ਜਲੰਧਰ ਦੇ ਰਾਜ ਨਗਰ ਵਿੱਚ ਦੋ ਗੁੱਟਾਂ ਦੀ ਝੜਪ ਦੌਰਾਨ ਫਾਇਰਿੰਗ, ਇੱਕ ਜ਼ਖ਼ਮੀ
ਜਲੰਧਰ ਦੇ ਰਾਜ ਨਗਰ ਇਲਾਕੇ ਵਿੱਚ ਬੀਤੀ ਰਾਤ ਦੋ ਗੁੱਟਾਂ ਵਿਚਾਲੇ ਹੋਈ ਝੜਪ ਦੌਰਾਨ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਇਸ ਦੌਰਾਨ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਇਲਾਜ ਲਈ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਮਿਲੀ ਜਾਣਕਾਰੀ ਅਨੁਸਾਰ ਇੱਕੋ ਗਲੀ ਵਿੱਚ ਰਹਿਣ ਵਾਲੇ ਦੋ ਗੁੱਟ ਪੁਰਾਣੀ ਰੰਜਿਸ਼ ਨੂੰ ਲੈ ਕੇ ਆਪਸ ਵਿੱਚ ਭਿੜ ਗਏ। ਝਗੜੇ ਦੌਰਾਨ ਇੱਕ ਪੱਖ ਵੱਲੋਂ ਦੂਜੇ ਗੁੱਟ ਦੇ ਘਰ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ਤੋੜ ਦਿੱਤੇ ਗਏ। ਇਸ ਤੋਂ ਇਲਾਵਾ ਦੋਹਾਂ ਪੱਖਾਂ ਵੱਲੋਂ ਇੱਟਾਂ ਚਲਾਈਆਂ ਗਈਆਂ ਅਤੇ ਗੋਲੀਆਂ ਵੀ ਚੱਲੀਆਂ। ਫਾਇਰਿੰਗ ਦੀ ਸੂਚਨਾ ਮਿਲਦੇ ਹੀ ਏਡੀਸੀਪੀ ਸਿਟੀ-2 ਰਾਕੇਸ਼ ਯਾਦਵ ਅਤੇ ਬਸਤੀ ਬਾਵਾ ਖੇਲ ਥਾਣੇ ਦੀ ਪੁਲੀਸ ਟੀਮ ਮੌਕੇ ‘ਤੇ ਪਹੁੰਚ ਗਈ। ਪੁਲੀਸ ਨੇ ਘਟਨਾ ਸਥਾਨ ਤੋਂ ਗੋਲੀਆਂ ਦੇ ਕੁਝ ਖਾਲੀ ਖੋਲ ਬਰਾਮਦ ਕੀਤੇ ਹਨ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਡਰ ਅਤੇ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਦੂਜੇ ਪਾਸੇ ਇੱਕ ਮਹਿਲਾ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਹ ਆਪਣੇ ਘਰ ਵਿੱਚ ਧਾਰਮਿਕ ਸਮਾਗਮ ਕਰਵਾ ਰਹੀ ਸੀ। ਉਸ ਦੇ ਮੁਤਾਬਕ ਰਾਤ ਦਾ ਖਾਣਾ ਖਾਣ ਤੋਂ ਬਾਅਦ ਜਦੋਂ ਪਰਿਵਾਰ ਦੇ ਮੈਂਬਰ ਸੌਂ ਰਹੇ ਸਨ, ਤਾਂ ਉਸੇ ਗਲੀ ਦੇ ਕੁਝ ਨੌਜਵਾਨ ਘਰ ਵਿੱਚ ਦਾਖਲ ਹੋ ਗਏ ਅਤੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ। ਮਹਿਲਾ ਦੇ ਅਨੁਸਾਰ ਹਮਲਾਵਰਾਂ ਨੇ ਸੀਸੀਟੀਵੀ ਕੈਮਰੇ ਤੋੜ ਦਿੱਤੇ ਅਤੇ ਗੋਲੀਆਂ ਵੀ ਚਲਾਈਆਂ, ਜਿਸ ਤੋਂ ਬਾਅਦ ਉਸ ਨੇ ਤੁਰੰਤ ਪੁਲੀਸ ਨੂੰ ਸੂਚਿਤ ਕੀਤਾ। ਏਡੀਸੀਪੀ ਸਿਟੀ-2 ਰਾਕੇਸ਼ ਯਾਦਵ ਨੇ ਕਿਹਾ ਕਿ ਪੁਲੀਸ ਨੂੰ ਕੰਟਰੋਲ ਰੂਮ ‘ਤੇ ਦੋ ਗੁੱਟਾਂ ਵਿਚਾਲੇ ਝਗੜੇ ਦੀ ਸੂਚਨਾ ਮਿਲੀ ਸੀ। ਉਨ੍ਹਾਂ ਦੱਸਿਆ ਕਿ ਦੋਵੇਂ ਪੱਖ ਇੱਕ-ਦੂਜੇ ‘ਤੇ ਦੋਸ਼ ਲਗਾ ਰਹੇ ਹਨ। ਪੁਲੀਸ ਟੀਮ ਵੱਲੋਂ ਆਸ-ਪਾਸ ਦੇ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਗਲੀ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।
Posted By: Daily Suraj Bureau