Daily Suraj

ਪੰਜਾਬੀ

ਬੇਅਦਬੀ ਕਾਨੂੰਨ ਨੂੰ ਹਾਈ ਕੋਰਟ ਵਿੱਚ ਚੁਣੌਤੀ, ਉਮਰ ਕੈਦ ਦੇ ਪ੍ਰਾਵਧਾਨ ’ਤੇ ਸਵਾਲ

22 Apr, 2026 04:12 PM

ਪੰਜਾਬ ਸਰਕਾਰ ਵੱਲੋਂ ਬੇਅਦਬੀ ਦੇ ਮਾਮਲਿਆਂ ਵਿੱਚ ਸਖ਼ਤ ਸਜ਼ਾਵਾਂ ਦੇਣ ਲਈ ਲਿਆਂਦਾ ਗਿਆ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਹੁਣ ਕਾਨੂੰਨੀ ਚੁਣੌਤੀ ਦਾ ਸਾਹਮਣਾ ਕਰ ਰਿਹਾ ਹੈ। ਇਸ ਐਕਟ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਜਲੰਧਰ ਦੇ ਰਹਿਣ ਵਾਲੇ 43 ਸਾਲਾ ਸਿਮਰਨਜੀਤ ਸਿੰਘ ਵੱਲੋਂ ਦਾਇਰ ਕੀਤੀ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਇਹ ਕਾਨੂੰਨ ਸੰਵਿਧਾਨਕ ਪ੍ਰਾਵਧਾਨਾਂ ਦੇ ਉਲਟ ਹੈ ਅਤੇ ਇਸ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ। ਅਦਾਲਤ ਵੱਲੋਂ ਇਸ ਮਾਮਲੇ ਦੀ ਸੁਣਵਾਈ ਅਜੇ ਨਹੀਂ ਕੀਤੀ ਗਈ। ਪਟੀਸ਼ਨ ਵਿੱਚ ਸਭ ਤੋਂ ਪਹਿਲਾਂ ਰਾਸ਼ਟਰਪਤੀ ਦੀ ਸਹਿਮਤੀ ਦੇ ਮੁੱਦੇ ਨੂੰ ਉਠਾਇਆ ਗਿਆ ਹੈ। ਦਲੀਲ ਦਿੱਤੀ ਗਈ ਹੈ ਕਿ ਐਕਟ ਅਧੀਨ ਅਪਰਾਧਿਕ ਸਜ਼ਾਵਾਂ ਦਾ ਨਿਰਧਾਰਨ ‘ਸਮਵਰਤੀ ਸੂਚੀ’ ਵਿੱਚ ਆਉਂਦਾ ਹੈ। ਸੰਵਿਧਾਨ ਦੀ ਧਾਰਾ 254(2) ਮੁਤਾਬਕ, ਜੇਕਰ ਕੋਈ ਰਾਜ ਕਾਨੂੰਨ ਕੇਂਦਰੀ ਕਾਨੂੰਨ ਨਾਲ ਮੇਲ ਨਹੀਂ ਖਾਂਦਾ, ਤਾਂ ਉਸ ਲਈ ਰਾਸ਼ਟਰਪਤੀ ਦੀ ਮਨਜ਼ੂਰੀ ਲਾਜ਼ਮੀ ਹੁੰਦੀ ਹੈ। ਪਟੀਸ਼ਨ ਵਿੱਚ ਦੱਸਿਆ ਗਿਆ ਹੈ ਕਿ ਇਸ ਐਕਟ ਨੂੰ ਸਿਰਫ਼ 17 ਅਪਰੈਲ 2026 ਨੂੰ ਰਾਜਪਾਲ ਦੀ ਪ੍ਰਵਾਨਗੀ ਮਿਲਣ ਤੋਂ ਬਾਅਦ ਹੀ ਨੋਟੀਫਾਈ ਕਰ ਦਿੱਤਾ ਗਿਆ, ਜੋ ਕਿ ਕਾਨੂੰਨੀ ਤੌਰ ’ਤੇ ਗਲਤ ਹੈ। ਇਸ ਤੋਂ ਇਲਾਵਾ, ਪਟੀਸ਼ਨ ਵਿੱਚ ਸੰਵਿਧਾਨ ਦੀ ਧਾਰਾ 14 ਅਧੀਨ ਬਰਾਬਰੀ ਦੇ ਅਧਿਕਾਰ ਦੀ ਉਲੰਘਣਾ ਦਾ ਵੀ ਹਵਾਲਾ ਦਿੱਤਾ ਗਿਆ ਹੈ। ਦਲੀਲ ਹੈ ਕਿ ਕਾਨੂੰਨ ਸਿਰਫ਼ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਲਈ ਹੀ ਸਖ਼ਤ ਸਜ਼ਾਵਾਂ ਦੀ ਵਿਵਸਥਾ ਕਰਦਾ ਹੈ, ਜਦਕਿ ਹੋਰ ਧਰਮਾਂ ਦੇ ਪਵਿੱਤਰ ਗ੍ਰੰਥ ਇਸ ਵਿੱਚ ਸ਼ਾਮਲ ਨਹੀਂ ਹਨ। ਪਟੀਸ਼ਨਕਰਤਾ ਦੇ ਅਨੁਸਾਰ ਇਹ ਧਰਮ ਨਿਰਪੱਖਤਾ ਦੇ ਮੂਲ ਸਿਧਾਂਤਾਂ ਦੇ ਖ਼ਿਲਾਫ਼ ਹੈ। ਪਟੀਸ਼ਨ ਵਿੱਚ ਐਕਟ ਦੀ ਧਾਰਾ 5(3) ਨੂੰ ਵੀ ਚੁਣੌਤੀ ਦਿੱਤੀ ਗਈ ਹੈ, ਜਿਸ ਅਧੀਨ ਬੇਅਦਬੀ ਦੀ ਸਾਜ਼ਿਸ਼ ਰਚਣ ਵਾਲਿਆਂ ਲਈ ਵੀ ਉਮਰ ਕੈਦ ਦੀ ਸਜ਼ਾ ਦਾ ਪ੍ਰਾਵਧਾਨ ਹੈ। ਇਸ ਨੂੰ ਮਨਮਾਨੀ ਕਰਾਰ ਦਿੰਦਿਆਂ ਕਿਹਾ ਗਿਆ ਹੈ ਕਿ ਇਸ ਤਰ੍ਹਾਂ ਦੀ ਸਜ਼ਾ ਨੂੰ ਕਤਲ ਵਰਗੇ ਗੰਭੀਰ ਅਪਰਾਧਾਂ ਦੇ ਬਰਾਬਰ ਰੱਖਣਾ ਉਚਿਤ ਨਹੀਂ ਹੈ। ਇਸ ਦੇ ਨਾਲ ਹੀ ਬੇਅਦਬੀ ਦੀ ਪਰਿਭਾਸ਼ਾ ’ਤੇ ਵੀ ਸਵਾਲ ਉਠਾਏ ਗਏ ਹਨ, ਜਿਸ ਵਿੱਚ ‘ਸ਼ਬਦਾਂ, ਸੰਕੇਤਾਂ ਜਾਂ ਇਲੈਕਟ੍ਰਾਨਿਕ ਮਾਧਿਅਮਾਂ’ ਨੂੰ ਸ਼ਾਮਲ ਕੀਤਾ ਗਿਆ ਹੈ। ਪਟੀਸ਼ਨ ਅਨੁਸਾਰ ਇਹ ਪਰਿਭਾਸ਼ਾ ਅਸਪਸ਼ਟ ਹੈ ਅਤੇ ਇਹ ਸੰਵਿਧਾਨ ਦੀ ਧਾਰਾ 19 ਅਧੀਨ ਮਿਲੀ ਬੋਲਣ ਦੀ ਆਜ਼ਾਦੀ ’ਤੇ ਅਸਰ ਪਾ ਸਕਦੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ 20 ਅਪਰੈਲ 2026 ਨੂੰ ਇਸ ਐਕਟ ਸਬੰਧੀ ਗਜ਼ਟ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਹੁਣ ਇਸ ਮਾਮਲੇ ਵਿੱਚ ਹਾਈ ਕੋਰਟ ਵੱਲੋਂ ਆਉਣ ਵਾਲੇ ਫ਼ੈਸਲੇ ’ਤੇ ਸਭ ਦੀ ਨਜ਼ਰ ਟਿਕੀ ਹੋਈ ਹੈ।

Posted By: Daily Suraj Bureau

Latest News