NEET-UG ਮਾਮਲੇ 'ਤੇ ਵਿਦਿਆਰਥੀਆਂ ਦਾ ਅੰਦੋਲਨ ਜਾਰੀ, ਨੱਢਾ ਨਾਲ ਮੀਟਿੰਗ ਤੋਂ ਨਹੀਂ ਨਿਕਲਿਆ ਹੱਲ
- ਦੇਸ਼
- (Asia/Kolkata)
NEET-UG 2026 ਪੇਪਰ ਲੀਕ ਮਾਮਲੇ ਨੂੰ ਲੈ ਕੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕਰ ਰਹੀ ਕੋਕਰੋਚ ਜਨਤਾ ਪਾਰਟੀ (CJP) ਵੱਲੋਂ ਕੱਢੇ ਗਏ ਸੰਸਦ ਮਾਰਚ ਤੋਂ ਬਾਅਦ ਰਾਜਧਾਨੀ ਵਿੱਚ ਤਣਾਅਪੂਰਨ ਸਥਿਤੀ ਬਣੀ ਹੋਈ ਹੈ। ਪ੍ਰਦਰਸ਼ਨਕਾਰੀਆਂ ਅਤੇ ਦਿੱਲੀ ਪੁਲੀਸ ਵਿਚਾਲੇ ਹੋਈਆਂ ਝੜਪਾਂ ਮਗਰੋਂ ਕੇਂਦਰੀ ਮੰਤਰੀ ਜੇ.ਪੀ. ਨੱਢਾ ਨਾਲ ਹੋਈ ਬੈਠਕ ਵੀ ਕਿਸੇ ਨਤੀਜੇ 'ਤੇ ਨਹੀਂ ਪਹੁੰਚ ਸਕੀ। CJP ਆਗੂਆਂ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਧਰਨਾ ਅਤੇ ਪ੍ਰਦਰਸ਼ਨ ਜਾਰੀ ਰਹੇਗਾ। ਸੋਮਵਾਰ ਨੂੰ ਕੇਂਦਰੀ ਦਿੱਲੀ ਵਿੱਚ ਹਜ਼ਾਰਾਂ ਪ੍ਰਦਰਸ਼ਨਕਾਰੀ ਇਕੱਠੇ ਹੋਏ ਸਨ। ਉਨ੍ਹਾਂ ਨੂੰ ਰੋਕਣ ਲਈ ਦਿੱਲੀ ਪੁਲੀਸ ਨੇ ਲਾਠੀਚਾਰਜ ਕੀਤਾ ਅਤੇ ਹੰਝੂ ਗੈਸ ਦੇ ਗੋਲੇ ਛੱਡੇ। ਇਸ ਦੌਰਾਨ ਹੋਈਆਂ ਝੜਪਾਂ ਵਿੱਚ ਵੱਡੀ ਗਿਣਤੀ ਵਿੱਚ ਪੁਲੀਸ ਕਰਮੀ ਅਤੇ ਪ੍ਰਦਰਸ਼ਨਕਾਰੀ ਜ਼ਖ਼ਮੀ ਹੋਏ, ਜਦਕਿ ਪੁਲੀਸ ਨੇ 100 ਤੋਂ ਵੱਧ ਲੋਕਾਂ ਨੂੰ ਹਿਰਾਸਤ ਵਿੱਚ ਲਿਆ। 20 ਜੂਨ ਤੋਂ ਚੱਲ ਰਹੇ ਧਰਨੇ ਤੋਂ ਬਾਅਦ ਇਹ ਪਹਿਲਾ ਮੌਕਾ ਸੀ ਜਦੋਂ ਕੇਂਦਰ ਸਰਕਾਰ ਨੇ CJP ਦੇ ਨੁਮਾਇੰਦਿਆਂ ਨਾਲ ਰਸਮੀ ਗੱਲਬਾਤ ਕੀਤੀ। ਜੇ.ਪੀ. ਨੱਢਾ ਨੂੰ ਸੌਂਪਿਆ ਮੰਗ-ਪੱਤਰ ਕੇਂਦਰੀ ਮੰਤਰੀ ਜੇ.ਪੀ. ਨੱਢਾ ਨੇ CJP ਦੇ ਨੁਮਾਇੰਦਿਆਂ ਸੌਰਵ ਦਾਸ ਅਤੇ ਆਸ਼ੂਤੋਸ਼ ਰਾਂਕਾ ਨਾਲ ਮੁਲਾਕਾਤ ਕੀਤੀ। ਦੋਵਾਂ ਨੇ ਕੇਂਦਰੀ ਸਿੱਖਿਆ ਮੰਤਰੀ ਦੀ ਬਰਖ਼ਾਸਤਗੀ ਸਮੇਤ ਹੋਰ ਮੁੱਖ ਮੰਗਾਂ ਵਾਲਾ ਮੰਗ-ਪੱਤਰ ਉਨ੍ਹਾਂ ਨੂੰ ਸੌਂਪਿਆ। ਸਰਕਾਰ ਨੇ ਮੰਗਾਂ 'ਤੇ ਵਿਚਾਰ ਕਰਨ ਦਾ ਭਰੋਸਾ ਦਿੰਦਿਆਂ ਧਰਨਾ ਸਮਾਪਤ ਕਰਨ ਦੀ ਅਪੀਲ ਕੀਤੀ, ਪਰ CJP ਆਗੂਆਂ ਨੇ ਕਿਹਾ ਕਿ ਜਦੋਂ ਤੱਕ ਠੋਸ ਕਾਰਵਾਈ ਨਹੀਂ ਹੁੰਦੀ, ਅੰਦੋਲਨ ਜਾਰੀ ਰਹੇਗਾ। ਸੋਨਮ ਵਾਂਗਚੁਕ ਦੀ ਭੁੱਖ ਹੜਤਾਲ 24ਵੇਂ ਦਿਨ ਵਿੱਚ ਦਾਖ਼ਲ ਹਸਪਤਾਲ ਵਿੱਚ ਇਲਾਜ ਅਧੀਨ ਸਮਾਜਿਕ ਕਾਰਕੁਨ ਸੋਨਮ ਵਾਂਗਚੁਕ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਦੀ ਭੁੱਖ ਹੜਤਾਲ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਨੌਜਵਾਨ ਆਗੂਆਂ ਨੂੰ ਸੰਸਦ ਮੈਂਬਰਾਂ (MPs) ਨਾਲ ਸੰਸਦ ਵਿੱਚ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ ਜਾਂਦੀ ਜਾਂ ਸੰਸਦ ਮੈਂਬਰ ਹਸਪਤਾਲ ਆ ਕੇ ਉਨ੍ਹਾਂ ਨਾਲ ਮੁਲਾਕਾਤ ਨਹੀਂ ਕਰਦੇ। ਮੰਗਲਵਾਰ ਨੂੰ ਉਨ੍ਹਾਂ ਦੀ ਭੁੱਖ ਹੜਤਾਲ 24ਵੇਂ ਦਿਨ ਵਿੱਚ ਦਾਖ਼ਲ ਹੋ ਗਈ। ਇਸੇ ਦੌਰਾਨ CJP ਦੇ ਸੰਸਥਾਪਕ ਅਭਿਜੀਤ ਦੀਪਕੇ, ਜਿਨ੍ਹਾਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਲਿਆ ਸੀ, ਨੇ ਸੋਮਵਾਰ ਨੂੰ ਆਪਣਾ ਮਰਨ ਵਰਤ ਸਮਾਪਤ ਕਰ ਦਿੱਤਾ। ਦਿੱਲੀ ਵਿੱਚ ਸੁਰੱਖਿਆ ਵਧਾਈ ਗਈ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਜੰਤਰ-ਮੰਤਰ ਅਤੇ ਇਸ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਸੁਰੱਖਿਆ ਬਲਾਂ ਦੀ ਤਾਇਨਾਤੀ ਵਧਾ ਦਿੱਤੀ ਗਈ ਹੈ। ਪ੍ਰਸ਼ਾਸਨ ਵੱਲੋਂ ਸਥਿਤੀ 'ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਕਿਸੇ ਵੀ ਅਣਚਾਹੀ ਘਟਨਾ ਨੂੰ ਰੋਕਣ ਲਈ ਚੌਕਸੀ ਹੋਰ ਸਖ਼ਤ ਕਰ ਦਿੱਤੀ ਗਈ ਹੈ।
Leave a Reply