Daily Suraj

ਪੰਜਾਬੀ

ਵਿਦਿਆਰਥਣਾਂ ਦੀ ਸੁਰੱਖਿਆ ਨਾਲ ਸਮਝੌਤਾ ਬਰਦਾਸ਼ਤ ਨਹੀਂ: ਮਹਿਲਾ ਕਮਿਸ਼ਨ ਨੇ ਮੰਗੀ ਵਿਸਥਾਰਤ ਰਿਪੋਰਟ ਅਤੇ FIR ਦੀਆਂ ਕਾਪੀਆਂ

28 Sep, 2026 12:43 PM

ਜਲੰਧਰ ਦੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਅਤੇ ਚਿਤਕਾਰਾ ਯੂਨੀਵਰਸਿਟੀ ਵਿੱਚ ਵਾਪਰੀਆਂ ਹਾਲੀਆ ਘਟਨਾਵਾਂ ਤੋਂ ਬਾਅਦ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਸਖ਼ਤ ਰੁਖ਼ ਅਖ਼ਤਿਆਰ ਕੀਤਾ ਹੈ। ਮਹਿਲਾ ਕਮਿਸ਼ਨ ਨੇ ਇਨ੍ਹਾਂ ਦੋਵਾਂ ਨਿੱਜੀ ਯੂਨੀਵਰਸਿਟੀਆਂ ਵਿੱਚ ਵਾਪਰੇ ਮਾਮਲਿਆਂ ਦਾ ਖ਼ੁਦ ਸੰਗਿਆਨ (Suo Motu Notice) ਲੈਂਦਿਆਂ ਸਬੰਧਤ ਅਧਿਕਾਰੀਆਂ ਤੋਂ ਵਿਸਥਾਰਤ ਰਿਪੋਰਟ ਤਲਬ ਕੀਤੀ ਹੈ। ਇਨ੍ਹਾਂ ਦੋਵੇਂ ਵੱਡੀਆਂ ਯੂਨੀਵਰਸਿਟੀਆਂ ਵਿੱਚ ਉੱਪਰੋਥਲੀ ਵਾਪਰੀਆਂ ਘਟਨਾਵਾਂ ਕਾਰਨ ਸੂਬਾ ਸਰਕਾਰ ਅਤੇ ਪ੍ਰਸ਼ਾਸਨ 'ਤੇ ਸਵਾਲ ਖੜ੍ਹੇ ਹੋ ਰਹੇ ਹਨ, ਜਿਸ ਨੂੰ ਲੈ ਕੇ ਵਿਰੋਧੀ ਧਿਰਾਂ ਵੱਲੋਂ ਵੀ ਅਮਨ-ਕਾਨੂੰਨ ਦੀ ਸਥਿਤੀ 'ਤੇ ਨਿਸ਼ਾਨੇ ਸਾਧੇ ਜਾ ਰਹੇ ਹਨ। ਸੁਰੱਖਿਆ ਪ੍ਰਬੰਧਾਂ ਅਤੇ ਦਰਜ FIRs ਦੇ ਵੇਰਵੇ ਮੰਗੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਸਪੱਸ਼ਟ ਕੀਤਾ ਹੈ ਕਿ ਕਮਿਸ਼ਨ ਵੱਲੋਂ ਦੋਵਾਂ ਯੂਨੀਵਰਸਿਟੀਆਂ ਦੇ ਕੈਂਪਸਾਂ ਵਿੱਚ ਵਿਦਿਆਰਥੀਆਂ, ਵਿਸ਼ੇਸ਼ ਤੌਰ 'ਤੇ ਵਿਦਿਆਰਥਣਾਂ ਦੀ ਸੁਰੱਖਿਆ ਲਈ ਕੀਤੇ ਗਏ ਪ੍ਰਬੰਧਾਂ ਦਾ ਲੇਖਾ-ਜੋਖਾ ਮੰਗਿਆ ਗਿਆ ਹੈ। ਕਮਿਸ਼ਨ ਨੇ ਯੂਨੀਵਰਸਿਟੀ ਪ੍ਰਬੰਧਕਾਂ ਕੋਲੋਂ ਘਟਨਾਵਾਂ ਬਾਰੇ ਲਿਖਤੀ ਸਪੱਸ਼ਟੀਕਰਨ ਅਤੇ ਪੰਜਾਬ ਪੁਲੀਸ ਦੁਆਰਾ ਦਰਜ ਕੀਤੀਆਂ ਗਈਆਂ FIRs ਦੀਆਂ ਕਾਪੀਆਂ ਸਮੇਤ ਪੂਰਾ ਵੇਰਵਾ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਵਿਦਿਆਰਥਣਾਂ ਦੀ ਸੁਰੱਖਿਆ ਅਤੇ ਮਾਣ-ਸਨਮਾਨ ਨਾਲ ਕਿਸੇ ਵੀ ਕੀਮਤ 'ਤੇ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਨ੍ਹਾਂ ਮਾਮਲਿਆਂ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਉਣਾ ਕਮਿਸ਼ਨ ਦੀ ਪਹਿਲੀ ਤਰਜੀਹ ਹੈ। ਘਟਨਾਵਾਂ ਤੋਂ ਬਾਅਦ ਵਧਿਆ ਰੋਹ, DGP ਨੇ ਕੀਤਾ ਦੌਰਾ ਜ਼ਿਕਰਯੋਗ ਹੈ ਕਿ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੇ ਲਾਪਤਾ ਹੋਣ ਦੇ ਖ਼ਦਸ਼ੇ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਹੋਸਟਲ ਵਿੱਚ ਇੱਕ ਵਿਦਿਆਰਥਣ ਨਾਲ ਜਬਰ-ਜਨਾਹ ਦੀ ਵਾਪਰੀ ਕਥਿਤ ਘਟਨਾ ਤੋਂ ਬਾਅਦ ਵਿਦਿਆਰਥੀਆਂ ਵਿੱਚ ਭਾਰੀ ਰੋਸ਼ ਫੈਲ ਗਿਆ। ਐਲ.ਪੀ.ਯੂ. ਦੇ ਬਾਹਰ ਬੀਤੇ ਦਿਨ ਪੁਲੀਸ ਅਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਵਿਚਕਾਰ ਤਕਰਾਅ ਦੀ ਸਥਿਤੀ ਵੀ ਬਣੀ ਸੀ। ਸਥਿਤੀ ਦੀ ਗੰਭੀਰਤਾ ਨੂੰ ਦੇਖਦਿਆਂ ਪੰਜਾਬ ਪੁਲੀਸ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਖ਼ੁਦ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦਾ ਦੌਰਾ ਕਰਕੇ ਹਾਲਾਤ ਦਾ ਜਾਇਜ਼ਾ ਲਿਆ। ਮਹਿਲਾ ਕਮਿਸ਼ਨ ਦੀ ਇਸ ਕਾਰਵਾਈ ਨਾਲ ਹੁਣ ਦੋਵਾਂ ਯੂਨੀਵਰਸਿਟੀ ਪ੍ਰਬੰਧਕਾਂ ਅਤੇ ਪੁਲੀਸ ਪ੍ਰਸ਼ਾਸਨ 'ਤੇ ਸਥਿਤੀ ਸਪੱਸ਼ਟ ਕਰਨ ਦਾ ਦਬਾਅ ਵਧ ਗਿਆ ਹੈ।

Posted By: Daily Suraj Bureau

Latest News