BJP ਹੈੱਡਕੁਆਰਟਰ ਹਮਲਾ ਕੇਸ ‘ਚ ਵੱਡੀ ਕਾਰਵਾਈ, ਪੁਲਿਸ ਨੇ ਖੋਲ੍ਹੇ ਰਾਜ

BJP ਹੈੱਡਕੁਆਰਟਰ ਹਮਲਾ ਕੇਸ ‘ਚ ਵੱਡੀ ਕਾਰਵਾਈ, ਪੁਲਿਸ ਨੇ ਖੋਲ੍ਹੇ ਰਾਜ

ਚੰਡੀਗੜ੍ਹ ਵਿੱਚ ਪੰਜਾਬ ਭਾਜਪਾ ਹੈੱਡਕੁਆਰਟਰ ‘ਤੇ ਹੋਏ ਹਮਲੇ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਦੀਆਂ ਤਸਵੀਰਾਂ ਵੀ ਹੁਣ ਸਾਹਮਣੇ ਆ ਗਈਆਂ ਹਨ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ ਇੱਕ ਮੁਲਜ਼ਮ ਹਿਮਾਚਲ ਪ੍ਰਦੇਸ਼ ਦੇ ਰੋਹੜੂ ਇਲਾਕੇ ਦਾ ਰਹਿਣ ਵਾਲਾ ਹੈ, ਜਦਕਿ ਬਾਕੀ ਚਾਰ ਪੰਜਾਬ ਨਾਲ ਸੰਬੰਧਿਤ ਹਨ। ਪੁਲਿਸ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਮੁਲਜ਼ਮਾਂ ਦੀ ਪਛਾਣ ਬਲਵਿੰਦਰ ਲਾਲ ਉਰਫ਼ ਸ਼ੰਮੀ (ਪਿੰਡ ਮਾਜਰੀ, ਐਸ.ਬੀ.ਐਸ. ਨਗਰ), ਜਸਵੀਰ ਸਿੰਘ ਉਰਫ਼ ਜੱਸੀ (ਪਿੰਡ ਭਰਾਪੁਰ, ਐਸ.ਬੀ.ਐਸ. ਨਗਰ), ਚਰਨਜੀਤ ਸਿੰਘ ਉਰਫ਼ ਚੰਨੀ (ਪਿੰਡ ਸੁਜਾਵਲਪੁਰ, ਐਸ.ਬੀ.ਐਸ. ਨਗਰ), ਰੂਬਲ ਚੌਹਾਨ (ਪਿੰਡ ਠਾਣਾ, ਸ਼ਿਮਲਾ) ਅਤੇ ਮਨਦੀਪ ਉਰਫ਼ ਅਭਿਜੋਤ ਸ਼ਰਮਾ (ਧੂਰੀ, ਸੰਗਰੂਰ) ਵਜੋਂ ਹੋਈ ਹੈ। ਮੁਹਾਲੀ ਸਥਿਤ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵੱਲੋਂ ਇਸ ਮਾਮਲੇ ਵਿੱਚ ਮੁਲਜ਼ਮਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਫਿਲਹਾਲ ਸਾਰੇ ਮੁਲਜ਼ਮ ਪੰਜਾਬ ਪੁਲਿਸ ਦੀ ਰਿਮਾਂਡ ‘ਤੇ ਹਨ ਅਤੇ ਉਨ੍ਹਾਂ ਨੂੰ ਜਲਦੀ ਚੰਡੀਗੜ੍ਹ ਲਿਆਉਣ ਦੀ ਕਾਰਵਾਈ ਕੀਤੀ ਜਾ ਰਹੀ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਇਸ ਮਾਡਿਊਲ ਨੂੰ ਪਾਕਿਸਤਾਨ ਦੀ ਆਈਐਸਆਈ ਦਾ ਸਮਰਥਨ ਮਿਲਿਆ ਹੋਇਆ ਸੀ। ਉਨ੍ਹਾਂ ਦੇ ਅਨੁਸਾਰ ਇਹ ਗਰੁੱਪ ਪੁਰਤਗਾਲ ਅਤੇ ਜਰਮਨੀ ਵਿੱਚ ਬੈਠੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ਹੇਠ ਕੰਮ ਕਰ ਰਿਹਾ ਸੀ। ਇਹ ਵੀ ਸਾਹਮਣੇ ਆਇਆ ਹੈ ਕਿ ਇਹ ਦੋਸ਼ੀ ਇਕ ਸੰਗਠਿਤ ਨੈੱਟਵਰਕ ਦਾ ਹਿੱਸਾ ਸਨ, ਜਿਸ ਵਿੱਚ ਹਮਲੇ ਨੂੰ ਅੰਜਾਮ ਦੇਣ ਲਈ ਵੱਖ-ਵੱਖ ਸਬ-ਮਾਡਿਊਲ ਅਤੇ ਕੱਟਆਊਟ ਸ਼ਾਮਲ ਸਨ। ਉਨ੍ਹਾਂ ਇਹ ਵੀ ਕਿਹਾ ਕਿ ਹਮਲੇ ਵਿੱਚ ਸ਼ਾਮਲ ਦੋ ਮੁੱਖ ਦੋਸ਼ੀਆਂ ਦੀ ਪਛਾਣ ਕਰ ਲਈ ਗਈ ਹੈ ਅਤੇ ਮਾਮਲੇ ਦੇ ਹੋਰ ਪੱਖਾਂ ਦੀ ਜਾਂਚ ਜਾਰੀ ਹੈ ਤਾਂ ਜੋ ਪੂਰੇ ਨੈੱਟਵਰਕ ਨੂੰ ਬੇਨਕਾਬ ਕੀਤਾ ਜਾ ਸਕੇ। ਇਸ ਦੇ ਨਾਲ ਹੀ ਫਰਾਰ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਮਾਮਲੇ ਸਬੰਧੀ ਐਫਆਈਆਰ ਨੰਬਰ 4 ਮਿਤੀ 3 ਅਪ੍ਰੈਲ 2026 ਨੂੰ ਅਸਲਾ ਐਕਟ ਦੀ ਧਾਰਾ 25(1)(2) ਅਤੇ ਬੀਐਨਐਸ ਦੀ ਧਾਰਾ 61(2) ਅਧੀਨ ਪੁਲਿਸ ਸਟੇਸ਼ਨ ਐਸਐਓਸੀ ਐਸਬੀਐਸ ਨਗਰ ਵਿੱਚ ਦਰਜ ਕੀਤੀ ਗਈ ਹੈ।