ਜਗਤਾਰ ਸਿੰਘ ਹਵਾਰਾ ਦੀ ਰਿਹਾਈ ਨਾਲ ਸੂਬੇ ਵਿੱਚ ਅਮਨ-ਕਾਨੂੰਨ ਨੂੰ ਕੋਈ ਖ਼ਤਰਾ ਨਹੀਂ: ਮੁੱਖ ਮੰਤਰੀ ਭਗਵੰਤ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕੀਤਾ ਹੈ ਕਿ ਜਗਤਾਰ ਸਿੰਘ ਹਵਾਰਾ ਦੀ ਰਿਹਾਈ ਨਾਲ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਉੱਤੇ ਕੋਈ ਵੀ ਮਾੜਾ ਅਸਰ ਨਹੀਂ ਪਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕਾਨੂੰਨੀ ਅਤੇ ਸੰਵਿਧਾਨਕ ਰਾਹ ਅਪਣਾਏਗੀ, ਕਿਉਂਕਿ ਇਨਸਾਫ਼ ਨੂੰ ਅਣਮਿੱਥੇ ਸਮੇਂ ਲਈ ਲਟਕਾਇਆ ਨਹੀਂ ਜਾਣਾ ਚਾਹੀਦਾ। ਮੁੱਖ ਮੰਤਰੀ ਨੇ ਜਾਣਕਾਰੀ ਦਿੱਤੀ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਕੇਂਦਰ ਸਰਕਾਰ ਅਤੇ ਰਾਜਪਾਲ ਨੂੰ ਇਸ ਗੱਲ ਦਾ ਭਰੋਸਾ ਦਿੱਤਾ ਜਾ ਚੁੱਕਾ ਹੈ ਕਿ ਜੇਕਰ ਜਗਤਾਰ ਸਿੰਘ ਹਵਾਰਾ ਨੂੰ ਉਨ੍ਹਾਂ ਦੀ ਬਿਮਾਰ ਮਾਂ ਨੂੰ ਮਿਲਣ ਲਈ ਪੈਰੋਲ ਦਿੱਤੀ ਜਾਂਦੀ ਹੈ, ਤਾਂ ਸੂਬੇ ਵਿੱਚ ਅਮਨ-ਕਾਨੂੰਨ ਪੂਰੀ ਤਰ੍ਹਾਂ ਕਾਇਮ ਰੱਖਿਆ ਜਾਵੇਗਾ। ਇਸ ਦੇ ਬਾਵਜੂਦ ਕੇਂਦਰ ਸਰਕਾਰ ਵੱਲੋਂ ਅਜੇ ਤੱਕ ਪੈਰੋਲ ਨੂੰ ਮਨਜ਼ੂਰੀ ਨਹੀਂ ਦਿੱਤੀ ਗਈ ਹੈ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਪਰਮਜੀਤ ਸਿੰਘ ਭਿਓਰਾ ਅਤੇ ਜਗਤਾਰ ਸਿੰਘ ਤਾਰਾ ਦੀ ਪੈਰੋਲ ਨਾਲ ਜੁੜੇ ਮਾਮਲੇ ਵੀ ਪੰਜਾਬ ਦੇ ਰਾਜਪਾਲ ਕੋਲ ਪ੍ਰਮੁੱਖਤਾ ਨਾਲ ਉਠਾਏ ਜਾਣਗੇ। ਇਸ ਸਬੰਧ ਵਿੱਚ ਅੱਜ ਮੁੱਖ ਮੰਤਰੀ ਮਾਨ ਨੇ ਕੌਮੀ ਇਨਸਾਫ਼ ਮੋਰਚੇ ਦੇ ਨੁਮਾਇੰਦਿਆਂ, ਵੱਖ-ਵੱਖ ਸਿੱਖ ਜਥੇਬੰਦੀਆਂ, ਕਿਸਾਨ ਯੂਨੀਅਨਾਂ ਅਤੇ ਹੋਰ ਪ੍ਰਮੁੱਖ ਧਿਰਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਉਨ੍ਹਾਂ ਦੁਹਰਾਇਆ ਕਿ ਸਰਕਾਰ ਬੰਦੀ ਸਿੰਘਾਂ ਦੀ ਜਲਦੀ ਰਿਹਾਈ ਲਈ ਨਿਰੰਤਰ ਅਤੇ ਸੁਹਿਰਦ ਯਤਨ ਕਰ ਰਹੀ ਹੈ। ਇਸ ਮੌਕੇ ਉਨ੍ਹਾਂ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਨਿਰਦੇਸ਼ ਦਿੱਤੇ ਕਿ ਉਹ ਸਾਰੇ ਕਾਨੂੰਨੀ ਮਾਮਲਿਆਂ ਦੀ ਡੂੰਘਾਈ ਨਾਲ ਘੋਖ ਕਰਨ, ਤਾਂ ਜੋ ਆਪਸੀ ਸਹਿਮਤੀ ਨਾਲ ਠੋਸ ਹੱਲ ਲੱਭਿਆ ਜਾ ਸਕੇ। ਮੀਟਿੰਗ ਦੇ ਅੰਤ ਵਿੱਚ ਮੁੱਖ ਮੰਤਰੀ ਨੇ ਸਿੱਖ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਸੰਘਰਸ਼ ਪੂਰੀ ਤਰ੍ਹਾਂ ਸ਼ਾਂਤਮਈ ਅਤੇ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਹੀ ਜਾਰੀ ਰੱਖਣ। ਉਨ੍ਹਾਂ ਚੇਤਾਵਨੀ ਦਿੱਤੀ ਕਿ ਕੁਝ ਸ਼ਰਾਰਤੀ ਧਿਰਾਂ ਜਾਣਬੁੱਝ ਕੇ ਅਜਿਹੀਆਂ ਸਰਗਰਮੀਆਂ ਨੂੰ ਅੰਜਾਮ ਦਿੰਦੀਆਂ ਹਨ, ਜਿਨ੍ਹਾਂ ਦਾ ਮਕਸਦ ਸੰਘਰਸ਼ ਨੂੰ ਲੀਹੋਂ ਲਾਹੁਣਾ ਅਤੇ ਵਿਸ਼ਵ ਪੱਧਰ 'ਤੇ ਸਿੱਖਾਂ ਦੇ ਅਕਸ ਨੂੰ ਨੁਕਸਾਨ ਪਹੁੰਚਾਉਣਾ ਹੁੰਦਾ ਹੈ।