ਅੰਮ੍ਰਿਤਪਾਲ ਸਿੰਘ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਚੰਡੀਗੜ੍ਹ ਵੱਲ ਵਿਸ਼ਾਲ ਮਾਰਚ, ਟਰੈਫਿਕ ਐਡਵਾਈਜ਼ਰੀ ਜਾਰੀ
‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਅਤੇ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਬੁੱਧਵਾਰ ਨੂੰ ਜਥੇਬੰਦੀ ਨਾਲ ਜੁੜੇ ਆਗੂਆਂ, ਵਰਕਰਾਂ ਅਤੇ ਸਮਰਥਕਾਂ ਵੱਲੋਂ ਚੰਡੀਗੜ੍ਹ ਵੱਲ ਵਿਸ਼ਾਲ ਸ਼ਾਂਤਮਈ ਮਾਰਚ ਸ਼ੁਰੂ ਕੀਤਾ ਗਿਆ। ਇਸ ਮਾਰਚ ਵਿੱਚ ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਵੱਡੀ ਗਿਣਤੀ ਵਿੱਚ ਲੋਕ ਸ਼ਾਮਲ ਹੋਏ। ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਇਕੱਠੇ ਹੋਏ ਪ੍ਰਦਰਸ਼ਨਕਾਰੀ ਉੱਥੋਂ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਕੂਚ ਕਰ ਗਏ। ਦੱਸਿਆ ਗਿਆ ਕਿ ਮੁੱਲਾਂਪੁਰ ਦਾਖਾ ਅਤੇ ਪੰਜਾਬ ਦੇ ਹੋਰ ਕਈ ਹਿੱਸਿਆਂ ਤੋਂ ਹਜ਼ਾਰਾਂ ਸਮਰਥਕ ਮਾਰਚ ਵਿੱਚ ਸ਼ਾਮਲ ਹੋਣ ਲਈ ਮੋਹਾਲੀ ਪਹੁੰਚੇ। ਇਸ ਤੋਂ ਪਹਿਲਾਂ ‘ਵਾਰਿਸ ਪੰਜਾਬ ਦੇ’ ਦੇ ਆਗੂ ਮਨਪ੍ਰੀਤ ਸਿੰਘ ਇਯਾਲੀ ਨੇ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਇਸ ਮੰਗ ਦੇ ਸਮਰਥਨ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਦਾਖਾ ਅਤੇ ਆਸ-ਪਾਸ ਦੇ ਇਲਾਕਿਆਂ ਤੋਂ ਹੀ ਕਰੀਬ 500 ਵਾਹਨਾਂ ਦਾ ਕਾਫ਼ਲਾ ਇਸ ਰੋਸ ਮਾਰਚ ਵਿੱਚ ਸ਼ਾਮਲ ਹੋਣ ਲਈ ਰਵਾਨਾ ਹੋਇਆ। ਇਯਾਲੀ ਨੇ ਪ੍ਰਦਰਸ਼ਨਕਾਰੀਆਂ ਨੂੰ ਅਪੀਲ ਕੀਤੀ ਕਿ ਮਾਰਚ ਪੂਰੀ ਤਰ੍ਹਾਂ ਸ਼ਾਂਤਮਈ ਰਹੇ ਅਤੇ ਕਿਸੇ ਵੀ ਤਰ੍ਹਾਂ ਦੀ ਹਿੰਸਾ ਤੋਂ ਦੂਰ ਰਿਹਾ ਜਾਵੇ। ਉਨ੍ਹਾਂ ਆਪਣੇ ਸੋਸ਼ਲ ਮੀਡੀਆ ਸੰਦੇਸ਼ ਵਿੱਚ ਕਿਹਾ ਕਿ ਹੱਕਾਂ ਅਤੇ ਵਾਜਬ ਮੰਗਾਂ ਲਈ ਆਵਾਜ਼ ਉਠਾਉਣਾ ਹਰ ਨਾਗਰਿਕ ਦਾ ਅਧਿਕਾਰ ਹੈ, ਪਰ ਕਾਨੂੰਨ-ਵਿਵਸਥਾ ਅਤੇ ਸ਼ਾਂਤੀ ਬਣਾਈ ਰੱਖਣਾ ਵੀ ਉਤਨਾ ਹੀ ਜ਼ਰੂਰੀ ਹੈ। ਚੰਡੀਗੜ੍ਹ ਟਰੈਫਿਕ ਪੁਲੀਸ ਵੱਲੋਂ ਵਿਸ਼ੇਸ਼ ਐਡਵਾਈਜ਼ਰੀ ਰੋਸ ਮਾਰਚ ਦੇ ਮੱਦੇਨਜ਼ਰ ਚੰਡੀਗੜ੍ਹ ਟਰੈਫਿਕ ਪੁਲੀਸ ਨੇ ਆਮ ਲੋਕਾਂ ਅਤੇ ਵਾਹਨ ਚਾਲਕਾਂ ਲਈ ਵਿਸ਼ੇਸ਼ ਟਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ। ਸ਼ਹਿਰ ਵਿੱਚ ਆਵਾਜਾਈ ਨੂੰ ਸੁਚਾਰੂ ਬਣਾਈ ਰੱਖਣ ਲਈ ਸਵੇਰੇ 9:30 ਵਜੇ ਤੋਂ ਚੰਡੀਗੜ੍ਹ-ਮੁਹਾਲੀ ਸਰਹੱਦ ਅਤੇ ਸੈਕਟਰ-43 ਸਥਿਤ ਅੰਤਰਰਾਜੀ ਬੱਸ ਅੱਡੇ (ISBT-43) ਦੇ ਆਲੇ-ਦੁਆਲੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਪੁਲੀਸ ਮੁਤਾਬਕ, ਯੂ.ਟੀ.-ਮੁਹਾਲੀ ਸਰਹੱਦ (ਬੁੜੈਲ ਜੇਲ੍ਹ ਦੇ ਪਿੱਛੇ) ਤੋਂ ਸੈਕਟਰ 50/51 ਚੌਂਕ ਤੱਕ ਅਤੇ ਉੱਥੋਂ ਸਰੋਵਰ ਪੱਥ ਰਾਹੀਂ ਸੈਕਟਰ 44/45-50/51 ਚੌਂਕ (ਗਊਸ਼ਾਲਾ ਚੌਂਕ) ਅਤੇ ਸੈਕਟਰ 44/45 ਲਾਈਟ ਪੁਆਇੰਟ ਤੱਕ ਆਵਾਜਾਈ ਨੂੰ ਬੰਦ ਜਾਂ ਡਾਇਵਰਟ ਕੀਤਾ ਗਿਆ ਹੈ। ਇਸੇ ਤਰ੍ਹਾਂ ਵਿਕਾਸ ਮਾਰਗ 'ਤੇ ਸੈਕਟਰ 43/44/51/52 ਚੌਂਕ (ISBT ਚੌਂਕ) ਤੋਂ ਸੈਕਟਰ 44/45-50/51 ਚੌਂਕ ਅਤੇ ਅੱਗੇ ਸੈਕਟਰ 45-46/49/50 ਚੌਂਕ ਵੱਲ ਜਾਣ ਵਾਲੇ ਰੂਟਾਂ ਸਮੇਤ ਸੈਕਟਰ 43/44 ਅਤੇ ਸੈਕਟਰ 45/46 ਲਾਈਟ ਪੁਆਇੰਟਾਂ 'ਤੇ ਵੀ ਟਰੈਫਿਕ ਵਿੱਚ ਤਬਦੀਲੀਆਂ ਕੀਤੀਆਂ ਗਈਆਂ ਹਨ। ਟਰੈਫਿਕ ਪੁਲੀਸ ਨੇ ਬੱਸਾਂ ਨੂੰ ਵੀ ਸੈਕਟਰ-43 ਬੱਸ ਅੱਡੇ ਤੱਕ ਪਹੁੰਚਣ ਲਈ ਬਦਲੇ ਹੋਏ ਰੂਟਾਂ ਦੀ ਵਰਤੋਂ ਕਰਨ ਦੇ ਨਿਰਦੇਸ਼ ਦਿੱਤੇ ਹਨ। ਨਾਲ ਹੀ ਆਮ ਲੋਕਾਂ ਨੂੰ ਪ੍ਰਭਾਵਿਤ ਰਸਤਿਆਂ ਤੋਂ ਬਚਣ, ਵਿਕਲਪਕ ਮਾਰਗਾਂ ਦੀ ਵਰਤੋਂ ਕਰਨ ਅਤੇ ਤਾਜ਼ਾ ਟਰੈਫਿਕ ਜਾਣਕਾਰੀ ਲਈ ਚੰਡੀਗੜ੍ਹ ਟਰੈਫਿਕ ਪੁਲੀਸ ਦੇ ਅਧਿਕਾਰਕ ਸੋਸ਼ਲ ਮੀਡੀਆ ਹੈਂਡਲਾਂ 'ਤੇ ਨਜ਼ਰ ਰੱਖਣ ਦੀ ਅਪੀਲ ਕੀਤੀ ਗਈ ਹੈ।
Posted By: Daily Suraj Bureau