ਵੈਸ਼ਨੋ ਦੇਵੀ ਦਰਸ਼ਨ ਕਰਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਭਿਆਨਕ ਹਾਦਸਾ
ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਵਾਪਸ ਪਰਤ ਰਹੇ ਮਾਨਸਾ ਜ਼ਿਲ੍ਹੇ ਦੇ ਇੱਕ ਪਰਿਵਾਰ ਨਾਲ ਪਠਾਨਕੋਟ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਦਰਦਨਾਕ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਪਰਿਵਾਰ ਦੇ 14 ਹੋਰ ਮੈਂਬਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਇਹ ਹਾਦਸਾ ਸ਼ੁੱਕਰਵਾਰ ਸਵੇਰੇ ਤੜਕੇ ਕਰੀਬ 5 ਵਜੇ ਵਾਪਰਿਆ। ਘਟਨਾ ਦੀ ਖ਼ਬਰ ਮਿਲਦਿਆਂ ਹੀ ਸਰਦੂਲਗੜ੍ਹ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ। ਪ੍ਰਾਪਤ ਜਾਣਕਾਰੀ ਅਨੁਸਾਰ, ਇਹ ਪਰਿਵਾਰ ਆਮ ਆਦਮੀ ਪਾਰਟੀ ਸਰਦੂਲਗੜ੍ਹ ਦੇ ਸੀਨੀਅਰ ਆਗੂ ਅਤੇ ਪੰਜਾਬ ਰਾਜ ਰੈਗੂਲੇਟਰੀ ਦੇ ਸਾਬਕਾ ਡਾਇਰੈਕਟਰ ਨੇਮ ਚੰਦ ਚੌਧਰੀ ਨਾਲ ਸਬੰਧਤ ਹੈ। ਪਰਿਵਾਰ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਤੋਂ ਬਾਅਦ ਗੱਡੀ ਰਾਹੀਂ ਵਾਪਸ ਆ ਰਿਹਾ ਸੀ, ਜਦੋਂ ਇਹ ਹਾਦਸਾ ਵਾਪਰਿਆ। ਹਾਦਸੇ ਵਿੱਚ ਨੇਮ ਚੰਦ ਚੌਧਰੀ ਦੇ ਜੀਜਾ ਭੂਸ਼ਨ ਜੈਨ ਅਤੇ ਉਨ੍ਹਾਂ ਦੀ ਭੈਣ ਬਿੱਲੋ ਰਾਣੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਮੰਦਭਾਗੀ ਘਟਨਾ ਨੇ ਪਰਿਵਾਰ ਅਤੇ ਇਲਾਕੇ ਦੇ ਲੋਕਾਂ ਨੂੰ ਗਹਿਰੇ ਸਦਮੇ ਵਿੱਚ ਪਾ ਦਿੱਤਾ ਹੈ। ਇਸ ਹਾਦਸੇ ਦੌਰਾਨ ਨੇਮ ਚੰਦ ਚੌਧਰੀ ਦੇ ਭਰਾ ਲਾਡੀ ਅਤੇ ਉਨ੍ਹਾਂ ਦਾ ਪਰਿਵਾਰ ਵੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਕੁੱਲ 14 ਪਰਿਵਾਰਕ ਮੈਂਬਰਾਂ ਨੂੰ ਸੱਟਾਂ ਲੱਗੀਆਂ ਹਨ, ਜਿਨ੍ਹਾਂ ਨੂੰ ਤੁਰੰਤ ਨਜ਼ਦੀਕੀ ਹਸਪਤਾਲਾਂ ਵਿੱਚ ਪਹੁੰਚਾਇਆ ਗਿਆ। ਜ਼ਖ਼ਮੀਆਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਪਠਾਨਕੋਟ, ਬਟਾਲਾ ਅਤੇ ਅੰਮ੍ਰਿਤਸਰ ਦੇ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਉੱਥੇ ਡਾਕਟਰਾਂ ਵੱਲੋਂ ਉਨ੍ਹਾਂ ਦਾ ਇਲਾਜ ਜਾਰੀ ਹੈ। ਪਰਿਵਾਰ ਨਾਲ ਵਾਪਰੀ ਇਸ ਦੁਖਦਾਈ ਘਟਨਾ ਤੋਂ ਬਾਅਦ ਵੱਖ-ਵੱਖ ਸਿਆਸੀ ਅਤੇ ਸਮਾਜਿਕ ਸ਼ਖ਼ਸੀਅਤਾਂ ਨੇ ਨੇਮ ਚੰਦ ਚੌਧਰੀ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਲਾਕੇ ਵਿੱਚ ਇਸ ਘਟਨਾ ਨੂੰ ਲੈ ਕੇ ਗਮਗੀਨ ਮਾਹੌਲ ਬਣਿਆ ਹੋਇਆ ਹੈ।
Posted By: Daily Suraj Bureau