Rain Alert Punjab: 18 ਜ਼ਿਲ੍ਹਿਆਂ ’ਚ ਤੂਫਾਨ ਦੀ ਸੰਭਾਵਨਾ
,ਚੰਡੀਗੜ੍ਹ ਅਤੇ ਪੰਜਾਬ (Punjab Weather) ਵਿੱਚ ਅੱਜ 27 ਜਨਵਰੀ ਦੀ ਸਵੇਰ ਤੋਂ ਹੋ ਮੀਂਹ ਪੈ ਰਿਹਾ ਹੈ। ਚੰਡੀਗੜ੍ਹ, ਮੋਹਾਲੀ, ਲੁਧਿਆਣਾ ਅਤੇ ਜਲੰਧਰ ਸਮੇਤ ਕਈ ਜ਼ਿਲ੍ਹਿਆਂ ‘ਚ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ। ਕਈ ਥਾਈਂ ਗੜੇਮਾਰੀ ਹੋਣ ਦੀ ਵੀ ਖਬਰ ਹੈ। ਜਿਸ ਕਾਰਨ ਮੁੜ ਠੰਡ ‘ਚ ਵਾਧਾ ਹੋ ਗਿਆ ਹੈ।ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਨੇ ਸੰਗਰੂਰ, ਪਟਿਆਲਾ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਲਈ ਦੁਪਹਿਰ 1:30 ਵਜੇ ਤੱਕ ਗੜੇਮਾਰੀ ਦੀ ਚੇਤਾਵਨੀ ਜਾਰੀ ਕੀਤੀ ਹੈ। ਹਲਕੇ ਤੋਂ ਦਰਮਿਆਨੇ ਤੂਫਾਨ ਦੀ ਚੇਤਾਵਨੀ ਵੀ ਜਾਰੀ ਕੀਤੀ ਹੈ। ਇਸ ਦੇ ਨਾਲ ਹੀ ਬਿਜਲੀ ਡਿੱਗਣ ਦੇ ਡਰੋਂ ਮੌਸਮ ਵਿਗਿਆਨ ਕੇਂਦਰ ਨੇ ਲੋਕਾਂ ਨੂੰ ਅੱਜ ਖੁੱਲ੍ਹੀਆਂ ਥਾਵਾਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ। ਦਰੱਖਤਾਂ ਅਤੇ ਬਿਜਲੀ ਦੇ ਖੰਭਿਆਂ ਹੇਠ ਖੜ੍ਹੇ ਹੋਣ ਤੋਂ ਵੀ ਬਚਣ ਲਈ ਕਿਹਾ ਗਿਆ ਹੈ।ਮੌਸਮ ਵਿਭਾਗ ਨੇ ਸੂਬੇ ‘ਚ ਪੂਰਾ ਦਿਨ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।ਚੰਡੀਗੜ੍ਹ ਮੌਸਮ ਵਿਗਿਆਨ (Punjab Weather) ਕੇਂਦਰ ਦੇ ਡਾਇਰੈਕਟਰ ਸੁਰੇਂਦਰ ਪਾਲ ਦਾ ਕਹਿਣਾ ਹੈ ਕਿ ਅੱਜ ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 28 ਜਨਵਰੀ, 31 ਜਨਵਰੀ ਅਤੇ 1 ਫਰਵਰੀ ਨੂੰ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਅਗਲੇ 2 ਦਿਨਾਂ ਵਿੱਚ ਘੱਟੋ-ਘੱਟ ਤਾਪਮਾਨ 3 ਤੋਂ 5 ਡਿਗਰੀ ਸੈਲਸੀਅਸ ਵਧ ਸਕਦਾ ਹੈ। ਇਸ ਤੋਂ ਬਾਅਦ, ਅਗਲੇ ਦੋ ਦਿਨਾਂ ਵਿੱਚ ਤਾਪਮਾਨ 3 ਤੋਂ 5 ਡਿਗਰੀ ਘਟਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ, ਤਾਪਮਾਨ ਦੁਬਾਰਾ 3 ਤੋਂ 5 ਡਿਗਰੀ ਵਧ ਸਕਦਾ ਹੈ।
Posted By: Daily Suraj Bureau