ਸੰਗਰੂਰ ਵਿੱਚ ਫੀਲਡ ਵਰਕਰਾਂ ਦਾ ਵਿਸ਼ਾਲ ਰੋਸ ਮਾਰਚ, ਸਰਕਾਰ ਅੱਗੇ ਰੱਖੀਆਂ ਕਈ ਅਹਿਮ ਮੰਗਾਂ
ਪੰਜਾਬ ਭਰ ਤੋਂ ਪਹੁੰਚੇ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਦੇ ਫੀਲਡ ਵਰਕਰਾਂ ਨੇ ਸੰਗਰੂਰ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਕੋਠੀ ਵੱਲ ਸੂਬਾ ਪੱਧਰੀ ਵਿਸ਼ਾਲ ਰੋਸ ਮਾਰਚ ਕੱਢਿਆ। ਇਸ ਦੌਰਾਨ ਰੋਸ ਰੈਲੀ ਕਰਕੇ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਵਰਕਰਾਂ ਦੀ ਮੁੱਖ ਮੰਗ ਤਿੰਨ ਸਾਲ ਦੀ ਸੇਵਾ ਪੂਰੀ ਕਰ ਚੁੱਕੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਸਮੇਤ ਹੋਰ ਲੰਬਿਤ ਮੰਗਾਂ ਨੂੰ ਪੂਰਾ ਕਰਨ ਦੀ ਸੀ। ਡੈਮੋਕ੍ਰੈਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਫੀਲਡ ਵਰਕਰ ਧੂਰੀ ਰੋਡ ਓਵਰਬ੍ਰਿਜ ਹੇਠ ਇਕੱਠੇ ਹੋਏ, ਜਿੱਥੇ ਪਹਿਲਾਂ ਰੋਸ ਰੈਲੀ ਕੀਤੀ ਗਈ। ਇਸ ਤੋਂ ਬਾਅਦ ਜਦੋਂ ਪ੍ਰਦਰਸ਼ਨਕਾਰੀ ਵਿੱਤ ਮੰਤਰੀ ਦੀ ਕੋਠੀ ਵੱਲ ਮਾਰਚ ਕਰਦੇ ਹੋਏ ਅੱਗੇ ਵਧੇ ਤਾਂ ਪੁਲੀਸ ਨੇ ਸਖ਼ਤ ਨਾਕਾਬੰਦੀ ਕਰਕੇ ਉਨ੍ਹਾਂ ਨੂੰ ਪੂਨੀਆ ਟਾਵਰ ਟੀ-ਪੁਆਇੰਟ 'ਤੇ ਰੋਕ ਲਿਆ। ਇਸ ਮੌਕੇ ਵਰਕਰਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਰਛਪਾਲ ਸਿੰਘ ਯੋਧਾਨਗਰੀ, ਜਨਰਲ ਸਕੱਤਰ ਬਲਵੀਰ ਸਿਵੀਆ ਅਤੇ ਵਿੱਤ ਸਕੱਤਰ ਬਲਵੀਰ ਗਿੱਲਾਂਵਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਲੰਬੇ ਸਮੇਂ ਤੋਂ ਸੇਵਾ ਨਿਭਾ ਰਹੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੇ ਮਾਮਲੇ ਵਿੱਚ ਟਾਲਮਟੋਲ ਕਰ ਰਹੀ ਹੈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਜਿਨ੍ਹਾਂ ਮੁਲਾਜ਼ਮਾਂ ਨੂੰ ਪੱਕਾ ਕੀਤਾ ਗਿਆ ਹੈ, ਉਨ੍ਹਾਂ ਨੂੰ ਵੀ ਪੱਕੇ ਕਰਮਚਾਰੀਆਂ ਵਾਲੀਆਂ ਸਹੂਲਤਾਂ ਨਹੀਂ ਮਿਲ ਰਹੀਆਂ। ਆਗੂਆਂ ਨੇ ਕਿਹਾ ਕਿ ਸੱਤਾਧਾਰੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਗਾਰੰਟੀ ਦਿੱਤੀ ਸੀ, ਪਰ ਸਰਕਾਰ ਬਣਨ ਤੋਂ ਬਾਅਦ ਇਸ ਮਾਮਲੇ ਵਿੱਚ ਲਗਾਤਾਰ ਦੇਰੀ ਕੀਤੀ ਜਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਤਿੰਨ ਸਾਲ ਦੀ ਨੌਕਰੀ ਪੂਰੀ ਕਰ ਚੁੱਕੇ ਸਾਰੇ ਮੁਲਾਜ਼ਮਾਂ ਨੂੰ ਪੂਰੇ ਤਨਖਾਹ ਸਕੇਲਾਂ ਸਮੇਤ ਰੈਗੂਲਰ ਕੀਤਾ ਜਾਵੇ। ਇਸ ਦੇ ਨਾਲ ਹੀ ਯੂਨੀਅਨ ਨੇ ਮੰਗ ਕੀਤੀ ਕਿ ਫੀਲਡ ਵਰਕਰਾਂ ਨੂੰ ਖ਼ਤਰੇ ਵਾਲੇ ਕੰਮਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਜਾਵੇ, ਪੜ੍ਹੇ-ਲਿਖੇ ਅਤੇ ਅਨਪੜ੍ਹ ਦੋਵੇਂ ਵਰਗਾਂ ਦੇ ਵਰਕਰਾਂ ਨੂੰ ਰੈਗੂਲਰ ਕੀਤਾ ਜਾਵੇ, ਸੀਨੀਅਰਤਾ ਤੈਅ ਕਰਨ ਲਈ ਮਹੀਨੇ ਦੇ 26 ਦੀ ਬਜਾਏ 30 ਦਿਨ ਦਰਜ ਕੀਤੇ ਜਾਣ, ਪੰਜਾਬ ਦਾ ਛੇਵਾਂ ਤਨਖਾਹ ਕਮਿਸ਼ਨ ਲਾਗੂ ਕੀਤਾ ਜਾਵੇ ਅਤੇ ਮੁਲਾਜ਼ਮਾਂ ਦੀਆਂ ਸਾਰੀਆਂ ਲੰਬਿਤ ਮੰਗਾਂ ਨੂੰ ਜਲਦੀ ਪੂਰਾ ਕੀਤਾ ਜਾਵੇ।
Posted By: Daily Suraj Bureau