Daily Suraj

ਪੰਜਾਬੀ

ਮਕੋਕਾ ਮਾਮਲੇ ਵਿੱਚ 'ਆਪ' ਦੇ ਸਾਬਕਾ ਵਿਧਾਇਕ ਨਰੇਸ਼ ਬਾਲਿਆਨ ਨੂੰ ਵੱਡੀ ਰਾਹਤ, ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ

27 Nov, 2026 11:27 AM

ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਮਹਾਰਾਸ਼ਟਰ ਕੰਟਰੋਲ ਆਫ਼ ਆਰਗੇਨਾਈਜ਼ਡ ਕ੍ਰਾਈਮ ਐਕਟ (ਮਕੋਕਾ) ਤਹਿਤ ਦਰਜ ਕੀਤੇ ਗਏ ਇੱਕ ਮਾਮਲੇ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਸਾਬਕਾ ਵਿਧਾਇਕ ਨਰੇਸ਼ ਬਾਲਿਆਨ ਨੂੰ ਜ਼ਮਾਨਤ ਦੇ ਦਿੱਤੀ ਹੈ। ਜਸਟਿਸ ਵਿਕਰਮ ਨਾਥ ਅਤੇ ਜਸਟਿਸ ਅਪਰੇਸ਼ ਕੁਮਾਰ ਸਿੰਘ ਦੇ ਬੈਂਚ ਨੇ ਦਿੱਲੀ ਹਾਈ ਕੋਰਟ ਦੇ ਉਸ ਹੁਕਮ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਇਹ ਫੈਸਲਾ ਸੁਣਾਇਆ, ਜਿਸ ਵਿੱਚ ਬਾਲਿਆਨ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ। ਜ਼ਮਾਨਤ ਦਿੰਦਿਆਂ ਸਿਖਰਲੀ ਅਦਾਲਤ ਦੇ ਬੈਂਚ ਨੇ ਨਰੇਸ਼ ਬਾਲਿਆਨ ਨੂੰ ਹੇਠਲੀ ਅਦਾਲਤ ਵਿੱਚ ਚੱਲ ਰਹੇ ਮੁਕੱਦਮੇ ਦੌਰਾਨ ਪੂਰਾ ਸਹਿਯੋਗ ਕਰਨ ਦੀ ਹਦਾਇਤ ਵੀ ਕੀਤੀ ਹੈ। ਇਸ ਤੋਂ ਪਹਿਲਾਂ, 3 ਅਗਸਤ ਨੂੰ ਦਿੱਲੀ ਹਾਈ ਕੋਰਟ ਨੇ ਬਾਲਿਆਨ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ। ਉਨ੍ਹਾਂ ਉੱਤੇ ਗੈਂਗਸਟਰ ਕਪਿਲ ਸਾਂਗਵਾਨ ਵੱਲੋਂ ਕਥਿਤ ਤੌਰ ’ਤੇ ਚਲਾਏ ਜਾ ਰਹੇ ਇੱਕ ਅਪਰਾਧਿਕ ਸਿੰਡੀਕੇਟ ਵਿੱਚ ਸਹੂਲਤਦਾਤਾ (ਮਦਦਗਾਰ) ਦੀ ਭੂਮਿਕਾ ਨਿਭਾਉਣ ਦਾ ਦੋਸ਼ ਹੈ। ਹਾਈ ਕੋਰਟ ਨੇ ਆਪਣੀ ਟਿੱਪਣੀ ਵਿੱਚ ਕਿਹਾ ਸੀ ਕਿ ਬਾਲਿਆਨ ਅਤੇ ਗੈਂਗਸਟਰ ਵਿਚਕਾਰ ਹੋਈ ਗੱਲਬਾਤ ਦੋਵਾਂ ਦਰਮਿਆਨ ਇੱਕ "ਸਰਗਰਮ ਅਪਰਾਧਿਕ ਗੰਢਤੁਪ" ਨੂੰ ਦਰਸਾਉਂਦੀ ਹੈ। ਸ਼ੁੱਕਰਵਾਰ ਨੂੰ ਸੁਣਵਾਈ ਦੌਰਾਨ ਨਰੇਸ਼ ਬਾਲਿਆਨ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਵਿਕਾਸ ਸਿੰਘ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਉਨ੍ਹਾਂ ਦੇ ਮੁਵੱਕਿਲ ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਹਨ ਅਤੇ ਉਹ "ਸਿਆਸੀ ਬਦਲਾਖੋਰੀ" ਦਾ ਸ਼ਿਕਾਰ ਹੋਏ ਹਨ। ਸਿੰਘ ਨੇ ਅਦਾਲਤ ਦੇ ਧਿਆਨ ਵਿੱਚ ਲਿਆਂਦਾ ਕਿ ਬਾਲਿਆਨ ਪਿਛਲੇ ਲਗਭਗ ਦੋ ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹਨ। ਦੂਜੇ ਪਾਸੇ, ਇਨ੍ਹਾਂ ਦਲੀਲਾਂ ਦਾ ਸਖ਼ਤ ਵਿਰੋਧ ਕਰਦਿਆਂ ਦਿੱਲੀ ਪੁਲੀਸ ਦੇ ਵਕੀਲ ਨੇ ਕਿਹਾ ਕਿ ਬਾਲਿਆਨ ਇੱਕ ਸੰਗਠਿਤ ਅਪਰਾਧ ਸਿੰਡੀਕੇਟ ਦਾ ਹਿੱਸਾ ਸਨ, ਜਿਸ ਵਿਰੁੱਧ 15 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ। ਜ਼ਿਕਰਯੋਗ ਹੈ ਕਿ ਅਗਸਤ ਵਿੱਚ ਹਾਈ ਕੋਰਟ ਵੱਲੋਂ ਜ਼ਮਾਨਤ ਰੱਦ ਕੀਤੇ ਜਾਣ ਤੋਂ ਬਾਅਦ ਬਾਲਿਆਨ ਨੇ ਸੁਪਰੀਮ ਕੋਰਟ ਦਾ ਰੁਖ਼ ਕੀਤਾ ਸੀ, ਜਿਸ ’ਤੇ ਸਿਖਰਲੀ ਅਦਾਲਤ ਸੁਣਵਾਈ ਕਰਨ ਲਈ ਸਹਿਮਤ ਹੋ ਗਈ ਸੀ। ਬਾਲਿਆਨ ਨੂੰ 4 ਦਸੰਬਰ, 2024 ਨੂੰ ਮਕੋਕਾ ਦੇ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਇਹ ਗ੍ਰਿਫ਼ਤਾਰੀ ਉਸੇ ਦਿਨ ਹੋਈ ਸੀ, ਜਦੋਂ ਇੱਕ ਹੇਠਲੀ ਅਦਾਲਤ ਨੇ ਉਨ੍ਹਾਂ ਨੂੰ ਜਬਰੀ ਵਸੂਲੀ ਦੇ ਇੱਕ ਹੋਰ ਮਾਮਲੇ ਵਿੱਚ ਜ਼ਮਾਨਤ ਦਿੱਤੀ ਸੀ। ਇਸ ਤੋਂ ਪਹਿਲਾਂ, ਦਿੱਲੀ ਹਾਈ ਕੋਰਟ ਸਾਹਮਣੇ ਵੀ ਬਾਲਿਆਨ ਨੇ ਦਲੀਲ ਦਿੱਤੀ ਸੀ ਕਿ ਉਨ੍ਹਾਂ ਵਿਰੁੱਧ "ਸਬੂਤ ਦਾ ਇੱਕ ਕਣ ਵੀ ਮੌਜੂਦ ਨਹੀਂ ਹੈ" ਅਤੇ ਪੂਰਾ ਕੇਸ "ਬਿਲਕੁਲ ਬੇਬੁਨਿਆਦ" ਹੈ। ਹਾਲਾਂਕਿ, ਹਾਈ ਕੋਰਟ ਨੇ ਉਨ੍ਹਾਂ ਦੀ ਇਸ ਦਲੀਲ ਨੂੰ ਰੱਦ ਕਰ ਦਿੱਤਾ ਸੀ ਕਿ ਉਹ ਖ਼ੁਦ ਇੱਕ ਪੀੜਤ ਹਨ, ਉਨ੍ਹਾਂ ਨੇ ਸਾਂਗਵਾਨ ਵਿਰੁੱਧ ਸ਼ਿਕਾਇਤਾਂ ਦਰਜ ਕਰਵਾਈਆਂ ਸਨ ਅਤੇ ਸਿਆਸੀ ਬਦਲਾਖੋਰੀ ਕਾਰਨ ਉਨ੍ਹਾਂ ਨੂੰ ਗੈਂਗਸਟਰ ਦੇ ਕਰੀਬੀ ਸਾਥੀ ਵਜੋਂ ਪੇਸ਼ ਕੀਤਾ ਜਾ ਰਿਹਾ ਹੈ।

Latest News