Daily Suraj

ਪੰਜਾਬੀ

ਰਵਨੀਤ ਸਿੰਘ ਬਿੱਟੂ ਦੀ ਅਪੀਲ: ਅੱਜ ਦੀ ਅਰਦਾਸ ਵਿੱਚ 90ਵੇਂ ਦਹਾਕੇ ਦੇ ਸਾਰੇ ਪੀੜਤਾਂ ਨੂੰ ਕੀਤਾ ਜਾਵੇ ਯਾਦ

14 Jul, 2026 06:27 PM

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗਰਗੱਜ ਨੂੰ ਅਪੀਲ ਕੀਤੀ ਹੈ ਕਿ ਮੰਗਲਵਾਰ ਨੂੰ ਹੋਣ ਵਾਲੀ ਅਰਦਾਸ ਦੌਰਾਨ 1990 ਦੇ ਦਹਾਕੇ ਵਿੱਚ ਪੰਜਾਬ ਵਿੱਚ ਹਿੰਸਾ ਦਾ ਸ਼ਿਕਾਰ ਹੋਏ ਸਾਰੇ ਲੋਕਾਂ ਨੂੰ ਯਾਦ ਕੀਤਾ ਜਾਵੇ। ਇਹ ਅਪੀਲ ਉਸ ਧਾਰਮਿਕ ਸਮਾਗਮ ਤੋਂ ਪਹਿਲਾਂ ਕੀਤੀ ਗਈ ਹੈ, ਜੋ ਕਥਿਤ ਗੈਰ-ਕਾਨੂੰਨੀ ਪੁਲੀਸ ਮੁਕਾਬਲਿਆਂ ਵਿੱਚ ਮਾਰੇ ਗਏ ਨੌਜਵਾਨਾਂ ਦੀ ਯਾਦ ਵਿੱਚ ਆਯੋਜਿਤ ਕੀਤਾ ਜਾ ਰਿਹਾ ਹੈ। ਕੇਂਦਰੀ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ਉੱਤੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਉਸ ਦੌਰਾਨ ਵਹਿਆ ਖ਼ੂਨ ਸਿਰਫ਼ ਅਤਿਵਾਦੀਆਂ, ਪੁਲੀਸ ਜਾਂ ਬੇਗੁਨਾਹ ਨਾਗਰਿਕਾਂ ਦਾ ਨਹੀਂ ਸੀ, ਸਗੋਂ ਉਹ ਪੂਰੇ ਪੰਜਾਬ ਅਤੇ ਪੰਜਾਬੀਆਂ ਦਾ ਖ਼ੂਨ ਸੀ। ਉਨ੍ਹਾਂ ਕਿਹਾ ਕਿ ਪੂਰਾ ਪੰਜਾਬ ਅਤੇ ਵਿਦੇਸ਼ਾਂ ਵਿੱਚ ਵਸਦੇ ਪੰਜਾਬੀ ਵੀ ਇਸ ਅਰਦਾਸ ਵੱਲ ਉਮੀਦ ਨਾਲ ਦੇਖ ਰਹੇ ਹਨ। ਬਿੱਟੂ ਨੇ ਜਥੇਦਾਰ ਨੂੰ ਨਿਮਰਤਾ ਨਾਲ ਬੇਨਤੀ ਕਰਦਿਆਂ ਕਿਹਾ ਕਿ ਅਰਦਾਸ ਵਿੱਚ ਉਨ੍ਹਾਂ ਸਾਰੇ ਲੋਕਾਂ ਨੂੰ ਯਾਦ ਕੀਤਾ ਜਾਵੇ ਜੋ 1990 ਦੇ ਦਹਾਕੇ ਦੌਰਾਨ ਹਿੰਸਾ ਵਿੱਚ ਮਾਰੇ ਗਏ, ਭਾਵੇਂ ਉਹ ਹਥਿਆਰਬੰਦ ਸਨ ਜਾਂ ਨਿਹੱਥੇ, ਵਰਦੀ ਵਿੱਚ ਸਨ ਜਾਂ ਆਮ ਨਾਗਰਿਕ। ਉਨ੍ਹਾਂ ਕਿਹਾ ਕਿ ਇਹ ਹਜ਼ਾਰਾਂ ਰੂਹਾਂ ਅੱਜ ਵੀ ਇਨਸਾਫ਼ ਅਤੇ ਯਾਦ ਕੀਤੇ ਜਾਣ ਦੀ ਉਮੀਦ ਰੱਖਦੀਆਂ ਹਨ। ਕੇਂਦਰੀ ਮੰਤਰੀ ਨੇ ਸਪਸ਼ਟ ਕੀਤਾ ਕਿ ਉਨ੍ਹਾਂ ਦੀ ਇਹ ਅਪੀਲ ਕਿਸੇ ਇੱਕ ਭਾਈਚਾਰੇ ਲਈ ਨਹੀਂ, ਸਗੋਂ ਪੂਰੇ ਪੰਜਾਬ, ਪੰਜਾਬੀਆਂ ਅਤੇ ਪੰਜਾਬੀਅਤ ਲਈ ਹੈ। ਉਨ੍ਹਾਂ ਕਿਹਾ ਕਿ ਹਿੰਸਾ ਤੋਂ ਪ੍ਰਭਾਵਿਤ ਹਰ ਭੈਣ, ਭਰਾ ਅਤੇ ਪਰਿਵਾਰ ਨੂੰ ਅਰਦਾਸ ਵਿੱਚ ਸ਼ਾਮਲ ਕਰਕੇ ਯਾਦ ਕੀਤਾ ਜਾਣਾ ਚਾਹੀਦਾ ਹੈ, ਤਾਂ ਜੋ ਉਨ੍ਹਾਂ ਦੀਆਂ ਰੂਹਾਂ ਨੂੰ ਸ਼ਾਂਤੀ ਮਿਲ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਇਸ ਧਰਤੀ ਦਾ ਕਰਜ਼ਾ ਨਫ਼ਰਤ ਨਾਲ ਨਹੀਂ, ਸਗੋਂ ਅਰਦਾਸ ਅਤੇ ਆਪਸੀ ਸਤਿਕਾਰ ਨਾਲ ਹੀ ਉਤਾਰਿਆ ਜਾ ਸਕਦਾ ਹੈ। ਇਸ ਤੋਂ ਪਹਿਲਾਂ ਐਤਵਾਰ ਨੂੰ ਰਵਨੀਤ ਸਿੰਘ ਬਿੱਟੂ ਨੇ ਅਦਾਕਾਰ ਦਿਲਜੀਤ ਦੋਸਾਂਝ ਦੀ ਫ਼ਿਲਮ ‘ਸਤਲੁਜ’ ਨੂੰ ਲੈ ਕੇ ਵੀ ਸਵਾਲ ਉਠਾਏ ਸਨ। ਉਨ੍ਹਾਂ ਪੁੱਛਿਆ ਸੀ ਕਿ ਫ਼ਿਲਮ ਵਿੱਚ ਬੇਗੁਨਾਹ ਹਿੰਦੂਆਂ ਦੇ ਕਤਲੇਆਮ ਅਤੇ ਅਤਿਵਾਦ ਵਿਰੁੱਧ ਲੜਨ ਵਾਲੇ ਪੰਜਾਬ ਪੁਲੀਸ ਦੇ ਜਵਾਨਾਂ, ਸੁਰੱਖਿਆ ਬਲਾਂ ਅਤੇ ਬਹਾਦਰ ਨਾਗਰਿਕਾਂ ਦੀਆਂ ਕੁਰਬਾਨੀਆਂ ਨੂੰ ਘੱਟ ਕਰਕੇ ਕਿਉਂ ਦਰਸਾਇਆ ਗਿਆ ਹੈ। ਇਸ ਵਿਵਾਦ ਦੇ ਦਰਮਿਆਨ ਅਕਾਲ ਤਖ਼ਤ ਦੇ ਜਥੇਦਾਰ ਨੇ ਹਰੀਕੇ ਪੱਤਣ ਵਿਖੇ ਸਤਲੁਜ ਦਰਿਆ ਦੇ ਕੰਢੇ ਧਾਰਮਿਕ ਇਕੱਠ ਸੱਦਿਆ ਹੈ, ਜਿੱਥੇ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਵੱਲੋਂ ਸਾਹਮਣੇ ਲਿਆਂਦੇ ਗਏ ਕਥਿਤ ਪੁਲੀਸ ਮੁਕਾਬਲਿਆਂ ਵਿੱਚ ਮਾਰੇ ਗਏ ਸਿੱਖ ਨੌਜਵਾਨਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਜਾਣੀ ਹੈ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗਰਗੱਜ ਪਹਿਲਾਂ ਕਹਿ ਚੁੱਕੇ ਹਨ ਕਿ ਪੰਜਾਬ ਵਿੱਚ ਸਰਕਾਰੀ ਅਤੇ ਪੁਲੀਸ ਜ਼ਿਆਦਤੀਆਂ ਦਾ ਸ਼ਿਕਾਰ ਹੋਏ ਬੇਗੁਨਾਹ ਨੌਜਵਾਨਾਂ, ਔਰਤਾਂ, ਬਜ਼ੁਰਗਾਂ ਅਤੇ ਬੱਚਿਆਂ ਲਈ ਅੱਜ ਤੱਕ ਕੋਈ ਸਾਂਝੀ ਅਰਦਾਸ ਨਹੀਂ ਹੋਈ। ਇਸੇ ਉਦੇਸ਼ ਨਾਲ ਇਹ ਵਿਸ਼ੇਸ਼ ਅਰਦਾਸ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਦੌਰਾਨ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੀ ਪਤਨੀ ਪਰਮਜੀਤ ਕੌਰ ਖਾਲੜਾ ਨੇ ਵੀ ਅਕਾਲ ਤਖ਼ਤ ਨੂੰ ਅਪੀਲ ਕੀਤੀ ਹੈ ਕਿ 1980 ਅਤੇ 1990 ਦੇ ਦਹਾਕਿਆਂ ਦੌਰਾਨ ਪੰਜਾਬ ਵਿੱਚ ਲਾਪਤਾ ਹੋਏ ਲੋਕਾਂ, ਲਾਵਾਰਿਸ ਲਾਸ਼ਾਂ ਅਤੇ ਕਥਿਤ ਜਾਅਲੀ ਪੁਲੀਸ ਮੁਕਾਬਲਿਆਂ ਵਿੱਚ ਮਾਰੇ ਗਏ ਲੋਕਾਂ ਦੀ ਅਸਲ ਗਿਣਤੀ ਦਾ ਪਤਾ ਲਗਾਉਣ ਲਈ ਇੱਕ 'ਪੀਪਲਜ਼ ਕਮਿਸ਼ਨ' ਬਣਾਇਆ ਜਾਵੇ। ਇਹ ਮੰਗ ਫ਼ਿਲਮ ‘ਸਤਲੁਜ’, ਜੋ ਪਹਿਲਾਂ ‘ਪੰਜਾਬ 95’ ਦੇ ਨਾਂ ਨਾਲ ਬਣਾਈ ਗਈ ਸੀ ਅਤੇ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਆਧਾਰਿਤ ਹੈ, ਦੇ ਓਟੀਟੀ ਪਲੇਟਫਾਰਮ ਤੋਂ ਹਟਾਏ ਜਾਣ ਤੋਂ ਬਾਅਦ ਹੋਰ ਚਰਚਾ ਵਿੱਚ ਆਈ ਹੈ। ਜ਼ਿਕਰਯੋਗ ਹੈ ਕਿ ਰਵਨੀਤ ਸਿੰਘ ਬਿੱਟੂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਹਨ। ਬੇਅੰਤ ਸਿੰਘ ਦੀ 31 ਅਗਸਤ 1995 ਨੂੰ ਚੰਡੀਗੜ੍ਹ ਸਕੱਤਰੇਤ ਵਿਖੇ ਹੱਤਿਆ ਕਰ ਦਿੱਤੀ ਗਈ ਸੀ। ਦੂਜੇ ਪਾਸੇ, ਜਸਵੰਤ ਸਿੰਘ ਖਾਲੜਾ ਨੂੰ ਸਤੰਬਰ 1995 ਵਿੱਚ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ ਦੇ ਬਾਹਰੋਂ ਅਗਵਾ ਕਰ ਲਿਆ ਗਿਆ ਸੀ ਅਤੇ ਬਾਅਦ ਵਿੱਚ ਉਨ੍ਹਾਂ ਦੀ ਹੱਤਿਆ ਕਰ ਦਿੱਤੀ ਗਈ, ਹਾਲਾਂਕਿ ਉਨ੍ਹਾਂ ਦੀ ਮ੍ਰਿਤਕ ਦੇਹ ਕਦੇ ਬਰਾਮਦ ਨਹੀਂ ਹੋਈ। ਇਸ ਮਾਮਲੇ ਵਿੱਚ ਨਵੰਬਰ 2005 ਵਿੱਚ ਸੀਬੀਆਈ ਅਦਾਲਤ ਨੇ ਸਾਬਕਾ ਡੀਐਸਪੀ ਜਸਪਾਲ ਸਿੰਘ ਅਤੇ ਏਐਸਆਈ ਅਮਰਜੀਤ ਸਿੰਘ ਨੂੰ ਅਗਵਾ ਅਤੇ ਕਤਲ ਦੇ ਦੋਸ਼ਾਂ ਹੇਠ ਉਮਰ ਕੈਦ ਦੀ ਸਜ਼ਾ ਸੁਣਾਈ ਸੀ, ਜਦਕਿ ਚਾਰ ਹੋਰ ਪੁਲੀਸ ਮੁਲਾਜ਼ਮਾਂ ਨੂੰ ਸੱਤ-ਸੱਤ ਸਾਲ ਦੀ ਕੈਦ ਹੋਈ ਸੀ। ਬਾਅਦ ਵਿੱਚ 2007 ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅਮਰਜੀਤ ਸਿੰਘ ਨੂੰ ਬਰੀ ਕਰ ਦਿੱਤਾ, ਜਦਕਿ ਬਾਕੀ ਚਾਰ ਦੋਸ਼ੀਆਂ ਦੀ ਸਜ਼ਾ ਵਧਾ ਕੇ ਉਮਰ ਕੈਦ ਕਰ ਦਿੱਤੀ ਗਈ। ਇਸ ਫ਼ੈਸਲੇ ਨੂੰ 2011 ਵਿੱਚ ਸੁਪਰੀਮ ਕੋਰਟ ਨੇ ਵੀ ਬਰਕਰਾਰ ਰੱਖਿਆ।

Posted By: Daily Suraj Bureau

Latest News