ਹਰੀਕੇ ਪੱਤਣ ਵਿਖੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਿੱਖ ਸ਼ਹੀਦਾਂ ਦੀ ਯਾਦ ਵਿੱਚ ਹੋਵੇਗੀ ਅਰਦਾਸ

ਹਰੀਕੇ ਪੱਤਣ ਵਿਖੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਿੱਖ ਸ਼ਹੀਦਾਂ ਦੀ ਯਾਦ ਵਿੱਚ ਹੋਵੇਗੀ ਅਰਦਾਸ

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਅੱਜ 14 ਜੁਲਾਈ 2026 ਨੂੰ ਹਰੀਕੇ ਪੱਤਣ ਵਿਖੇ ਸਮੂਹ ਸਿੱਖ ਸ਼ਹੀਦਾਂ ਦੀ ਯਾਦ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਮਿਲਣ ਦੀ ਅਰਦਾਸ ਲਈ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ। ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜਾਣਕਾਰੀ ਦਿੱਤੀ ਹੈ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੰਜਾਬ ਵਿੱਚ ਉਸ ਸਮੇਂ ਦੀ ਸਰਕਾਰ ਵੱਲੋਂ ਪੁਲਿਸ ਰਾਹੀਂ ਮਾਰੇ ਗਏ ਬੇਕਸੂਰ ਨੌਜਵਾਨਾਂ, ਜਿਨ੍ਹਾਂ ਬਾਰੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਨੇ ਜਾਣਕਾਰੀ ਸਾਹਮਣੇ ਲਿਆਂਦੀ ਸੀ, ਉਨ੍ਹਾਂ ਦੀ ਯਾਦ ਨੂੰ ਸਮਰਪਿਤ ਇਹ ਸਮਾਗਮ ਸਤਲੁਜ ਦਰਿਆ ਦੇ ਕੰਢੇ ਹਰੀਕੇ ਪੱਤਣ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮੌਕੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਮਿਲਣ ਲਈ ਅਰਦਾਸ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਰਕਾਰੀ ਅਤੇ ਪੁਲਿਸ ਜ਼ਿਆਦਤੀਆਂ ਦਾ ਸ਼ਿਕਾਰ ਹੋਏ ਬੇਕਸੂਰ ਨੌਜਵਾਨਾਂ, ਬੀਬੀਆਂ, ਬਜ਼ੁਰਗਾਂ ਅਤੇ ਬੱਚਿਆਂ ਦੀ ਯਾਦ ਵਿੱਚ ਅੱਜ ਤੱਕ ਕੋਈ ਸਮੂਹਿਕ ਅਰਦਾਸ ਨਹੀਂ ਹੋਈ। ਉਨ੍ਹਾਂ ਦੇ ਅਨੁਸਾਰ ਕਈ ਪੀੜਤ ਪਰਿਵਾਰ ਅੱਜ ਵੀ ਇਹ ਨਹੀਂ ਜਾਣਦੇ ਕਿ ਉਨ੍ਹਾਂ ਦੇ ਆਪਣੇਆਂ ਨਾਲ ਕੀ ਵਾਪਰਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਨਾਲ ਜੁੜੀਆਂ ਇਨ੍ਹਾਂ ਘਟਨਾਵਾਂ ਦੀ ਸੱਚਾਈ ਦੁਨੀਆ ਸਾਹਮਣੇ ਆਉਣੀ ਚਾਹੀਦੀ ਹੈ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਮਿਲਣਾ ਲਾਜ਼ਮੀ ਹੈ। ਜਥੇਦਾਰ ਨੇ ਪੀੜਤ ਪਰਿਵਾਰਾਂ, ਮਾਵਾਂ, ਭੈਣਾਂ, ਵੀਰਾਂ, ਸਮਾਜਿਕ ਕਾਰਕੁੰਨਾਂ, ਵਕੀਲਾਂ ਅਤੇ ਮਨੁੱਖੀ ਅਧਿਕਾਰਾਂ ਲਈ ਕੰਮ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਨੇ ਇਹ ਵੀ ਅਪੀਲ ਕੀਤੀ ਕਿ ਜਿਨ੍ਹਾਂ ਮਾਮਲਿਆਂ ਵਿੱਚ ਮੁਹਾਲੀ ਦੀ ਸੀਬੀਆਈ ਅਦਾਲਤ ਵੱਲੋਂ ਪੁਲਿਸ ਅਧਿਕਾਰੀਆਂ ਨੂੰ ਸਜ਼ਾਵਾਂ ਸੁਣਾਈਆਂ ਗਈਆਂ ਹਨ, ਉਨ੍ਹਾਂ ਪੀੜਤ ਪਰਿਵਾਰਾਂ ਨੂੰ ਵੀ ਇਸ ਸਮਾਗਮ ਦਾ ਹਿੱਸਾ ਬਣਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਅੱਜ ਸ਼ਾਮ 6 ਵਜੇ ਸਤਲੁਜ ਦਰਿਆ ਦੇ ਕੰਢੇ ਹਰੀਕੇ ਪੱਤਣ ਵਿਖੇ, ਉਸ ਸਥਾਨ 'ਤੇ ਜਿੱਥੇ ਬੇਕਸੂਰ ਨੌਜਵਾਨਾਂ ਦੀਆਂ ਲਾਸ਼ਾਂ ਦਰਿਆ ਵਿੱਚ ਸੁੱਟੇ ਜਾਣ ਦੀਆਂ ਗੱਲਾਂ ਸਾਹਮਣੇ ਆਈਆਂ ਸਨ, ਵਿਸ਼ੇਸ਼ ਅਰਦਾਸ ਕੀਤੀ ਜਾਵੇਗੀ। ਇਹ ਸਮਾਗਮ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਇਆ ਜਾਵੇਗਾ। ਸਮਾਗਮ ਦੌਰਾਨ ਪਾਲਕੀ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁਸ਼ੋਭਿਤ ਕੀਤਾ ਜਾਵੇਗਾ, ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਗੁਰਬਾਣੀ ਕੀਰਤਨ ਕੀਤਾ ਜਾਵੇਗਾ ਅਤੇ ਅੰਤ ਵਿੱਚ ਸਮੂਹ ਵਿਛੜੀਆਂ ਰੂਹਾਂ ਦੀ ਯਾਦ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਮਿਲਣ ਲਈ ਅਰਦਾਸ ਕੀਤੀ ਜਾਵੇਗੀ।