ਪੰਜਾਬ ਸਰਕਾਰ ਵੱਲੋਂ ਗਊਸ਼ਾਲਾਵਾਂ ਅਤੇ ਬੇਸਹਾਰਾ ਪਸ਼ੂਆਂ ਲਈ 100 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ, ਅਮਨ ਅਰੋੜਾ ਨੇ ਦਿੱਤੀ ਜਾਣਕਾਰੀ
- ਪੰਜਾਬ
- (Asia/Kolkata)
ਪੰਜਾਬ ਸਰਕਾਰ ਨੇ ਸੂਬੇ ਵਿੱਚ ਗਊਸ਼ਾਲਾਵਾਂ ਅਤੇ ਬੇਸਹਾਰਾ ਪਸ਼ੂਆਂ ਦੀ ਦੇਖਭਾਲ ਲਈ 100 ਕਰੋੜ ਰੁਪਏ ਦਾ ਫੰਡ ਜਾਰੀ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਸਾਂਝੀ ਕੀਤੀ। ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਵਿੱਚ ਸਰਕਾਰ ਕੋਲ 500 ਗਊਸ਼ਾਲਾਵਾਂ ਅਤੇ 20 ਕੈਟਲ ਪੌਂਡ ਰਜਿਸਟਰਡ ਹਨ। ਮੁੱਖ ਮੰਤਰੀ ਵੱਲੋਂ ਜਾਰੀ ਕੀਤੇ ਗਏ ਇਸ ਫੰਡ ਰਾਹੀਂ ਇਨ੍ਹਾਂ ਸਾਰੇ ਅਦਾਰਿਆਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਬੇਸਹਾਰਾ ਪਸ਼ੂਆਂ ਦੀ ਸੰਭਾਲ ਅਤੇ ਉਨ੍ਹਾਂ ਨੂੰ ਸਹਾਰਾ ਦੇਣ ਵਿੱਚ ਮਦਦ ਮਿਲੇਗੀ। ਕੈਬਨਿਟ ਮੰਤਰੀ ਨੇ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮਾਫ਼ ਕਰ ਦਿੱਤੇ ਗਏ ਹਨ। ਜਿਨ੍ਹਾਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਪਹਿਲਾਂ ਤੋਂ ਬਕਾਇਆ ਸਨ, ਉਨ੍ਹਾਂ ਨੂੰ ਵੀ ਇਸ ਛੋਟ ਦੇ ਦਾਇਰੇ ਵਿੱਚ ਲਿਆਂਦਾ ਗਿਆ ਹੈ। ਅਮਨ ਅਰੋੜਾ ਨੇ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਗਊਸ਼ਾਲਾਵਾਂ ਨੂੰ ਵਿੱਤੀ ਸਹਾਰਾ ਦੇਣਾ ਅਤੇ ਬੇਸਹਾਰਾ ਪਸ਼ੂਆਂ ਦੀ ਦੇਖਭਾਲ ਲਈ ਲੋੜੀਂਦੇ ਪ੍ਰਬੰਧਾਂ ਨੂੰ ਮਜ਼ਬੂਤ ਕਰਨਾ ਹੈ।
Leave a Reply