ਹਲਕਾ ਜੰਡਿਆਲਾ ਗੁਰੂ ਵਿੱਚ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਲੋਕਾਂ ਨਾਲ ਸਿੱਧਾ ਸੰਵਾਦ

ਹਲਕਾ ਜੰਡਿਆਲਾ ਗੁਰੂ ਵਿੱਚ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਲੋਕਾਂ ਨਾਲ ਸਿੱਧਾ ਸੰਵਾਦ

ਚਾਰ ਸਾਲਾਂ ਵਿੱਚ ਮਾਨ ਸਰਕਾਰ ਨੇ ਕੀਤੇ ਰਿਕਾਰਡ ਵਿਕਾਸ ਦੇ ਦਾਅਵੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਮੱਖਣਵਿੰਡੀ, ਬਾਬਾ ਜੱਸ ਹਵੇਲੀਆਂ, ਨਵਾਂ ਕੋਟ ਅਤੇ ਵਡਾਲਾ ਜੌਹਲ ਵਿਖੇ ਲੋਕਾਂ ਨਾਲ ਸਿੱਧਾ ਸੰਵਾਦ ਕਰਦੇ ਹੋਏ ਸਰਕਾਰ ਦੀਆਂ ਚਾਰ ਸਾਲਾਂ ਦੀਆਂ ਪ੍ਰਾਪਤੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿੱਚ ਹਰ ਖੇਤਰ ਵਿੱਚ ਰਿਕਾਰਡ ਤੌਰ ‘ਤੇ ਵਿਕਾਸ ਕੀਤਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੱਡੇ ਪ੍ਰੋਜੈਕਟ ਲਾਗੂ ਕਰਕੇ ਵਿਕਾਸ ਦੇ ਨਵੇਂ ਮਿਆਰ ਸਥਾਪਿਤ ਕੀਤੇ ਜਾਣਗੇ। ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਮੁਹੱਈਆ ਕਰਵਾਇਆ ਗਿਆ ਹੈ, ਜੋ ਦੇਸ਼ ਵਿੱਚ ਇੱਕ ਵਿਲੱਖਣ ਕਦਮ ਹੈ। ਸਿੱਖਿਆ, ਸਿਹਤ, ਰੁਜ਼ਗਾਰ ਅਤੇ ਉਦਯੋਗਿਕ ਖੇਤਰਾਂ ਵਿੱਚ ਵੱਡੇ ਸੁਧਾਰ ਲਿਆਂਦੇ ਗਏ ਹਨ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸੜਕਾਂ, ਪੁੱਲਾਂ ਅਤੇ ਹੋਰ ਵਿਕਾਸ ਪ੍ਰੋਜੈਕਟਾਂ ‘ਤੇ ਕਰੋੜਾਂ ਰੁਪਏ ਖਰਚ ਕੀਤੇ ਗਏ ਹਨ। ਉਨ੍ਹਾਂ ਮਹਿਲਾਵਾਂ ਦੀ ਆਰਥਿਕ ਮਜ਼ਬੂਤੀ ਲਈ ਜਨਰਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਅਤੇ ਐਸ.ਸੀ ਵਰਗ ਦੀਆਂ ਔਰਤਾਂ ਨੂੰ 1500 ਰੁਪਏ ਦੀ ਸਹੂਲਤ ਦੇਣ ਦੀ ਗੱਲ ਵੀ ਦੋਹਰਾਈ। ਇਸਦੇ ਨਾਲ ਹੀ 300 ਯੂਨਿਟ ਮੁਫ਼ਤ ਬਿਜਲੀ ਸਕੀਮ ਤਹਿਤ 90 ਫੀਸਦੀ ਤੋਂ ਵੱਧ ਖਪਤਕਾਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ। ਨਸ਼ਿਆਂ ਦੇ ਖਾਤਮੇ ਲਈ ਚੱਲ ਰਹੀ ਮੁਹਿੰਮ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਤਰੱਕੀ ਅਤੇ ਖੁਸ਼ਹਾਲੀ ਦੀਆਂ ਨਵੀਆਂ ਉਚਾਈਆਂ ਤੱਕ ਲਿਜਾਇਆ ਜਾਵੇਗਾ। ਇਸ ਮੌਕੇ ਬਲਾਕ ਪ੍ਰਧਾਨ ਬਲਰਾਜ ਸਿੰਘ, ਚੇਅਰਮੈਨ ਛਨਾਖ ਸਿੰਘ, ਸਰਪੰਚ ਸੁੰਦਰ ਸਿੰਘ (ਮੱਖਣਵਿੰਡੀ), ਸਰਪੰਚ ਜਗਜੀਤ ਸਿੰਘ (ਵਡਾਲਾ ਜੌਹਲ), ਸਰਪੰਚ ਹਰਜਿੰਦਰ ਸਿੰਘ (ਨਵਾਂ ਕੋਟ) ਸਮੇਤ ਹੋਰ ਗਣਮਾਨਯ ਵਿਅਕਤੀ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਮੌਜੂਦ ਸਨ।