Daily Suraj

ਪੰਜਾਬੀ

ਪੰਜਾਬ ’ਚ ਅੱਜ ਮੁਲਾਜ਼ਮਾਂ ਦੀ ਦੂਜੇ ਗੇੜ ਦੀ ਹੜਤਾਲ: ਸਮੁੱਚੇ ਸਰਕਾਰੀ ਦਫ਼ਤਰਾਂ ’ਚ ਕੰਮਕਾਜ ਰਹੇਗਾ ਠੱਪ

08 Sep, 2026 08:19 AM

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਵੱਲੋਂ ਆਪਣੇ ਆਂਦੋਲਨ ਦੇ ਦੂਜੇ ਪੜਾਅ ਤਹਿਤ ਅੱਜ, ਮੰਗਲਵਾਰ ਨੂੰ ਸੂਬੇ ਦੇ ਸਮੁੱਚੇ ਸਰਕਾਰੀ ਦਫ਼ਤਰਾਂ ਵਿੱਚ ਇੱਕ ਦਿਨ ਲਈ ਪੂਰਨ ਤੌਰ 'ਤੇ ਕੰਮਕਾਜ ਠੱਪ ਰੱਖਣ ਦਾ ਐਲਾਨ ਕੀਤਾ ਗਿਆ ਹੈ। ਇਸ ਵਿਰੋਧ ਪ੍ਰਦਰਸ਼ਨ ਦੇ ਚੱਲਦਿਆਂ ਮਨਿਸਟੀਰੀਅਲ ਸਟਾਫ਼ ਪੂਰਾ ਦਿਨ ਸਮੂਹਿਕ ਛੁੱਟੀ 'ਤੇ ਰਹੇਗਾ। ਇਸ ਤੋਂ ਪਹਿਲਾਂ ਵੀ 27 ਅਗਸਤ ਨੂੰ ਮੁਲਾਜ਼ਮਾਂ ਨੇ ਸਮੂਹਿਕ ਛੁੱਟੀ ਲੈ ਕੇ ਸਰਕਾਰ ਵਿਰੁੱਧ ਆਪਣੇ ਤਿੱਖੇ ਸੰਘਰਸ਼ ਦਾ ਬਿਗੁਲ ਵਜਾਇਆ ਸੀ। ਮੁਲਾਜ਼ਮ ਜਥੇਬੰਦੀਆਂ ਦੇ ਇਸ ਸੰਘਰਸ਼ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਅਜੇ ਤੱਕ ਉਨ੍ਹਾਂ ਨੂੰ ਗੱਲਬਾਤ ਲਈ ਕੋਈ ਅਧਿਕਾਰਤ ਜਾਂ ਰਸਮੀ ਨਿਓਤਾ ਨਹੀਂ ਭੇਜਿਆ ਗਿਆ ਹੈ। ਹਾਲਾਂਕਿ, ਮੰਤਰੀ ਮੰਡਲ ਦੇ ਕਈ ਮੈਂਬਰਾਂ ਵੱਲੋਂ ਜਨਤਕ ਤੌਰ 'ਤੇ ਇਹ ਬਿਆਨ ਦਿੱਤੇ ਗਏ ਹਨ ਕਿ ਸਰਕਾਰ ਵੱਲੋਂ ਗੱਲਬਾਤ ਦੇ ਰਸਤੇ ਖੁੱਲ੍ਹੇ ਹਨ। ਦੂਜੇ ਪਾਸੇ, ਹੜਤਾਲੀ ਮੁਲਾਜ਼ਮ ਵੀ ਮਸਲੇ ਦੇ ਹੱਲ ਲਈ ਸਰਕਾਰ ਵੱਲੋਂ ਗੱਲਬਾਤ ਦੇ ਸੱਦੇ ਦੀ ਉਡੀਕ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਸੰਘਰਸ਼ ਦੇ ਦੌਰਾਨ ਸਰਕਾਰ ਅਤੇ ਮੁਲਾਜ਼ਮਾਂ ਵਿਚਾਲੇ ਤਣਾਅ ਉਸ ਸਮੇਂ ਹੋਰ ਵਧ ਗਿਆ ਸੀ, ਜਦੋਂ ਪੰਜਾਬ ਸਿਵਲ ਸਕੱਤਰੇਤ ਸਟਾਫ਼ ਐਸੋਸੀਏਸ਼ਨ ਦੇ ਚੇਅਰਮੈਨ ਸੁਖਚੈਨ ਸਿੰਘ ਖਹਿਰਾ ਦਾ ਤਬਾਦਲਾ ਕਰ ਦਿੱਤਾ ਗਿਆ। ਇਸ ਤੋਂ ਬਾਅਦ ਆਮ ਰਾਜ ਪ੍ਰਬੰਧ ਵਿਭਾਗ ਵੱਲੋਂ ਐਸੋਸੀਏਸ਼ਨ ਦੇ ਪ੍ਰਧਾਨ ਸੁਸ਼ੀਲ ਕੁਮਾਰ ਫ਼ੌਜੀ ਨੂੰ ਵੀ ਪੰਜਾਬ ਸਿਵਲ ਸਕੱਤਰੇਤ ਤੋਂ ਬਦਲ ਕੇ ਅਧੀਨ ਸੇਵਾਵਾਂ ਚੋਣ ਬੋਰਡ, ਮੋਹਾਲੀ ਦੇ ਦਫ਼ਤਰ ਵਿਖੇ ਭੇਜ ਦਿੱਤਾ ਗਿਆ ਸੀ। ਇਸ ਕਾਰਵਾਈ ਨੇ ਮੁਲਾਜ਼ਮ ਧਿਰਾਂ ਵਿੱਚ ਰੋਸ ਨੂੰ ਹੋਰ ਵਧਾ ਦਿੱਤਾ ਹੈ।

Posted By: Daily Suraj Bureau

Latest News