Daily Suraj

ਪੰਜਾਬੀ

ਜੰਡਿਆਲਾ ਗੁਰੂ ਵਿੱਚ ਤੀਆਂ ਦੀਆਂ ਰੌਣਕਾਂ, ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੇ ਪਰਿਵਾਰ ਵੱਲੋਂ ਵਿਸ਼ੇਸ਼ ਸਮਾਗਮ

01 Aug, 2026 04:30 PM

ਇਤਿਹਾਸਕ ਅਤੇ ਵਿਰਾਸਤੀ ਨਗਰ ਜੰਡਿਆਲਾ ਗੁਰੂ ਵਿੱਚ ਤੀਆਂ ਦੇ ਪਵਿੱਤਰ ਤਿਉਹਾਰ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੇ ਪਰਿਵਾਰ ਵੱਲੋਂ ‘ਰੌਣਕ ਤ੍ਰਿੰਜਣਾਂ ਦੀ’ ਨਾਮਕ ਵਿਸ਼ੇਸ਼ ਸੱਭਿਆਚਾਰਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਹਲਕਾ ਜੰਡਿਆਲਾ ਗੁਰੂ ਦੀਆਂ ਮਾਤਾਵਾਂ, ਭੈਣਾਂ ਅਤੇ ਧੀਆਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕਰਕੇ ਪੰਜਾਬ ਦੇ ਰਵਾਇਤੀ ਤਿਉਹਾਰ ਨੂੰ ਖੁਸ਼ੀ ਅਤੇ ਉਤਸ਼ਾਹ ਨਾਲ ਮਨਾਇਆ। ਜੈ ਰਿਜ਼ੋਰਟ, ਜੰਡਿਆਲਾ ਗੁਰੂ ਵਿੱਚ ਕਰਵਾਏ ਗਏ ਇਸ ਸਮਾਗਮ ਨੂੰ ਸਫ਼ਲ ਬਣਾਉਣ ਵਿੱਚ ਕੈਬਨਿਟ ਮੰਤਰੀ ਦੀ ਮਾਤਾ ਸ੍ਰੀਮਤੀ ਸੁਰਿੰਦਰ ਕੌਰ, ਧਰਮ ਪਤਨੀ ਸੁਹਿੰਦਰ ਕੌਰ ਅਤੇ ਉਨ੍ਹਾਂ ਦੀ ਧੀ ਨੇ ਵਿਸ਼ੇਸ਼ ਭੂਮਿਕਾ ਨਿਭਾਈ। ਇਸ ਮੌਕੇ ਪ੍ਰਸਿੱਧ ਪੰਜਾਬੀ ਲੋਕ ਗਾਇਕਾ ਗਲੋਰੀ ਬਾਵਾ ਨੇ ਆਪਣੇ ਲੋਕ ਗੀਤਾਂ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਸਮਾਗਮ ਨੂੰ ਹੋਰ ਵੀ ਰੰਗੀਨ ਬਣਾ ਦਿੱਤਾ, ਜਿਸ ਦਾ ਹਾਜ਼ਰ ਮਹਿਲਾਵਾਂ ਨੇ ਭਰਪੂਰ ਆਨੰਦ ਮਾਣਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸਮੂਹ ਪੰਜਾਬ ਵਾਸੀਆਂ, ਖ਼ਾਸ ਕਰਕੇ ਮਾਤਾਵਾਂ, ਭੈਣਾਂ ਅਤੇ ਧੀਆਂ ਨੂੰ ਤੀਆਂ ਦੇ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਤੀਆਂ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਦਾ ਪ੍ਰਤੀਕ ਹਨ ਅਤੇ ਅਜਿਹੇ ਤਿਉਹਾਰ ਸਾਡੀ ਪਛਾਣ ਨੂੰ ਮਜ਼ਬੂਤ ਕਰਦੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਆਪਣੇ ਵਿਰਸੇ ਨਾਲ ਜੋੜਨ ਲਈ ਸੱਭਿਆਚਾਰਕ ਪਰੰਪਰਾਵਾਂ ਨੂੰ ਸੰਭਾਲਣਾ ਅਤੇ ਉਨ੍ਹਾਂ ਨੂੰ ਪ੍ਰਫੁੱਲਤ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਾਵਾਂ ਅਤੇ ਧੀਆਂ ਦੇ ਸਨਮਾਨ ਅਤੇ ਸਸ਼ਕਤੀਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਅੱਜ ਇੱਕ ਵਾਰ ਫਿਰ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸੂਬੇ ਦੀਆਂ 18 ਸਾਲ ਤੋਂ ਵੱਧ ਉਮਰ ਦੀਆਂ ਕਰੀਬ 40 ਲੱਖ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਸਹਾਇਤਾ ਰਾਸ਼ੀ ਟ੍ਰਾਂਸਫਰ ਕੀਤੀ ਹੈ। ਇਸ ਤਹਿਤ ਜਨਰਲ ਸ਼੍ਰੇਣੀ ਦੀਆਂ ਮਹਿਲਾਵਾਂ ਨੂੰ 3,000 ਰੁਪਏ ਅਤੇ ਅਨੁਸੂਚਿਤ ਜਾਤੀ ਸ਼੍ਰੇਣੀ ਦੀਆਂ ਮਹਿਲਾਵਾਂ ਨੂੰ 4,500 ਰੁਪਏ ਦਿੱਤੇ ਗਏ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਤੋਂ ਪਹਿਲਾਂ 1 ਜੁਲਾਈ ਨੂੰ ਵੀ ਇਸ ਯੋਜਨਾ ਤਹਿਤ 32 ਲੱਖ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਰਕਮ ਭੇਜੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਹਿਲਾਵਾਂ ਦੇ ਸਮਾਜਿਕ ਅਤੇ ਆਰਥਿਕ ਸਸ਼ਕਤੀਕਰਨ ਲਈ ਲੋਕ ਭਲਾਈ ਦੀਆਂ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰ ਰਹੀ ਹੈ। ਇਸ ਮੌਕੇ ਸ੍ਰੀਮਤੀ ਸੁਹਿੰਦਰ ਕੌਰ ਨੇ ਹਲਕੇ ਦੀਆਂ ਸਮੂਹ ਮਾਤਾਵਾਂ, ਭੈਣਾਂ ਅਤੇ ਧੀਆਂ ਨੂੰ ਤੀਆਂ ਦੀਆਂ ਮੁਬਾਰਕਾਂ ਦਿੰਦਿਆਂ ਕਿਹਾ ਕਿ ਇਹ ਤਿਉਹਾਰ ਪੰਜਾਬੀ ਵਿਰਸੇ ਦੀ ਅਨਮੋਲ ਨਿਸ਼ਾਨੀ ਹੈ ਅਤੇ ਇਸ ਨੂੰ ਸੰਭਾਲਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸੱਭਿਆਚਾਰਕ ਸਮਾਗਮ ਸਮਾਜ ਵਿੱਚ ਆਪਸੀ ਪਿਆਰ, ਭਾਈਚਾਰੇ ਅਤੇ ਸੱਭਿਆਚਾਰਕ ਕਦਰਾਂ-ਕੀਮਤਾਂ ਨੂੰ ਹੋਰ ਮਜ਼ਬੂਤ ਕਰਦੇ ਹਨ। ਸਮਾਗਮ ਦੌਰਾਨ ਮਹਿਲਾਵਾਂ ਨੇ ਗਿੱਧਾ, ਲੋਕ ਨਾਚ ਅਤੇ ਪੰਜਾਬੀ ਸੱਭਿਆਚਾਰ ਨਾਲ ਜੁੜੀਆਂ ਵੱਖ-ਵੱਖ ਗਤੀਵਿਧੀਆਂ ਵਿੱਚ ਉਤਸ਼ਾਹ ਨਾਲ ਭਾਗ ਲਿਆ। ਪੂਰਾ ਸਮਾਗਮ ਪੰਜਾਬੀ ਵਿਰਸੇ ਅਤੇ ਤੀਆਂ ਦੇ ਰੰਗਾਂ ਨਾਲ ਸਰਾਬੋਰ ਨਜ਼ਰ ਆਇਆ।

Posted By: Daily Suraj Bureau

Latest News