Daily Suraj

ਪੰਜਾਬੀ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਬਰਸਟ ਦੇ ਕਾਰਜਕਾਲ ‘ਚ ਵਾਧਾ

24 Feb, 2026 09:23 AM

ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਪਹੁੰਚਣ ਤੇ ਹਰਚੰਦ ਸਿੰਘ ਬਰਸਟ ਦਾ ਸਮੂੰਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਕੀਤਾ ਸਵਾਗਤ ਚੇਅਰਮੈਨ ਨੇ ਹੋਰ ਜਿਆਦਾ ਜੋਸ਼ ਨਾਲ ਕਿਸਾਨਾਂ, ਆੜ੍ਹਤੀਆਂ ਅਤੇ ਮਜਦੂਰਾਂ ਦੇ ਹਿੱਤ ਵਿੱਚ ਕੰਮ ਕਰਨ ਲਈ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕੀਤਾ ਪ੍ਰੇਰਿਤ ਪੰਜਾਬ ਮੰਡੀ ਬੋਰਡ ਦੀ ਆਮਦਨ ਵਧਾਉਣ ਅਤੇ ਮੰਡੀਆਂ ਵਿੱਚ ਸੁਚੱਜੇ ਪ੍ਰਬੰਧ ਕਰਨ ਤੇ ਦਿੱਤਾ ਜੋਰ ਐਸ.ਏ.ਐਸ. ਨਗਰ (ਮੋਹਾਲੀ), 24 ਫਰਵਰੀ 2026 – ਪੰਜਾਬ ਸਰਕਾਰ ਵੱਲੋਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦੇ ਕਾਰਜਕਾਲ ਵਿੱਚ ਵਾਧਾ ਕੀਤਾ ਗਿਆ ਹੈ। ਕਾਰਜਕਾਲ ਵਿੱਚ ਵਾਧਾ ਹੋਣ ਤੋਂ ਬਾਅਦ ਹਰਚੰਦ ਸਿੰਘ ਬਰਸਟ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਪਹੁੰਚੇ, ਜਿੱਥੇ ਸਮੂੰਹ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ ਅਤੇ ਫੁੱਲਾਂ ਦੇ ਗੁਲਦਸਤਿਆਂ ਨਾਲ ਉਨ੍ਹਾਂ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਦਫ਼ਤਰ ਦਾ ਮਾਹੌਲ ਖੁਸ਼ੀ ਅਤੇ ਉਤਸ਼ਾਹ ਨਾਲ ਭਰਪੂਰ ਰਿਹਾ। ਇਸ ਦੌਰਾਨ ਆਪਣੇ ਸੰਬੋਧਨ ਵਿੱਚ ਚੇਅਰਮੈਨ ਬਰਸਟ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਹੋਰ ਵੱਧ ਜੋਸ਼ ਅਤੇ ਜ਼ਿੰਮੇਵਾਰੀ ਨਾਲ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਮੁਲਾਜਮਾਂ ਦੇ ਹਿੱਤ ਵਿੱਚ ਕੰਮ ਕਰਦੇ ਰਹਿਣਗੇ। ਉਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁਚੱਜੇ ਪ੍ਰਬੰਧਾਂ ਅਤੇ ਸਹੂਲਤਾਂ ਦੇ ਵਿਸਥਾਰ ਲਈ ਹੋਰ ਜਿਆਦਾ ਜੋਸ਼ ਨਾਲ ਯਤਨ ਕਰਨ।ਚੇਅਰਮੈਨ ਨੇ ਖਾਸ ਤੌਰ ‘ਤੇ ਪੰਜਾਬ ਮੰਡੀ ਬੋਰਡ ਦੀ ਆਮਦਨ ਵਿੱਚ ਵਾਧਾ ਕਰਨ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਆਧੁਨਿਕ ਤਕਨੀਕਾਂ ਦੇ ਇਸਤੇਮਾਲ ਅਤੇ ਡਿਜੀਟਲ ਪ੍ਰਣਾਲੀਆਂ ਦੇ ਵਿਸਥਾਰ ਨਾਲ ਬੋਰਡ ਦੀ ਕਾਰਗੁਜ਼ਾਰੀ ਨੂੰ ਹੋਰ ਮਜ਼ਬੂਤ ਬਣਾਇਆ ਜਾਵੇਗਾ। ਇਸ ਦੇ ਨਾਲ-ਨਾਲ ਸੂਬੇ ਦੀਆਂ ਮੰਡੀਆਂ ਦੇ ਵਿਕਾਸ ਲਈ ਢਾਂਚਾਗਤ ਸੁਧਾਰ, ਸਫਾਈ ਪ੍ਰਬੰਧ ਅਤੇ ਬੁਨਿਆਦੀ ਸਹੂਲਤਾਂ ਨੂੰ ਅਪਗ੍ਰੇਡ ਕਰਨ ਲਈ ਵੀ ਵਿਸ਼ੇਸ਼ ਯੋਜਨਾਵਾਂ ਤਹਿਤ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਖੇਤਾਬਾੜੀ ਪ੍ਰਣਾਲੀ ਵਿੱਚ ਮੰਡੀਆਂ ਦੀ ਕੇਂਦਰੀ ਭੂਮਿਕਾ ਹੈ ਅਤੇ ਮੰਡੀਆਂ ਸਿਰਫ਼ ਖਰੀਦ-ਫਰੋਖ਼ਤ ਦਾ ਕੇਂਦਰ ਨਹੀਂ, ਸਗੋਂ ਕਿਸਾਨਾਂ ਦੀ ਆਰਥਿਕ ਮਜ਼ਬੂਤੀ ਦਾ ਆਧਾਰ ਹਨ ਅਤੇ ਇਸ ਭੂਮਿਕਾ ਨੂੰ ਹੋਰ ਮਜਬੂਤ ਬਣਾਉਣਾ ਹੀ ਉਨ੍ਹਾਂ ਦਾ ਮੁੱਖ ਲਕਸ਼ ਹੈ। ਬਰਸਟ ਨੇ ਵਿਸ਼ਵਾਸ ਜਤਾਇਆ ਕਿ ਸਾਰਿਆਂ ਦੇ ਸਾਂਝੇ ਯਤਨਾਂ ਨਾਲ ਪੰਜਾਬ ਮੰਡੀ ਬੋਰਡ ਨਵੀਆਂ ਉਚਾਈਆਂ ਹਾਸਲ ਕਰੇਗਾ। ਇਸ ਮੌਕੇ ਤੇ ਕੁਮਾਰ ਅਮਿਤ ਆਈ.ਏ.ਐਸ. ਸਕੱਤਰ ਪੰਜਾਬ ਮੰਡੀ ਬੋਰਡ, ਜਤਿੰਦਰ ਸਿੰਘ ਭੰਗੂ ਇੰਜੀਨਿਅਰ ਇਨ ਚੀਫ਼, ਹਰਜੀਤ ਸਿੰਘ ਸੰਧੂ ਪੀ.ਸੀ.ਐਸ. ਸੰਯੁਕਤ ਸਕੱਤਰ ਸਮੇਤ ਸਮੂੰਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਹਰਚੰਦ ਸਿੰਘ ਬਰਸਟ ਦਾ ਸਵਾਗਤ ਕੀਤਾ। ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਬਰਸਟ ਦੀ ਅਗਵਾਈ ਵਿੱਚ ਕਿਸਾਨਾਂ, ਮਜਦੂਰਾਂ, ਆੜ੍ਹਤੀਆਂ ਅਤੇ ਮੁਲਾਜਮਾਂ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਬਾਰੇ ਵਿਸਥਾਰ ਨਾਲ ਦੱਸਿਆ ਅਤੇ ਵਿਸ਼ਵਾਸ ਦਵਾਇਆ ਕਿ ਸਮੂੰਹ ਅਧਿਕਾਰੀ ਅਤੇ ਕਰਮਚਾਰੀ ਆਪਣੀ ਜਿੰਮੇਵਾਰੀਆਂ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ।

Posted By: Daily Suraj Bureau

Latest News