ਕਮਿਸ਼ਨ ਦੇ ਮੈਂਬਰ ਵੱਲੋਂ ਸਰਕਾਰੀ ਰਾਸ਼ਨ ਡਿੱਪੂਆਂ ਦਾ ਅਚਨਚੇਤ ਨਿਰੀਖਣ
ਕੁਰਾਲੀ : ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਜ਼ਿਲ੍ਹੇ ਦੇ ਵੱਖ-ਵੱਖ ਕਸਬਿਆਂ ਅਤੇ ਪਿੰਡਾਂ ’ਚ ਸਰਕਾਰੀ ਰਾਸ਼ਨ ਡਿੱਪੂਆਂ ਦਾ ਅਚਨਚੇਤ ਨਿਰੀਖ਼ਣ ਕੀਤਾ। ਇਸ ਨਿਰੀਖ਼ਣ ਦਾ ਮਕਸਦ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਅਧੀਨ ਚੱਲ ਰਹੀਆਂ ਲਾਭਕਾਰੀ ਸਕੀਮਾਂ ਦੀ ਪਾਰਦਰਸ਼ਤਾ ਦਾ ਜਾਇਜ਼ਾ ਲੈਣਾ ਸੀ। ਵਿਜੇ ਦੱਤ ਨੇ ਕੁਰਾਲੀ ਸ਼ਹਿਰ ਦੇ ਵੱਖ-ਵੱਖ ਵਾਰਡਾਂ, ਪਿੰਡ ਕਰਤਾਰਪੁਰ ਅਤੇ ਪਿੰਡ ਸਲਾਮਪੁਰ ਦੇ ਸਰਕਾਰੀ ਰਾਸ਼ਨ ਡਿੱਪੂਆਂ ਦੀ ਚੈਕਿੰਗ ਕੀਤੀ। ਇਸ ਦੌਰਾਨ ਉਨ੍ਹਾਂ ਸਰਕਾਰੀ ਰਾਸ਼ਨ ਲੈਣ ਆਏ ਲਾਭਪਾਤਰੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਬਾਰੇ ਜਾਣੂ ਕਰਵਾਇਆ। ਮੈਂਬਰ ਵਿਜੇ ਦੱਤ ਨੇ ਨੇ ਕਿਹਾ ਕਿ ਸਰਕਾਰ ਅਕਤੂਬਰ ਤੋਂ ਦਸੰਬਰ ਤੱਕ ਤਿੰਨ ਮਹੀਨੇ ਦੀ ਕਣਕ ਵੰਡਣ ਦੀ ਯੋਜਨਾ ਚਲਾ ਰਹੀ ਹੈ। ਪ੍ਰਾਪਤ ਅੰਕੜਿਆਂ ਅਨੁਸਾਰ ਜ਼ਿਲ੍ਹੇ ਵਿਚ ਹੁਣ ਤਕ ਕਰੀਬ 70 ਤੋਂ 75 ਫ਼ੀਸਦੀ ਕਣਕ ਵੰਡਣ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਸਾਰੇ ਸਰਕਾਰੀ ਰਾਸ਼ਨ ਡਿੱਪੂਆਂ ਵਿਚ ਬਾਇਓਮੀਟ੍ਰਿਕ ਮਸ਼ੀਨਾਂ ਅਤੇ ਬਿਜਲੀ ਤੋਲਣ ਵਾਲੀਆਂ ਮਸ਼ੀਨਾਂ ਦੇ ਸ਼ੁਰੂ ਹੋਣ ਨਾਲ ਰਾਸ਼ਨ ਵੰਡ ਪ੍ਰਕਿਰਿਆ ’ਚ ਪਾਰਦਰਸ਼ਤਾ ਆਈ ਹੈ ਅਤੇ ਆਮ ਲੋਕਾਂ ਨੂੰ ਰਾਹਤ ਮਿਲੀ ਹੈ। ਸ਼੍ਰੀ ਵਿਜੇ ਦੱਤ ਨੇ ਕਿਹਾ ਕਿ ਉਹ ਸਮੇਂ-ਸਮੇਂ ਤੇ ਅਚਨਚੇਤ ਦੌਰੇ ਕਰਦੇ ਰਹਿੰਦੇ ਹਨ ਅਤੇ ਜੇਕਰ ਕੋਈ ਲਾਭਕਾਰੀ ਸਕੀਮਾਂ ਪ੍ਰਤੀ ਲਾਪਰਵਾਹੀ ਕਰਦਾ ਪਾਇਆ ਗਿਆ ਤਾਂ ਕਮਿਸ਼ਨ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕਰੇਗਾ। ਕਮਿਸ਼ਨ ਦੇ ਮੈਂਬਰ ਸ੍ਰੀ ਵਿਜੇ ਦੱਤ ਨੇ ਜ਼ਿਲ੍ਹੇ ਦੇ ਸਾਰੇ ਸਰਕਾਰੀ ਰਾਸ਼ਨ ਡਿਪੂਆਂ ਵਿਚ ਪੰਜਾਬ ਰਾਜ ਖੁਰਾਕ ਕਮਿਸ਼ਨ ਦਾ ਹੈਲਪ ਲਾਈਨ ਨੰਬਰ ਡਿਸਪਲੇ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਲਾਭਪਾਤਰੀ ਨੂੰ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਦੀਆਂ ਸਕੀਮਾਂ ਸਬੰਧੀ ਕੋਈ ਸ਼ਿਕਾਇਤ ਹੈ ਤਾਂ ਉਹ ਇਸ ਹੈਲਪ ਲਾਈਨ ਨੰਬਰ ਤੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ।
Posted By: Daily Suraj Bureau