Daily Suraj

ਪੰਜਾਬੀ

ਫਾਜ਼ਿਲਕਾ ਹਾਈਵੇਅ ‘ਤੇ ਸਕਾਰਪੀਓ ਦਰੱਖਤ ਨਾਲ ਟਕਰਾਈ, 6 ਜ਼ਖਮੀ

03 Feb, 2026 01:15 PM

ਫ਼ਾਜ਼ਿਲਕਾ-ਮਲੋਟ ਹਾਈਵੇਅ ‘ਤੇ ਇੱਕ ਸੜਕ ਹਾਦਸਾ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਬੇਕਾਬੂ ਹੋਈ ਗੱਡੀ ਸੜਕ ਕਿਨਾਰੇ ਲੱਗੇ ਇੱਕ ਦਰੱਖਤ ਨਾਲ ਜਾ ਟਕਰਾਈ। ਗੱਡੀ ਵਿੱਚ ਕਰੀਬ 6 ਲੋਕ ਸਵਾਰ ਸਨ। ਇਸ ਹਾਦਸੇ ‘ਚ ਤਿੰਨ ਪੁਲਿਸ ਮੁਲਾਜ਼ਮਾਂ ਸਣੇ ਛੇ ਲੋਕ ਜ਼ਖ਼ਮੀ ਹੋਏ ਹਨ। ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਸੜਕ ਸੁਰੱਖਿਆ ਫੋਰਸ (SSF) ਨੇ ਜ਼ਖ਼ਮੀਆਂ ਨੂੰ ਇਲਾਜ ਲਈ ਫ਼ਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਹੈ। ਇਨ੍ਹਾਂ ਵਿੱਚੋਂ ਦੋ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ, ਜਿਨ੍ਹਾਂ ਨੂੰ ਬਠਿੰਡਾ ਰੈਫ਼ਰ ਕਰ ਦਿੱਤਾ ਗਿਆ ਹੈ। ਜਾਣਕਾਰੀ ਦਿੰਦਿਆਂ ਸੜਕ ਸੁਰੱਖਿਆ ਫੋਰਸ ਦੀ ਟੀਮ ਨੇ ਦੱਸਿਆ ਕਿ ਉਹ ਆਪਣੀ ਟੀਮ ਸਮੇਤ ਡਿਊਟੀ ‘ਤੇ ਤਾਇਨਾਤ ਸਨ, ਜਦੋਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਅਰਨੀਵਾਲਾ ਦੇ ਨੇੜੇ ਇੱਕ ਸੜਕ ਹਾਦਸਾ ਵਾਪਰਿਆ ਹੈ। ਜਦੋਂ ਉਹ ਮੌਕੇ ‘ਤੇ ਪਹੁੰਚੇ ਤਾਂ ਪਤਾ ਲੱਗਿਆ ਕਿ ਹਾਦਸੇ ਦਾ ਸ਼ਿਕਾਰ ਹੋਈ ਗੱਡੀ ਵਿੱਚ ਛੇ ਲੋਕ ਸਵਾਰ ਸਨ। ਇਨ੍ਹਾਂ ਵਿੱਚੋਂ ਚਾਰ ਨੂੰ ਨੇੜਲੇ ਹਸਪਤਾਲ ਪਹੁੰਚਾਇਆ ਗਿਆ, ਜਦਕਿ ਦੋ ਲੋਕਾਂ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਸੜਕ ਸੁਰੱਖਿਆ ਫੋਰਸ ਵੱਲੋਂ ਏਮਜ਼ (AIIMS) ਬਠਿੰਡਾ ਵਿਖੇ ਭਰਤੀ ਕਰਵਾਇਆ ਗਿਆ ਹੈ। ਪੁਲਿਸ ਮੁਤਾਬਕ ਜ਼ਖ਼ਮੀ ਹੋਏ ਛੇ ਲੋਕਾਂ ਵਿੱਚੋਂ ਤਿੰਨ ਪੁਲਿਸ ਮੁਲਾਜ਼ਮ ਹਨ। ਜਦਕਿ ਇਨ੍ਹਾਂ ਵਿੱਚੋਂ ਜਿਹੜੇ ਦੋ ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਹਨ ਅਤੇ ਜਿਨ੍ਹਾਂ ਨੂੰ ਬਠਿੰਡਾ ਦਾਖ਼ਲ ਕਰਵਾਇਆ ਗਿਆ ਹੈ, ਉਨ੍ਹਾਂ ਦੀ ਪਛਾਣ ਅੰਗਰੇਜ਼ ਸਿੰਘ ਵਾਸੀ ਸਿਰਸਾ (ਹਰਿਆਣਾ) ਅਤੇ ਇੰਸਪੈਕਟਰ ਹਰਮਿੰਦਰ ਸਿੰਘ, ਇੰਸਪੈਕਟਰ ਸੀ.ਆਈ.ਏ (CIA) ਮੁਹਾਲੀ ਵਜੋਂ ਹੋਈ ਹੈ।

Posted By: Daily Suraj Bureau

Latest News