ਗੁਰਦੁਆਰਾ ਪੰਜੋਖਰਾ ਸਾਹਿਬ ਮਾਮਲਾ: HSGMC ਵਫ਼ਦ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ
ਅੰਬਾਲਾ ਵਿੱਚ ਪੁਲੀਸ ਅਤੇ ਸਿੱਖ ਭਾਈਚਾਰੇ ਦੇ ਮੈਂਬਰਾਂ ਵਿਚਕਾਰ ਹੋਏ ਟਕਰਾਅ ਤੋਂ ਕੁਝ ਦਿਨ ਬਾਅਦ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਦੇ ਇੱਕ ਵਫ਼ਦ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ। ਵਫ਼ਦ ਨੇ ਮੁੱਖ ਮੰਤਰੀ ਸਾਹਮਣੇ ਆਪਣੀਆਂ ਮੰਗਾਂ ਅਤੇ ਮਸਲੇ ਰੱਖੇ। ਇਹ ਮਾਮਲਾ ਗੁਰਦੁਆਰਾ ਪੰਜੋਖਰਾ ਸਾਹਿਬ ਵਿੱਚ ਗੁਰਸਿਮਰਨ ਮੰਡ ਵੱਲੋਂ ਕਾਰ ਦੀ ਫੇਟ ਮਾਰਨ ਅਤੇ ਬਾਅਦ ਵਿੱਚ ਉਸ ਦੀ ਕੁੱਟਮਾਰ ਨਾਲ ਸਬੰਧਤ ਹੈ। ਜਾਣਕਾਰੀ ਮੁਤਾਬਕ HSGMC ਦੀ ਕਾਰਜਕਾਰਨੀ ਦੇ ਪੰਜ ਮੈਂਬਰੀ ਵਫ਼ਦ ਨੇ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ। ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਨਾਲ ਮੀਟਿੰਗ ਸਕਾਰਾਤਮਕ ਮਾਹੌਲ ਵਿੱਚ ਹੋਈ। ਵਫ਼ਦ ਨੇ ਅੰਬਾਲਾ ਵਿੱਚ ਵਾਪਰੀਆਂ ਘਟਨਾਵਾਂ ’ਤੇ ਆਪਣਾ ਰੋਸ ਪ੍ਰਗਟ ਕਰਦਿਆਂ ਗੁਰਸਿਮਰਨ ਮੰਡ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ। ਇਸ ਤੋਂ ਇਲਾਵਾ ਸਿੱਖ ਭਾਈਚਾਰੇ ਦੇ ਮੈਂਬਰਾਂ ਖ਼ਿਲਾਫ਼ ਦਰਜ ਐੱਫ.ਆਈ.ਆਰ. ਰੱਦ ਕਰਨ ਅਤੇ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਨੂੰ ਰਿਹਾਅ ਕਰਨ ਦੀ ਵੀ ਮੰਗ ਰੱਖੀ ਗਈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਮਸਲੇ ਨੂੰ ਹੱਲ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਵੇਂ 25 ਅਗਸਤ ਨੂੰ ਇਕੱਠ ਦਾ ਸੱਦਾ ਦਿੱਤਾ ਗਿਆ ਹੈ, ਪਰ ਕਮੇਟੀ ਵੱਲੋਂ ਪ੍ਰਸ਼ਾਸਨ ਅਤੇ ਸਰਕਾਰ ਨਾਲ ਗੱਲਬਾਤ ਕੀਤੀ ਜਾ ਰਹੀ ਹੈ ਤਾਂ ਜੋ ਮਾਮਲੇ ਨੂੰ ਸ਼ਾਂਤੀਪੂਰਵਕ ਢੰਗ ਨਾਲ ਹੱਲ ਕੀਤਾ ਜਾ ਸਕੇ। ਝੀਂਡਾ ਨੇ ਕਿਹਾ- ਮੀਟਿੰਗ ਬਾਰੇ ਮੈਨੂੰ ਕੋਈ ਜਾਣਕਾਰੀ ਨਹੀਂ ਸੀ ਇਸ ਦੌਰਾਨ HSGMC ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਕਿਹਾ ਕਿ ਕਮੇਟੀ ਦੇ ਕੁਝ ਮੈਂਬਰਾਂ ਨੇ ਆਪਣੇ ਪੱਧਰ ’ਤੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਇਸ ਮੀਟਿੰਗ ਸਬੰਧੀ ਕੋਈ ਸੁਨੇਹਾ ਨਹੀਂ ਮਿਲਿਆ ਸੀ। ਝੀਂਡਾ ਨੇ ਦੋਸ਼ ਲਾਇਆ ਕਿ ਕੁਝ ਲੋਕ HSGMC ਨੂੰ ਦੋ ਧੜਿਆਂ ਵਿੱਚ ਵੰਡਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਮੇਟੀ ਵੱਲੋਂ ਪਹਿਲਾਂ ਹੀ 25 ਅਗਸਤ ਨੂੰ ਇਕੱਠ ਕਰਨ ਦਾ ਸੱਦਾ ਦਿੱਤਾ ਗਿਆ ਹੈ। ਜੇਕਰ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ ਅੱਗੇ ਦਾ ਫ਼ੈਸਲਾ ਸਿੱਖ ਸੰਗਤ ਵੱਲੋਂ ਲਿਆ ਜਾਵੇਗਾ। ਅੰਬਾਲਾ ਵਿੱਚ ਸੇਵਾ-ਮੁਕਤ ਪੁਲੀਸ ਕਰਮਚਾਰੀਆਂ ਅਤੇ ਪਰਿਵਾਰਾਂ ਦਾ ਪ੍ਰਦਰਸ਼ਨ ਦੂਜੇ ਪਾਸੇ, ਅੰਬਾਲਾ ਵਿੱਚ 13 ਅਗਸਤ ਨੂੰ ਜ਼ਖ਼ਮੀ ਹੋਏ ਪੁਲੀਸ ਕਰਮਚਾਰੀਆਂ ਦੇ ਪਰਿਵਾਰਕ ਮੈਂਬਰਾਂ ਅਤੇ ਸੇਵਾ-ਮੁਕਤ ਪੁਲੀਸ ਅਧਿਕਾਰੀਆਂ ਨੇ ਅੰਬਾਲਾ ਸਿਟੀ ਵਿੱਚ ਇਕੱਠੇ ਹੋ ਕੇ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਘਟਨਾ ਵਿੱਚ ਸ਼ਾਮਲ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਇਸ ਹਿੰਸਕ ਟਕਰਾਅ ਦੌਰਾਨ ਡੀਐੱਸਪੀ ਕ੍ਰਾਈਮ ਵੀਰੇਂਦਰ ਸ਼ਰਮਾ ਸਮੇਤ ਕਰੀਬ ਨੌਂ ਪੁਲੀਸ ਕਰਮੀ ਅਤੇ ਕਈ ਪ੍ਰਦਰਸ਼ਨਕਾਰੀ ਜ਼ਖ਼ਮੀ ਹੋਏ ਸਨ। HSGMC ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਅਤੇ ਕੁਝ ਹੋਰ ਲੋਕ ਵੀ ਇਸ ਘਟਨਾ ਵਿੱਚ ਜ਼ਖ਼ਮੀ ਹੋਏ ਸਨ।
Posted By: Daily Suraj Bureau