ਪੰਜਾਬ 'ਚ ਪਰਾਲੀ ਸਾੜਨ ਦੇ 5,000 ਤੋਂ ਵੱਧ ਮਾਮਲੇ ਦਰਜ: 1,155 ਐੱਫ.ਆਈ.ਆਰ. ਦਰਜ, ਕਿਸਾਨਾਂ ਨੂੰ ਲਗਾਇਆ 79.75 ਲੱਖ ਰੁਪਏ ਜੁਰਮਾਨਾ
ਪੰਜਾਬ ਵਿੱਚ ਝੋਨੇ ਦੀ ਚੱਲ ਰਹੀ ਵਾਢੀ ਦੇ ਸੀਜ਼ਨ ਦੌਰਾਨ ਫ਼ਸਲ ਦੀ ਰਹਿੰਦ-ਖੂੰਹਦ (ਪਰਾਲੀ) ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਵੱਲੋਂ ਜਾਰੀ ਤਾਜ਼ਾ ਰਿਪੋਰਟ ਅਨੁਸਾਰ ਸੂਬੇ ਵਿੱਚ ਹੁਣ ਤੱਕ ਪਰਾਲੀ ਸਾੜਨ ਦੇ ਕੁੱਲ 5,002 ਮਾਮਲੇ ਦਰਜ ਕੀਤੇ ਗਏ ਹਨ। ਇਨ੍ਹਾਂ ਘਟਨਾਵਾਂ ਦੇ ਮੱਦੇਨਜ਼ਰ ਪ੍ਰਸ਼ਾਸਨ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਅਤੇ ਵਿੱਤੀ ਕਾਰਵਾਈ ਅਮਲ ਵਿੱਚ ਲਿਆਂਦੀ ਹੈ। ਪੀ.ਪੀ.ਸੀ.ਬੀ. ਦੀ 10 ਨਵੰਬਰ ਤੱਕ ਦੀ ਰਿਪੋਰਟ ਮੁਤਾਬਕ, ਮੋਨੀਟਰਿੰਗ ਟੀਮਾਂ ਵੱਲੋਂ 4,185 ਸ਼ੱਕੀ ਸਥਾਨਾਂ ਦਾ ਮੌਕੇ 'ਤੇ ਜਾ ਕੇ ਨਿਰੀਖਣ ਕੀਤਾ ਗਿਆ, ਜਿਨ੍ਹਾਂ ਵਿੱਚੋਂ 1,833 ਥਾਵਾਂ 'ਤੇ ਖੇਤਾਂ ਵਿੱਚ ਪਰਾਲੀ ਸਾੜੇ ਜਾਣ ਦੀ ਪੁਸ਼ਟੀ ਹੋਈ ਹੈ। ਵਾਤਾਵਰਣ ਮੁਆਵਜ਼ਾ (Environmental Compensation) ਨਿਯਮਾਂ ਤਹਿਤ 1,574 ਮਾਮਲਿਆਂ ਵਿੱਚ ਕੁੱਲ 79.75 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ, ਜਿਸ ਵਿੱਚੋਂ ਪ੍ਰਸ਼ਾਸਨ ਵੱਲੋਂ ਹੁਣ ਤੱਕ 36.40 ਲੱਖ ਰੁਪਏ ਦੀ ਵਸੂਲੀ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ, ਨਿਯਮਾਂ ਦੀ ਉਲੰਘਣਾ ਕਰਨ 'ਤੇ 1,155 ਮਾਮਲਿਆਂ ਵਿੱਚ ਪੁਲਿਸ ਐੱਫ.ਆਈ.ਆਰ. (FIR) ਦਰਜ ਕੀਤੀਆਂ ਗਈਆਂ ਹਨ, ਜਦਕਿ 1,342 ਕਿਸਾਨਾਂ ਦੇ ਮਾਲ ਵਿਭਾਗ ਦੇ ਰਿਕਾਰਡ ਵਿੱਚ 'ਰੈੱਡ ਐਂਟਰੀ' (ਲਾਲ ਇੰਦਰਾਜ) ਦਰਜ ਕੀਤੀ ਗਈ ਹੈ। ਜ਼ਿਲ੍ਹਾਵਾਰ ਅੰਕੜੇ: ਤਰਨ ਤਾਰਨ ਸੂਬੇ 'ਚ ਸਭ ਤੋਂ ਅੱਗੇ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਸਭ ਤੋਂ ਵੱਧ ਘਟਨਾਵਾਂ ਤਰਨ ਤਾਰਨ ਜ਼ਿਲ੍ਹੇ ਵਿੱਚ ਦਰਜ ਕੀਤੀਆਂ ਗਈਆਂ ਹਨ, ਜਿੱਥੇ ਕੁੱਲ 676 ਮਾਮਲੇ ਸਾਹਮਣੇ ਆਏ। ਇੱਥੇ 654 ਖੇਤਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ 310 ਥਾਵਾਂ 'ਤੇ ਅੱਗ ਲੱਗਣ ਦੀ ਪੁਸ਼ਟੀ ਹੋਈ। ਇਸ ਲੜੀ ਵਿੱਚ ਫ਼ਿਰੋਜ਼ਪੁਰ 654 ਮਾਮਲਿਆਂ ਨਾਲ ਦੂਜੇ ਨੰਬਰ 'ਤੇ ਹੈ, ਜਦਕਿ ਸੰਗਰੂਰ ਵਿੱਚ 566, ਬਠਿੰਡਾ ਵਿੱਚ 439 ਅਤੇ ਪਟਿਆਲਾ ਵਿੱਚ 339 ਘਟਨਾਵਾਂ ਦਰਜ ਕੀਤੀਆਂ ਗਈਆਂ ਹਨ। ਜੇਕਰ ਪਟਿਆਲਾ ਜ਼ਿਲ੍ਹੇ ਦੀ ਗੱਲ ਕਰੀਏ ਤਾਂ ਇੱਥੇ ਦਰਜ 339 ਮਾਮਲਿਆਂ ਵਿੱਚੋਂ 260 ਖੇਤਾਂ ਦੀ ਜਾਂਚ ਕੀਤੀ ਗਈ ਅਤੇ 166 ਥਾਵਾਂ 'ਤੇ ਪਰਾਲੀ ਸਾੜੇ ਜਾਣ ਦਾ ਮਾਮਲਾ ਸਹੀ ਪਾਇਆ ਗਿਆ। ਪਟਿਆਲਾ ਪ੍ਰਸ਼ਾਸਨ ਨੇ 115 ਮਾਮਲਿਆਂ ਵਿੱਚ 5.80 ਲੱਖ ਰੁਪਏ ਦਾ ਵਾਤਾਵਰਣ ਮੁਆਵਜ਼ਾ ਲਗਾਇਆ ਹੈ, ਜਿਸ ਵਿੱਚੋਂ 2.40 ਲੱਖ ਰੁਪਏ ਉਗਰਾਹ ਲਏ ਗਏ ਹਨ। ਜ਼ਿਲ੍ਹੇ ਵਿੱਚ 123 ਐੱਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ, 97 ਖੇਤਾਂ ਦੇ ਰਿਕਾਰਡ ਵਿੱਚ ਰੈੱਡ ਐਂਟਰੀ ਕੀਤੀ ਗਈ ਹੈ ਅਤੇ ਕਿਸਾਨਾਂ ਨੂੰ 225 ਚੇਤਾਵਨੀ ਨੋਟਿਸ ਜਾਰੀ ਕੀਤੇ ਗਏ ਹਨ। ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ 'ਤੇ ਸ਼ਿਕੰਜਾ ਅਤੇ ਵਾਢੀ ਦੀ ਸਥਿਤੀ ਪੀ.ਪੀ.ਸੀ.ਬੀ. ਦੀ ਰਿਪੋਰਟ ਵਿੱਚ ਇਹ ਵੀ ਖੁਲਾਸਾ ਹੋਇਆ ਹੈ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਅਣਗਹਿਲੀ ਵਰਤਣ ਦੇ ਦੋਸ਼ ਹੇਠ 18 ਨਿਗਰਾਨ (ਨੋਡਲ) ਅਧਿਕਾਰੀਆਂ ਵਿਰੁੱਧ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਗਈ ਹੈ। ਇਹ ਕਾਰਵਾਈ ਫਿਰੋਜ਼ਪੁਰ ਦੇ 5 ਅਤੇ ਤਰਨ ਤਾਰਨ ਦੇ 13 ਅਧਿਕਾਰੀਆਂ ਵਿਰੁੱਧ ਕੀਤੀ ਜਾ ਰਹੀ ਹੈ, ਹਾਲਾਂਕਿ ਹਾਲੇ ਤੱਕ ਕਿਸੇ ਵੀ ਅਧਿਕਾਰੀ ਨੂੰ ਮੁਅੱਤਲ ਨਹੀਂ ਕੀਤਾ ਗਿਆ ਅਤੇ ਨਾ ਹੀ ਦੋਸ਼ ਤੈਅ ਹੋਏ ਹਨ। ਰਿਪੋਰਟ ਅਨੁਸਾਰ ਪੰਜਾਬ ਵਿੱਚ ਝੋਨੇ ਦੀ ਕਾਸ਼ਤ ਹੇਠਲੇ ਕੁੱਲ 32.87 ਲੱਖ ਹੈਕਟੇਅਰ ਰਕਬੇ ਵਿੱਚੋਂ 96.10 ਫੀਸਦੀ ਹਿੱਸੇ 'ਤੇ ਵਾਢੀ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਵਾਢੀ ਦਾ ਸੀਜ਼ਨ ਖ਼ਤਮ ਹੋਣ ਦੇ ਨੇੜੇ ਹੋਣ ਦੇ ਬਾਵਜੂਦ ਹਵਾ ਪ੍ਰਦੂਸ਼ਣ ਨੂੰ ਰੋਕਣਾ ਪ੍ਰਸ਼ਾਸਨ ਲਈ ਵੱਡੀ ਚੁਣੌਤੀ ਬਣਿਆ ਹੋਇਆ ਹੈ ਅਤੇ ਅਧਿਕਾਰੀ ਲਗਾਤਾਰ ਖੇਤਾਂ 'ਤੇ ਨਜ਼ਰ ਰੱਖ ਰਹੇ ਹਨ।