ਮੁੱਖ ਮੰਤਰੀ ਮਾਨ ਨੇ ਧੁੱਸੀ ਬੰਨ੍ਹ ਸੜਕ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ, ਹੜ੍ਹ ਰੋਕਥਾਮ ਅਤੇ ਬੇਅਦਬੀ ਕਾਨੂੰਨ 'ਤੇ ਦਿੱਤਾ ਜ਼ੋਰ
- ਪੰਜਾਬ
- (Asia/Kolkata)
ਮੌਨਸੂਨ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਹੜ੍ਹ ਸੁਰੱਖਿਆ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਸ਼ਾਹਕੋਟ ਵਿਖੇ 61.82 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਧੁੱਸੀ ਬੰਨ੍ਹ ਲਿੰਕ ਰੋਡ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਕਰਵਾਏ ਗਏ ਵਿਸ਼ਾਲ ਲੋਕ ਮਿਲਣੀ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਾਲ ਸੂਬੇ ਵਿੱਚ ਲਾਗੂ ਕੀਤੇ ਗਏ ਨਹਿਰੀ ਪਾਣੀ (ਸਰਫੇਸ ਵਾਟਰ) ਅਧਾਰਿਤ ਸਿੰਚਾਈ ਪ੍ਰੋਜੈਕਟ ਹੜ੍ਹਾਂ ਦੇ ਪ੍ਰਭਾਵ ਨੂੰ ਘਟਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਸਮਾਗਮ ਦੌਰਾਨ ਮੁੱਖ ਮੰਤਰੀ ਨੇ ਬੇਅਦਬੀ ਦੇ ਮਾਮਲਿਆਂ 'ਤੇ ਵੀ ਸਰਕਾਰ ਦਾ ਸਖ਼ਤ ਰੁਖ਼ ਦੁਹਰਾਇਆ। ਉਨ੍ਹਾਂ ਕਿਹਾ ਕਿ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਕੜੀ ਕਾਰਵਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੇ ਅਨੁਸਾਰ ਨਵੇਂ ਬੇਅਦਬੀ ਕਾਨੂੰਨ ਵਿੱਚ ਦੋਸ਼ੀਆਂ ਲਈ ਉਮਰ ਕੈਦ ਅਤੇ 50 ਲੱਖ ਰੁਪਏ ਤੱਕ ਜੁਰਮਾਨੇ ਦੀ ਵਿਵਸਥਾ ਕੀਤੀ ਗਈ ਹੈ, ਤਾਂ ਜੋ ਕੋਈ ਵੀ ਦੋਸ਼ੀ ਕਾਨੂੰਨ ਤੋਂ ਬਚ ਨਾ ਸਕੇ। ਹੜ੍ਹ ਪ੍ਰਭਾਵਿਤ ਖੇਤਰਾਂ ਦੀ ਸੁਰੱਖਿਆ ਸਬੰਧੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਲਾਜ ਨਾਲੋਂ ਪਰਹੇਜ਼ ਹਮੇਸ਼ਾ ਬਿਹਤਰ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਧੁੱਸੀ ਬੰਨ੍ਹ ਉੱਤੇ ਬਣਨ ਵਾਲੀ ਇਹ ਲਿੰਕ ਰੋਡ ਹੜ੍ਹਾਂ ਤੋਂ ਪਹਿਲਾਂ ਹੀ ਬਚਾਅ ਦਾ ਪ੍ਰਭਾਵਸ਼ਾਲੀ ਸਾਧਨ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹੜ੍ਹਾਂ ਕਾਰਨ ਹੋਣ ਵਾਲੇ ਨੁਕਸਾਨ ਨੂੰ ਰੋਕਣਾ ਹੈ, ਨਾ ਕਿ ਬਾਅਦ ਵਿੱਚ ਮੁਆਵਜ਼ੇ ਵੰਡਣ ਦੀ ਸਥਿਤੀ ਬਣੇ। ਮੁੱਖ ਮੰਤਰੀ ਨੇ ਕਪੂਰਥਲਾ ਦੇ ਡਿਪਟੀ ਕਮਿਸ਼ਨਰ ਨੂੰ ਇਸ ਪ੍ਰੋਜੈਕਟ ਵਿੱਚ ਉੱਚ ਗੁਣਵੱਤਾ ਵਾਲੀ ਸਮੱਗਰੀ ਦੀ ਵਰਤੋਂ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਉਮੀਦ ਜਤਾਈ ਕਿ ਇਸ ਵਾਰ ਕਿਸਾਨਾਂ ਦੀਆਂ ਫ਼ਸਲਾਂ ਬਿਨਾਂ ਕਿਸੇ ਨੁਕਸਾਨ ਦੇ ਮੰਡੀਆਂ ਤੱਕ ਪਹੁੰਚਣਗੀਆਂ ਅਤੇ ਉਨ੍ਹਾਂ ਨੂੰ ਵਧੀਆ ਆਰਥਿਕ ਲਾਭ ਮਿਲੇਗਾ। ਉਨ੍ਹਾਂ ਦੱਸਿਆ ਕਿ ਪਹਿਲਾਂ ਪੰਜਾਬ ਵਿੱਚ ਸਿੰਚਾਈ ਲਈ ਕੇਵਲ 22 ਫ਼ੀਸਦੀ ਨਹਿਰੀ ਪਾਣੀ ਦੀ ਵਰਤੋਂ ਹੁੰਦੀ ਸੀ, ਜਿਸ ਨੂੰ ਮੌਜੂਦਾ ਸਰਕਾਰ ਨੇ ਵਧਾ ਕੇ ਲਗਭਗ 80 ਫ਼ੀਸਦੀ ਤੱਕ ਪਹੁੰਚਾ ਦਿੱਤਾ ਹੈ। ਉਨ੍ਹਾਂ ਦਾ ਦਾਅਵਾ ਸੀ ਕਿ ਇਸ ਨਾਲ ਹੜ੍ਹਾਂ ਦੇ ਖ਼ਤਰੇ ਵਿੱਚ ਵੀ ਕਾਫ਼ੀ ਕਮੀ ਆਵੇਗੀ। ਜ਼ਿਕਰਯੋਗ ਹੈ ਕਿ 37.93 ਕਿਲੋਮੀਟਰ ਲੰਬੀ ਇਹ ਧੁੱਸੀ ਬੰਨ੍ਹ ਲਿੰਕ ਰੋਡ 61.82 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਜਾਵੇਗੀ। ਇਸ ਪ੍ਰੋਜੈਕਟ ਤੋਂ ਇਲਾਕੇ ਦੇ 15 ਤੋਂ ਵੱਧ ਪਿੰਡਾਂ ਦੇ ਹਜ਼ਾਰਾਂ ਵਸਨੀਕਾਂ ਨੂੰ ਸਿੱਧਾ ਲਾਭ ਮਿਲਣ ਦੀ ਉਮੀਦ ਹੈ। ਉਦਘਾਟਨੀ ਸਮਾਗਮ ਵਿੱਚ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਸਮੇਤ ਖੇਤਰ ਦੀਆਂ ਕਈ ਪ੍ਰਮੁੱਖ ਸ਼ਖਸੀਅਤਾਂ ਵੀ ਮੌਜੂਦ ਰਹੀਆਂ।
Leave a Reply