ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਵੱਡੀ ਰਾਹਤ, ਡਿਜੀਟਾਈਜ਼ਡ ਜਨਮ ਸਰਟੀਫਿਕੇਟ ਅਪਡੇਟ ਕਰਨ ਦੀ ਮਿਆਦ ਵਧਾਈ

ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਵੱਡੀ ਰਾਹਤ, ਡਿਜੀਟਾਈਜ਼ਡ ਜਨਮ ਸਰਟੀਫਿਕੇਟ ਅਪਡੇਟ ਕਰਨ ਦੀ ਮਿਆਦ ਵਧਾਈ

ਪੰਜਾਬ ਸਰਕਾਰ ਨੇ ਅਕਾਦਮਿਕ ਸੈਸ਼ਨ 2026-27 ਲਈ ਯੂਨੀਫਾਈਡ ਸਟੂਡੈਂਟ ਰਜਿਸਟ੍ਰੇਸ਼ਨ ਪੋਰਟਲ 'ਤੇ ਡਿਜੀਟਾਈਜ਼ਡ ਜਨਮ ਸਰਟੀਫਿਕੇਟ ਅਪਡੇਟ ਕਰਨ ਦੀ ਸਮਾਂ-ਸੀਮਾ ਵਿੱਚ ਵਾਧਾ ਕਰਕੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 8ਵੀਂ ਜਮਾਤ ਦੇ ਉਹ ਵਿਦਿਆਰਥੀ, ਜਿਨ੍ਹਾਂ ਕੋਲ ਡਿਜੀਟਾਈਜ਼ਡ ਜਨਮ ਸਰਟੀਫਿਕੇਟ ਨਹੀਂ ਹੈ, ਉਨ੍ਹਾਂ ਨੂੰ ਦਸਤਾਵੇਜ਼ ਪ੍ਰਾਪਤ ਕਰਕੇ ਯੂਨੀਫਾਈਡ ਸਟੂਡੈਂਟ ਰਜਿਸਟ੍ਰੇਸ਼ਨ ਪੋਰਟਲ 'ਤੇ ਅਪਡੇਟ ਕਰਨ ਲਈ 30 ਅਕਤੂਬਰ 2026 ਤੱਕ ਦਾ ਸਮਾਂ ਦਿੱਤਾ ਗਿਆ ਹੈ। ਇਸੇ ਤਰ੍ਹਾਂ 9ਵੀਂ ਅਤੇ 10ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਰਜਿਸਟ੍ਰੇਸ਼ਨ ਪ੍ਰਕਿਰਿਆ ਦੌਰਾਨ ਲੋੜੀਂਦੇ ਸੁਧਾਰ ਕਰਨ ਅਤੇ ਦਸਤਾਵੇਜ਼ ਅਪਡੇਟ ਕਰਨ ਲਈ ਅਗਲੇ ਅਕਾਦਮਿਕ ਸੈਸ਼ਨ ਤੱਕ ਦਾ ਸਮਾਂ ਦਿੱਤਾ ਗਿਆ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਫ਼ੈਸਲਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਕੂਲੀ ਸਿੱਖਿਆ ਵਿੱਚ ਡਿਜੀਟਲ ਸੁਧਾਰਾਂ ਨੂੰ ਅੱਗੇ ਵਧਾਉਣ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕਿਸੇ ਵੀ ਵਿਦਿਆਰਥੀ ਨੂੰ ਦਫ਼ਤਰੀ ਕਾਰਵਾਈ ਜਾਂ ਦਸਤਾਵੇਜ਼ੀ ਪ੍ਰਕਿਰਿਆ ਕਾਰਨ ਸਿੱਖਿਆ ਵਿੱਚ ਕਿਸੇ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਹਰਜੋਤ ਸਿੰਘ ਬੈਂਸ ਨੇ ਕਿਹਾ, "ਸਾਡੀ ਸਰਕਾਰ ਯੂਨੀਫਾਈਡ ਸਟੂਡੈਂਟ ਰਜਿਸਟ੍ਰੇਸ਼ਨ ਪੋਰਟਲ ਰਾਹੀਂ ਕਾਗਜ਼-ਰਹਿਤ, ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਸਿੱਖਿਆ ਪ੍ਰਣਾਲੀ ਨੂੰ ਲਾਗੂ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਦੇ ਨਾਲ ਹੀ ਅਸੀਂ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਦਰਪੇਸ਼ ਵਿਹਾਰਕ ਚੁਣੌਤੀਆਂ ਨੂੰ ਵੀ ਸਮਝਦੇ ਹਾਂ। ਇਸ ਲਈ ਇਹ ਵਾਧੂ ਸਮਾਂ ਦਿੱਤਾ ਗਿਆ ਹੈ ਤਾਂ ਜੋ ਪ੍ਰਕਿਰਿਆ ਨਾਲ ਜੁੜੀਆਂ ਰੁਕਾਵਟਾਂ ਕਿਸੇ ਵੀ ਬੱਚੇ ਦੀ ਸਿੱਖਿਆ ਵਿੱਚ ਅੜਿੱਕਾ ਨਾ ਬਣਨ।" ਉਨ੍ਹਾਂ ਸਾਰੇ ਸਕੂਲ ਮੁਖੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਮਾਪਿਆਂ ਨਾਲ ਤਾਲਮੇਲ ਕਰਦੇ ਹੋਏ ਇਹ ਯਕੀਨੀ ਬਣਾਉਣ ਕਿ ਰਜਿਸਟ੍ਰੇਸ਼ਨ ਪ੍ਰਕਿਰਿਆ ਨਿਰਧਾਰਤ ਸਮਾਂ-ਸੀਮਾ ਅੰਦਰ ਸੁਚਾਰੂ ਢੰਗ ਨਾਲ ਪੂਰੀ ਹੋਵੇ। ਸਰਕਾਰ ਨੇ ਕਿਹਾ ਕਿ ਇਹ ਕਦਮ ਵਿਦਿਆਰਥੀਆਂ ਦੇ ਹਿੱਤਾਂ ਨੂੰ ਪਹਿਲ ਦਿੰਦਿਆਂ ਤਕਨਾਲੋਜੀ ਰਾਹੀਂ ਸਿੱਖਿਆ ਪ੍ਰਬੰਧਨ ਅਤੇ ਗਵਰਨੈਂਸ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਵਿਆਪਕ ਯਤਨਾਂ ਦਾ ਹਿੱਸਾ ਹੈ।