Daily Suraj

ਪੰਜਾਬੀ

ਗਰਮੀ ਅਤੇ ਨਮੀ ਨੇ ਵਧਾਈ ਲੋਕਾਂ ਦੀ ਪਰੇਸ਼ਾਨੀ, ਮੌਸਮ 'ਚ ਬਦਲਾਅ ਦੀ ਉਮੀਦ 1 ਜੁਲਾਈ ਤੋਂ

29 Jun, 2026 04:33 PM

ਪੰਜਾਬ ਅਤੇ ਚੰਡੀਗੜ੍ਹ ਵਿੱਚ ਗਰਮੀ ਅਤੇ ਹੁੰਮਸ ਦਾ ਅਸਰ ਲਗਾਤਾਰ ਵਧਦਾ ਜਾ ਰਿਹਾ ਹੈ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਵੱਲੋਂ ਜਾਰੀ ਤਾਜ਼ਾ ਬੁਲੇਟਿਨ ਅਨੁਸਾਰ, ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਅਤੇ ਤੇਜ਼ ਹਵਾਵਾਂ ਦਰਜ ਕੀਤੀਆਂ ਗਈਆਂ। ਇਸ ਦੇ ਬਾਵਜੂਦ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 0.5 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ, ਜਿਸ ਕਾਰਨ ਗਰਮੀ ਅਤੇ ਨਮੀ ਨੇ ਲੋਕਾਂ ਦੀਆਂ ਮੁਸ਼ਕਲਾਂ ਹੋਰ ਵਧਾ ਦਿੱਤੀਆਂ। ਮੌਸਮ ਵਿਗਿਆਨ ਕੇਂਦਰ ਨੇ ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ, ਹਾਲਾਂਕਿ ਇਸ ਵੇਲੇ ਕਿਸੇ ਕਿਸਮ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ। ਜਿਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਦੇ ਆਸਾਰ ਹਨ, ਉਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਸ਼ਾਮਲ ਹਨ। ਮੌਸਮ ਵਿਭਾਗ ਅਨੁਸਾਰ 29 ਅਤੇ 30 ਜੂਨ ਦੌਰਾਨ ਪੰਜਾਬ ਅਤੇ ਚੰਡੀਗੜ੍ਹ ਲਈ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ। ਇਸ ਸਮੇਂ ਦੌਰਾਨ ਮੌਸਮ ਮੁੱਖ ਤੌਰ 'ਤੇ ਸਾਫ਼ ਜਾਂ ਅੰਸ਼ਕ ਤੌਰ 'ਤੇ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਕੁਝ ਥਾਵਾਂ 'ਤੇ ਹਲਕੀ ਬੂੰਦਾਬਾਂਦੀ ਜਾਂ ਗਰਜ-ਤੂਫ਼ਾਨ ਹੋ ਸਕਦਾ ਹੈ, ਪਰ ਹੁੰਮਸ ਤੋਂ ਰਾਹਤ ਮਿਲਣ ਦੀ ਸੰਭਾਵਨਾ ਘੱਟ ਹੈ। ਮੌਸਮ ਵਿਭਾਗ ਨੇ 1 ਅਤੇ 2 ਜੁਲਾਈ ਲਈ ਪੰਜਾਬ ਅਤੇ ਚੰਡੀਗੜ੍ਹ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਗਰਜ-ਤੂਫ਼ਾਨ, ਬਿਜਲੀ ਡਿੱਗਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਕਈ ਜ਼ਿਲ੍ਹਿਆਂ ਵਿੱਚ ਧੂੜ ਭਰੀਆਂ ਹਨੇਰੀਆਂ ਦੇ ਨਾਲ ਭਾਰੀ ਬਾਰਿਸ਼ ਹੋਣ ਦੇ ਵੀ ਆਸਾਰ ਹਨ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਬਾਰਿਸ਼ ਤੋਂ ਬਾਅਦ ਤਾਪਮਾਨ ਵਿੱਚ 3 ਤੋਂ 5 ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਆ ਸਕਦੀ ਹੈ। ਇਸ ਵਾਰ ਮਾਨਸੂਨ ਦੀ ਆਮਦ ਵੀ ਆਮ ਸਮੇਂ ਨਾਲੋਂ ਦੇਰੀ ਨਾਲ ਹੋਣ ਦੀ ਸੰਭਾਵਨਾ ਹੈ। ਜਿੱਥੇ ਆਮ ਤੌਰ 'ਤੇ ਮਾਨਸੂਨ 30 ਜੂਨ ਤੱਕ ਪੰਜਾਬ ਪਹੁੰਚ ਜਾਂਦਾ ਹੈ, ਉੱਥੇ ਇਸ ਵਾਰ ਇਸ ਦੇ 3 ਜੁਲਾਈ ਦੇ ਆਸਪਾਸ ਪਹੁੰਚਣ ਦੀ ਉਮੀਦ ਹੈ। ਇਸ ਕਾਰਨ ਸੂਬੇ ਦੇ ਲੋਕਾਂ ਨੂੰ ਤਿੱਖੀ ਗਰਮੀ ਅਤੇ ਨਮੀ ਤੋਂ ਪੂਰੀ ਰਾਹਤ ਲਈ ਘੱਟੋ-ਘੱਟ ਪੰਜ ਦਿਨ ਹੋਰ ਉਡੀਕ ਕਰਨੀ ਪੈ ਸਕਦੀ ਹੈ।

Posted By: Daily Suraj Bureau

Latest News