ਖੰਨਾ ਦੇ ਨਵੇਂ ਐਸਐਸਪੀ ਡਾ. ਦਰਪਣ ਆਹਲੂਵਾਲੀਆ ਨੇ ਅਹੁਦਾ ਸੰਭਾਲਦੇ ਕਿਹਾ-ਅਪਰਾਧ ਨੂੰ ਠੱਲ ਪਾਉਣਾ ਮੁੱਖ ਤਰਜੀਹ
- ਲੁਧਿਆਣਾ
- (Asia/Kolkata)
ਖੰਨਾ, (ਹਰਪ੍ਰੀਤ ਸਿੰਘ ਪ੍ਰਿੰਸ) - ਖੰਨਾ ਦੇ ਨਵੇਂ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਡਾ. ਦਰਪਣ ਆਹਲੂਵਾਲੀਆ ਨੇ ਕਿਹਾ ਹੈ ਕਿ ਸ਼ਹਿਰਾਂ ਅਤੇ ਪਿੰਡਾਂ 'ਚ ਅਪਰਾਧ ਨੂੰ ਰੋਕਣਾ ਅਤੇ ਠੱਲ ਪਾਉਣ ਦੇ ਨਾਲ ਨਾਲ ਲੋਕਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਨੂੰ ਮੁੱਖ ਤਰਜ਼ੀਹ ਦਿੱਤੀ ਜਾਵੇਗੀ। ਸੋਮਵਾਰ ਨੂੰ ਦਫਤਰ ਸੀਨੀਅਰ ਪੁਲਿਸ ਕਪਤਾਨ ਖੰਨਾ ਵਿਖੇ ਆਪਣਾ ਚਾਰਜ ਲੈਣ ਉਪਰੰਤ ਉਨ੍ਹਾਂ ਕਿਹਾ ਕਿ ਦੇਸ਼ ਅਤੇ ਸਮਾਜ ਦੀ ਸ਼ਾਨਦਾਰ ਸੇਵਾ ਕਰਨ ਦੀ ਪੰਜਾਬ ਪੁਲਿਸ ਦੀ ਇਕ ਸ਼ਾਨਾਮੱਤੀ ਰਵਾਇਤ ਹੈ ਅਤੇ ਇਸ ਨੂੰ ਬਰਕਰਾਰ ਰੱਖਣ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ। ਅਮਨ ਕਾਨੂੰਨ ਦੀ ਸਥਿਤੀ ਨੂੰ ਕਾਬੂ 'ਚ ਰੱਖਣ ਸਬੰਧੀ ਕੀਤੇ ਜਾਣ ਵਾਲੇ ਯਤਨਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਅਪਰਾਧੀਆਂ 'ਤੇ ਨਕੇਲ ਕੱਸਣ ਲਈ ਸ਼੍ਰੇਣੀ ਵਾਰ ਉਨ੍ਹਾਂ ਦੀ ਸੂਚੀ ਤਿਆਰ ਕੀਤੀ ਜਾਵੇਗੀ ਅਤੇ ਉਨ੍ਹਾਂ 'ਤੇ ਸਖਤ ਨਿਗ੍ਹਾ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ਼ ਜੰਗ ਨੂੰ ਸ਼ਹਿਰਾਂ ਅਤੇ ਪਿੰਡਾਂ 'ਚ ਹੋਰ ਵੀ ਪ੍ਰਭਾਵੀ ਢੰਗ ਨਾਲ ਚਲਾਇਆ ਜਾਵੇਗਾ ਅਤੇ ਇਸ ਕੋਹੜ ਤੋਂ ਮੁਕਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰਾਂ ਦੇ ਟ੍ਰੈਫਿਕ ਨੂੰ ਵੀ ਨਿਯੰਤਰਣ 'ਚ ਕਰਨ ਲਈ ਪ੍ਰਭਾਵੀ ਰਣਨੀਤੀ ਤਿਆਰ ਕੀਤੀ ਜਾਵੇਗੀ, ਜਿਸ ਲਈ ਟ੍ਰੈਫਿਕ ਦੇ ਪ੍ਰਬੰਧਾਂ ਦੀ ਚੰਗੀ ਤਰ੍ਹਾਂ ਨਾਲ ਘੋਖ ਕੀਤੀ ਜਾਵੇਗੀ। ਇਸੇ ਤਰ੍ਹਾਂ ਸ਼ਹਿਰ 'ਚ ਕਿਸੇ ਵੀ ਤਰ੍ਹਾਂ ਦੇ ਹੰਗਾਮੀ ਹਾਲਾਤਾਂ ਨਾਲ ਨਜਿੱਠਣ ਲਈ ਪੀਸੀਆਰ ਨੂੰ ਵੀ ਹੋਰ ਚੁਸਤ ਦਰੁਸਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਥਾਣਿਆ 'ਚ ਪਬਲਿਕ ਡੀਲਿੰਗ ਨੂੰ ਵੀ ਹੋਰ ਬਿਹਤਰ ਢੰਗ ਨਾਲ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਵਧੀਆ, ਜਵਾਬਦੇਹ ਤੇ ਪਾਰਦਰਸ਼ੀ ਪੁਲਿਸ ਪ੍ਰਣਾਲੀ ਦੇਣਾ ਵੀ ਉਨ੍ਹਾਂ ਦੀ ਤਰਜੀਹ ਹੋਵੇਗੀ, ਜਿਸ ਲਈ ਲੋਕਾਂ ਤੋਂ ਸੁਝਾਅ ਲਏ ਜਾਣਗੇ। ਉਨ੍ਹਾਂ ਕਿਹਾ ਕਿ ਪੁਲਿਸ ਫੋਰਸ ਦੇ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਭਲਾਈ ਲਈ ਵੀ ਉਚੇਚੇ ਕਦਮ ਚੁੱਕੇ ਜਾਣਗੇ ਅਤੇ ਕਿਹਾ ਕਿ ਸ਼ਹਿਰਾਂ ਅਤੇ ਪਿੰਡਾਂ 'ਚ ਬਜ਼ੁਰਗਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵੀ ਹਰ ਸੰਭਵ ਉਪਰਾਲੇ ਕੀਤੇ ਜਾਣਗੇ। ਅੱਜ ਸਿਰਫ ਸ਼ੁਰੂਆਤ ਹੈ ਅਤੇ ਛੇਤੀ ਹੀ ਸ਼ਹਿਰਾਂ ਅਤੇ ਪਿੰਡਾਂ ਨਾਲ ਸਬੰਧਤ ਸਾਰੇ ਸੰਵੇਦਨਸ਼ੀਲ ਮੁੱਦਿਆਂ ਬਾਰੇ 'ਚ ਜਾਣਕਾਰੀ ਹਾਸਲ ਕਰਕੇ ਉਨ੍ਹਾਂ ਦਾ ਢੁੱਕਵਾਂ ਹੱਲ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਡਾ. ਦਰਪਣ ਆਹਲੂਵਾਲੀਆ ਨੂੰ ਦਫਤਰ ਪੁੱਜਣ 'ਤੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਉਪਰੰਤ ਉਨ੍ਹਾਂ ਤਾਇਨਾਤ ਸੀਨੀਅਰ ਅਧਿਕਾਰੀ ਐਸ.ਪੀਜ਼, ਡੀਐਸਪੀਜ਼, ਸਮੂਹ ਐਸਐਚਓ ਨਾਲ ਬੈਠਕ ਕਰ ਕੇ ਸ਼ਹਿਰਾਂ ਅਤੇ ਪਿੰਡਾਂ ਦੇ ਹਾਲਾਤਾਂ ਦਾ ਜਾਇਜ਼ਾ ਲਿਆ। ਇਸ ਮੌਕੇ ਐਸਪੀ (ਹੈਡਕੁਆਰਟਰ) ਹਰਪਿੰਦਰ ਕੌਰ ਗਿੱਲ, ਐਸਪੀ ਪ੍ਰਸ਼ੋਤਮ ਸਿੰਘ ਬੱਲ, ਐਸਪੀ (ਆਈ) ਪਵਨਜੀਤ, ਡੀਐਸਪੀ (ਡੀ) ਮੋਹਿਤ ਕੁਮਾਰ, ਡੀਐਸਪੀ (ਐਨਡੀਪੀਐਸ) ਕਰਮਜੀਤ ਸਿੰਘ ਗਰੇਵਾਲ, ਡੀਐਸਪੀ ਖੰਨਾ ਵਿਨੋਦ ਕੁਮਾਰ, ਡੀਐਸਪੀ ਸਮਰਾਲਾ ਤਰਲੋਚਨ ਸਿੰਘ, ਡੀਐਸਪੀ ਪਾਇਲ ਜਸਵਿੰਦਰ ਸਿੰਘ, ਡੀਐਸਪੀ ਪਵਨ ਕੁਮਾਰ, ਡੀਐਸਪੀ ਕਰਮਵੀਰ ਸਿੰਘ, ਸਮੂਹ ਐਸਐਚਓਜ਼ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
Leave a Reply