ਕਿਸਾਨਾਂ ਤੇ ਮਜ਼ਦੂਰਾਂ ਨੇ ਪਿੰਡ ਖੁੱਡੀਆਂ 'ਚ ਖੇਤੀ ਮੰਤਰੀ ਦਾ ਘੇਰਾਓ ਕੀਤਾ; ਲੈਂਡ ਪੂਲਿੰਗ ਅਤੇ ਡਰੋਨ ਸਰਵੇ ਸਮੇਤ ਕਈ ਮੁੱਦੇ ਚੁੱਕੇ
ਜਥੇਬੰਦਕ ਸੰਘਰਸ਼ਾਂ ਦੌਰਾਨ ਦਰਜ ਕੀਤੇ ਗਏ ਕੇਸ ਵਾਪਸ ਲੈਣ ਦੇ ਵਾਅਦੇ ਅਦਾਲਤੀ ਵਾਰੰਟਾਂ ਤੱਕ ਪਹੁੰਚਣ ਤੋਂ ਅੱਕੇ ਕਿਸਾਨਾਂ ਅਤੇ ਮਜ਼ਦੂਰਾਂ ਨੇ ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੱਦੇ 'ਤੇ ਲੰਬੀ ਹਲਕੇ ਦੇ ਪਿੰਡ ਖੁੱਡੀਆਂ ਵਿਖੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਗ੍ਰਹਿ ਦਾ ਘਿਰਾਓ ਕੀਤਾ। ਇਸ ਵਿਰੋਧ ਪ੍ਰਦਰਸ਼ਨ ਦੌਰਾਨ ਕਰੀਬ ਤਿੰਨ ਘੰਟੇ ਮੰਤਰੀ ਦੇ ਘਰ ਵੱਲ ਜਾਣ ਵਾਲੀ ਆਵਾਜਾਈ ਪੂਰੀ ਤਰ੍ਹਾਂ ਠੱਪ ਰਹੀ। ਘਿਰਾਓ ਦੌਰਾਨ ਹੋਏ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਦਰਿਆਈ ਪਾਣੀਆਂ ਦੀ ਵੰਡ ਦੇ ਮੁੱਦੇ 'ਤੇ ਕਿਸਾਨਾਂ ਨੂੰ ਆਪਸ ਵਿੱਚ ਲੜਾਉਣ ਦੀਆਂ ਕੋਸ਼ਿਸ਼ਾਂ ਨੂੰ ਰੱਦ ਕੀਤਾ ਅਤੇ ਇੱਕ ਮਤਾ ਪਾਸ ਕਰਕੇ ਹਰੇਕ ਸੂਬੇ ਨੂੰ ਉਸਦਾ ਬਣਦਾ ਪੂਰਾ ਪਾਣੀ ਦੇਣ ਦੀ ਮੰਗ ਕੀਤੀ। ਇਸ ਤੋਂ ਇਲਾਵਾ, ਪਾਣੀ ਨੂੰ ਪ੍ਰਦੂਸ਼ਿਤ ਕਰਨ ਵਾਲੇ ਸਨਅਤਕਾਰਾਂ ਖ਼ਿਲਾਫ਼ ਸਖ਼ਤ ਸਜ਼ਾਵਾਂ ਦੀ ਥਾਂ ਸਿਰਫ਼ ਜੁਰਮਾਨਿਆਂ ਤੱਕ ਸੀਮਤ ਕਾਨੂੰਨਾਂ ਨੂੰ ਲੋਕ-ਵਿਰੋਧੀ ਕਰਾਰ ਦਿੱਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਲੈਂਡ ਪੂਲਿੰਗ ਨੀਤੀ ਅਤੇ ਡਰੋਨ ਸਰਵੇ ਵਰਗੇ ਮੁੱਦਿਆਂ 'ਤੇ ਵੀ ਸਰਕਾਰ ਖ਼ਿਲਾਫ਼ ਜੰਮ ਕੇ ਭੜਾਸ ਕੱਢੀ। ਬੁਲਾਰਿਆਂ ਨੇ ਮੰਗ ਕੀਤੀ ਕਿ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾ ਕੇ ਲੰਮੇ ਸਮੇਂ ਤੋਂ ਜ਼ਮੀਨਾਂ 'ਤੇ ਕਾਬਜ਼ ਆਬਾਦਕਾਰਾਂ, ਕਿਸਾਨਾਂ ਅਤੇ ਮਜ਼ਦੂਰਾਂ ਨੂੰ ਮਾਲਕੀ ਹੱਕ ਦਿੱਤੇ ਜਾਣ। ਇਸ ਦੇ ਨਾਲ ਹੀ ਹੜ੍ਹਾਂ ਅਤੇ ਹੋਰ ਕੁਦਰਤੀ ਆਫ਼ਤਾਂ ਨਾਲ ਹੋਏ ਨੁਕਸਾਨ ਲਈ ਕਾਸ਼ਤਕਾਰਾਂ ਨੂੰ ਮੁਆਵਜ਼ਾ ਦੇਣ ਅਤੇ ਬਜਟ ਵਿੱਚ ਵਿਸ਼ੇਸ਼ ਤਜਵੀਜ਼ ਰੱਖਣ ਦੀ ਮੰਗ ਰੱਖੀ ਗਈ। ਪ੍ਰਦਰਸ਼ਨ ਦੀ ਅਗਵਾਈ ਉਗਰਾਹਾਂ ਜਥੇਬੰਦੀ ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਲਛਮਣ ਸਿੰਘ ਸੇਵੇਵਾਲਾ ਨੇ ਕੀਤੀ, ਜਦਕਿ ਹਰਜਿੰਦਰ ਸਿੰਘ ਬੱਗੀ, ਮਲਕੀਤ ਸਿੰਘ ਗੱਗੜ, ਨਿਸ਼ਾਨ ਕੱਖਾਵਾਲੀ, ਮਨੋਹਰ ਸਿੱਖਵਾਲਾ, ਕਾਲਾ ਸਿੰਘ ਖੂਨਣ, ਮਾਲਣ ਕੌਰ ਕੋਠਾਗੁਰੂ ਅਤੇ ਕਰਮਜੀਤ ਕੌਰ ਜਿਉਂਦ ਸਮੇਤ ਕਈ ਆਗੂਆਂ ਨੇ ਸਾਂਝੇ ਤੌਰ 'ਤੇ ਵਿਚਾਰ ਰੱਖੇ। ਬੁਲਾਰਿਆਂ ਨੇ ਦੋਸ਼ ਲਾਇਆ ਕਿ ਖੇਤੀਬਾੜੀ ਮੰਤਰੀ ਵੱਲੋਂ ਜਥੇਬੰਦੀਆਂ ਨਾਲ ਕੀਤੀਆਂ ਬੈਠਕਾਂ ਦੌਰਾਨ ਮੰਨੀਆਂ ਗਈਆਂ ਮੰਗਾਂ, ਜਿਵੇਂ ਕਿ ਕੇਸ ਵਾਪਸ ਲੈਣਾ ਅਤੇ ਖੇਤੀ ਨੀਤੀ ਲਾਗੂ ਕਰਨਾ, ਅਜੇ ਤੱਕ ਪੂਰੀਆਂ ਨਹੀਂ ਕੀਤੀਆਂ ਗਈਆਂ। ਇਸ ਧਰਨੇ ਦੌਰਾਨ ਸਰਕਾਰੀ ਮੁਲਾਜ਼ਮਾਂ ਦੀਆਂ ਮੰਗਾਂ ਦੀ ਹਮਾਇਤ ਕਰਦਿਆਂ ਠੇਕਾ ਪ੍ਰਥਾ ਖ਼ਤਮ ਕਰਨ, ਪੱਕੀ ਭਰਤੀ ਨੀਤੀ ਲਾਗੂ ਕਰਨ, ਖਾਲੀ ਅਸਾਮੀਆਂ ਭਰਨ ਅਤੇ ਡੀਏ (DA) ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ ਦੀ ਵੀ ਵਕਾਲਤ ਕੀਤੀ ਗਈ। ਇਸੇ ਦੌਰਾਨ BKU ਉਗਰਾਹਾਂ ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਕਿਸਾਨ-ਮਜ਼ਦੂਰ ਵਿਰੋਧੀ ਨੀਤੀਆਂ ਖ਼ਿਲਾਫ਼ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸੇ ਕੜੀ ਤਹਿਤ 13 ਸਤੰਬਰ ਨੂੰ ਭਾਜਪਾ ਆਗੂ ਸੁਨੀਲ ਜਾਖੜ ਅਤੇ ਕੇਵਲ ਸਿੰਘ ਢਿੱਲੋਂ ਦੇ ਘਰਾਂ ਦਾ ਵੀ ਘਿਰਾਓ ਕੀਤਾ ਜਾਵੇਗਾ।
Posted By: Daily Suraj Bureau