ਸ਼੍ਰੋਮਣੀ ਕਮੇਟੀ ਨੇ ਅਮਰੀਕਾ ਵਿੱਚ ਸਿੱਖ ਮਿਸ਼ਨ ਨੂੰ ਲੈ ਕੇ ਸਥਾਨਕ ਸੰਗਤਾਂ ਤੋਂ ਮੰਗਿਆ ਸਹਿਯੋਗ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅਮਰੀਕਾ ਦੌਰੇ 'ਤੇ ਗਏ ਉੱਚ ਪੱਧਰੀ ਵਫ਼ਦ ਨੇ ਯੂਬਾ ਸਿਟੀ ਵਿਖੇ ਸਵਰਗੀ ਸ. ਦੀਦਾਰ ਸਿੰਘ ਬੈਂਸ ਦੇ ਗ੍ਰਹਿ ਵਿਖੇ ਸਥਾਨਕ ਸਿੱਖ ਆਗੂਆਂ ਅਤੇ ਪੰਜਾਬੀ ਭਾਈਚਾਰੇ ਨਾਲ ਇਕੱਤਰਤਾ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਧਰਮ ਪ੍ਰਚਾਰ ਅਤੇ ਪੰਥਕ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਕੱਤਰਤਾ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਵੱਸਦੇ ਸਿੱਖਾਂ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਮਹੱਤਵਪੂਰਨ ਪ੍ਰਾਪਤੀਆਂ ਹਾਸਲ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰੇ ਨੇ ਨਾ ਸਿਰਫ਼ ਆਪਣੇ ਰਹਿਣ ਵਾਲੇ ਦੇਸ਼ਾਂ ਦੇ ਵਿਕਾਸ ਵਿੱਚ ਅਹਿਮ ਯੋਗਦਾਨ ਪਾਇਆ ਹੈ, ਸਗੋਂ ਆਪਣੀ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਲਈ ਵੀ ਸ਼ਲਾਘਾਯੋਗ ਯਤਨ ਕੀਤੇ ਹਨ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਸਿੱਖ ਮਿਸ਼ਨ ਰਾਹੀਂ ਧਰਮ ਪ੍ਰਚਾਰ ਦੇ ਕਾਰਜ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਵਿਦੇਸ਼ਾਂ ਵਿੱਚ ਰਹਿੰਦੇ ਸਿੱਖਾਂ, ਖ਼ਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਗੁਰਮਤਿ, ਸਿੱਖ ਇਤਿਹਾਸ ਅਤੇ ਆਪਣੇ ਵਿਰਸੇ ਨਾਲ ਜੋੜਨ ਦੇ ਉਦੇਸ਼ ਨਾਲ ਅਮਰੀਕਾ ਦੇ ਯੂਬਾ ਸਿਟੀ ਵਿੱਚ ਸਿੱਖ ਸੈਂਟਰ ਸਥਾਪਤ ਕੀਤਾ ਜਾ ਰਿਹਾ ਹੈ। ਐਡਵੋਕੇਟ ਧਾਮੀ ਨੇ ਜਾਣਕਾਰੀ ਦਿੱਤੀ ਕਿ ਇਸ ਪ੍ਰਾਜੈਕਟ ਲਈ ਸਵਰਗੀ ਸ. ਦੀਦਾਰ ਸਿੰਘ ਬੈਂਸ ਵੱਲੋਂ 14.5 ਏਕੜ ਜ਼ਮੀਨ ਸ਼੍ਰੋਮਣੀ ਕਮੇਟੀ ਨੂੰ ਦਾਨ ਵਜੋਂ ਦਿੱਤੀ ਗਈ ਸੀ। ਉਨ੍ਹਾਂ ਦੱਸਿਆ ਕਿ ਸਿੱਖ ਮਿਸ਼ਨ, ਪ੍ਰੈੱਸ ਅਤੇ ਗੁਰਮਤਿ ਵਿਦਿਆਲਾ ਦੀ ਸਥਾਪਨਾ ਲਈ ਲੋੜੀਂਦੀਆਂ ਪ੍ਰਵਾਨਗੀਆਂ ਹਾਸਲ ਕੀਤੀਆਂ ਜਾ ਚੁੱਕੀਆਂ ਹਨ ਅਤੇ ਆਰਕੀਟੈਕਟਾਂ ਵੱਲੋਂ ਨਕਸ਼ੇ ਤਿਆਰ ਕੀਤੇ ਜਾ ਰਹੇ ਹਨ। ਸੰਗਤਾਂ ਦੇ ਸਹਿਯੋਗ ਨਾਲ ਜਲਦ ਹੀ ਇਸ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ ਜਾਵੇਗੀ ਅਤੇ ਇਸ ਨੂੰ ਪਹਿਲ ਦੇ ਆਧਾਰ 'ਤੇ ਮੁਕੰਮਲ ਕਰਨ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ, ਸਿੱਖਾਂ ਦੀ ਨੁਮਾਇੰਦਾ ਸੰਸਥਾ ਹੋਣ ਦੇ ਨਾਤੇ, ਦੁਨੀਆ ਭਰ ਵਿੱਚ ਵੱਸਦੀਆਂ ਸਿੱਖ ਸੰਗਤਾਂ ਨਾਲ ਮਜ਼ਬੂਤ ਸੰਪਰਕ ਬਣਾਈ ਰੱਖਣ ਲਈ ਵਚਨਬੱਧ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਅਮਰੀਕਾ ਵਿੱਚ ਸਥਾਪਤ ਹੋਣ ਵਾਲਾ ਸਿੱਖ ਮਿਸ਼ਨ ਧਰਮ ਪ੍ਰਚਾਰ ਦੇ ਨਾਲ-ਨਾਲ ਸਥਾਨਕ ਸਿੱਖ ਸੰਗਤਾਂ ਅਤੇ ਸ਼੍ਰੋਮਣੀ ਕਮੇਟੀ ਦਰਮਿਆਨ ਇੱਕ ਮਜ਼ਬੂਤ ਕੜੀ ਵਜੋਂ ਵੀ ਕੰਮ ਕਰੇਗਾ। ਇਸ ਮੌਕੇ ਐਡਵੋਕੇਟ ਧਾਮੀ ਨੇ ਸਥਾਨਕ ਸੰਗਤਾਂ ਤੋਂ ਭਰਪੂਰ ਸਹਿਯੋਗ ਦੀ ਅਪੀਲ ਕੀਤੀ। ਉੱਥੇ ਹੀ ਸਥਾਨਕ ਸਿੱਖ ਆਗੂਆਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਪੰਥਕ ਅਤੇ ਲੋਕ ਭਲਾਈ ਦੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਸੰਸਥਾ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
Posted By: Daily Suraj Bureau