ ਸਪੱਸ਼ਟ ਕਰ ਦਿੱਤਾ ਹੈ।
Leave a Reply