ਰਾਜਨੀਤਿਕ ਤਬਦੀਲੀਆਂ ‘ਤੇ ਮੁੱਖ ਮੰਤਰੀ ਮਾਨ ਦਾ ਹਮਲਾ, ਦਲ-ਬਦਲ ‘ਤੇ ਉਠਾਏ ਸਵਾਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਛੱਡਣ ਵਾਲੇ ਸੱਤ ਰਾਜ ਸਭਾ ਮੈਂਬਰਾਂ ‘ਤੇ ਤਿੱਖਾ ਵਿਅੰਗ ਕਸਿਆ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸਾਂਝੀ ਕਰਦਿਆਂ ਲਿਖਿਆ, “ਅਦਰਕ, ਲਸਣ, ਜੀਰਾ, ਮੇਥੀ ਪਾਊਡਰ, ਲਾਲ ਮਿਰਚ, ਕਾਲੀ ਮਿਰਚ ਅਤੇ ਧਨੀਆ — ਇਹ 7 ਚੀਜ਼ਾਂ ਮਿਲਕੇ ਸਬਜ਼ੀ ਨੂੰ ਵਧੀਆ ਬਣਾ ਦਿੰਦੀਆਂ ਨੇ, ਪਰ ਇਨ੍ਹਾਂ ਦੀ ਆਪਣੀ ‘ਸਬਜ਼ੀ’ ਨਹੀਂ ਬਣ ਸਕਦੀ।” ਇਸ ਦੌਰਾਨ ਰਾਜਨੀਤਿਕ ਪੱਧਰ ‘ਤੇ ਵੀ ਵੱਡੇ ਬਦਲਾਅ ਦੇਖਣ ਨੂੰ ਮਿਲੇ ਹਨ। ਬੀਤੇ ਦਿਨ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਨਵੀਂ ਦਿੱਲੀ ਵਿੱਚ ਭਾਜਪਾ ਹੈੱਡਕੁਆਰਟਰ ‘ਚ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਭਾਜਪਾ ਪ੍ਰਧਾਨ ਨਿਤਿਨ ਨਵੀਨ ਨੇ ਉਨ੍ਹਾਂ ਨੂੰ ਪਾਰਟੀ ਦੀ ਮੈਂਬਰਸ਼ਿਪ ਦਿਵਾਈ। ਰਾਘਵ ਚੱਢਾ ਦੇ ਨਾਲ ਅਸ਼ੋਕ ਮਿੱਤਲ ਅਤੇ ਸੰਦੀਪ ਪਾਠਕ ਵੀ ਭਾਜਪਾ ਵਿੱਚ ਸ਼ਾਮਲ ਹੋਏ। ਰਾਘਵ ਚੱਢਾ ਨੇ ਇਹ ਵੀ ਦਾਅਵਾ ਕੀਤਾ ਕਿ ਹਰਭਜਨ ਸਿੰਘ, ਵਿਕਰਮਜੀਤ ਸਿੰਘ ਸਾਹਨੀ, ਸਵਾਤੀ ਮਾਲੀਵਾਲ ਅਤੇ ਰਾਜੇਂਦਰ ਗੁਪਤ ਵੀ ਉਨ੍ਹਾਂ ਦੇ ਨਾਲ ਹਨ। ਇਸ ਮਾਮਲੇ ‘ਤੇ ਪ੍ਰਤੀਕਿਰਿਆ ਦਿੰਦਿਆਂ ਭਗਵੰਤ ਮਾਨ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਪੰਜਾਬ ਦੇ ਸੂਝਵਾਨ ਅਤੇ ਅਣਖੀ ਲੋਕ ਉਨ੍ਹਾਂ ਆਗੂਆਂ ਨੂੰ ਕਦੇ ਮੁਆਫ ਨਹੀਂ ਕਰਨਗੇ, ਜਿਨ੍ਹਾਂ ਨੇ ਆਪਣੇ ਨਿੱਜੀ ਹਿੱਤਾਂ ਲਈ ਲੋਕਾਂ ਦਾ ਭਰੋਸਾ ਤੋੜਿਆ। ਉਨ੍ਹਾਂ ਕਿਹਾ ਕਿ ਪੰਜਾਬੀ ਕਦੇ ਵੀ ਵਿਸ਼ਵਾਸਘਾਤ ਨੂੰ ਨਹੀਂ ਭੁੱਲਦੇ ਅਤੇ ਜਿਨ੍ਹਾਂ ਨੇ ਲੋਕਾਂ ਨਾਲ ਧੋਖਾ ਕੀਤਾ, ਉਹ ਸਿਆਸਤ ਵਿੱਚੋਂ ਹੌਲੀ-ਹੌਲੀ ਗਾਇਬ ਹੋ ਗਏ। ਮੁੱਖ ਮੰਤਰੀ ਨੇ ਕਿਹਾ ਕਿ ਲੋਕਤੰਤਰ ਵਿੱਚ ਪਾਰਟੀ ਸਰਵਉੱਚ ਹੁੰਦੀ ਹੈ, ਨਾ ਕਿ ਉਹ ਵਿਅਕਤੀ ਜੋ ਆਪਣੇ ਫਾਇਦੇ ਲਈ ਵਾਰ-ਵਾਰ ਦਲ ਬਦਲਦੇ ਹਨ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਦੇਸ਼ ਵਿੱਚ ਭਾਰਤੀ ਜਨਤਾ ਪਾਰਟੀ ਦੀ ਰਣਨੀਤੀ ਖੇਤਰੀ ਪਾਰਟੀਆਂ ਨੂੰ ਕਮਜ਼ੋਰ ਕਰਨ ਦੀ ਰਹੀ ਹੈ। ਉਨ੍ਹਾਂ ਮੁਤਾਬਕ, ਭਾਜਪਾ ਵੱਖ-ਵੱਖ ਪਾਰਟੀਆਂ ਵਿੱਚ ਫੁੱਟ ਪਾ ਕੇ ਉਨ੍ਹਾਂ ਨੂੰ ਤੋੜਨ ਦੀ ਕੋਸ਼ਿਸ਼ ਕਰਦੀ ਆ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਮਮਤਾ ਬੈਨਰਜੀ ਦੀ ਪਾਰਟੀ, ਊਧਵ ਠਾਕਰੇ ਦੀ ਪਾਰਟੀ ਅਤੇ ਸ਼ਰਦ ਪਵਾਰ ਦੀ ਪਾਰਟੀ ਵਿੱਚ ਵੀ ਇਸੇ ਤਰ੍ਹਾਂ ਦੀਆਂ ਸਿਆਸੀ ਚਾਲਾਂ ਦੇਖੀਆਂ ਗਈਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਨਵੀਨ ਪਟਨਾਇਕ, ਦੁਸ਼ਯੰਤ ਚੌਟਾਲਾ ਅਤੇ ਨਿਤੀਸ਼ ਕੁਮਾਰ ਵਰਗੇ ਆਗੂਆਂ ਨੂੰ ਵੀ ਇਸ ਤਰ੍ਹਾਂ ਦੀ ਰਾਜਨੀਤਿਕ ਰਣਨੀਤੀ ਰਾਹੀਂ ਨਿਸ਼ਾਨਾ ਬਣਾਇਆ ਗਿਆ ਹੈ।
Posted By: Daily Suraj Bureau