ਸੁਤੰਤਰਤਾ ਦਿਵਸ ਤੋਂ ਪਹਿਲਾਂ PM ਮੋਦੀ ਦੀ ਦੇਸ਼ ਵਾਸੀਆਂ ਨੂੰ ਅਪੀਲ, ‘ਹਰ ਘਰ ਤਿਰੰਗਾ’ ਨੂੰ ਬਣਾਓ ਉਤਸਵ
80ਵੇਂ ਸੁਤੰਤਰਤਾ ਦਿਵਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ‘ਹਰ ਘਰ ਤਿਰੰਗਾ’ ਮੁਹਿੰਮ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਹੈ। ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ’ਤੇ ਇੱਕ ਵੀਡੀਓ ਸੰਦੇਸ਼ ਸਾਂਝਾ ਕਰਦਿਆਂ ਇਸ ਮੁਹਿੰਮ ਨੂੰ ਹਰ ਘਰ ਵਿੱਚ ਇੱਕ ਉਤਸਵ ਵਜੋਂ ਮਨਾਉਣ ਦਾ ਸੱਦਾ ਦਿੱਤਾ। ਆਪਣੇ ਸੰਦੇਸ਼ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ 15 ਅਗਸਤ ਨੂੰ ਆਜ਼ਾਦੀ ਦਿਵਸ ਪੂਰੇ ਉਤਸ਼ਾਹ, ਸਨਮਾਨ ਅਤੇ ਮਾਣ ਨਾਲ ਮਨਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਲੋਕਾਂ ਨੂੰ ‘ਹਰ ਘਰ ਤਿਰੰਗਾ’ ਮੁਹਿੰਮ ਦਾ ਹਿੱਸਾ ਬਣਨ ਅਤੇ ਆਪਣੇ ਘਰਾਂ ’ਤੇ ਤਿਰੰਗਾ ਲਹਿਰਾਉਣ ਲਈ ਕਿਹਾ। ਪ੍ਰਧਾਨ ਮੰਤਰੀ ਨੇ ਆਜ਼ਾਦੀ ਸੰਗਰਾਮ ਦੇ ਯੋਧਿਆਂ ਨੂੰ ਸ਼ਰਧਾਂਜਲੀ ਦੇਣ ਦੇ ਨਾਲ-ਨਾਲ ਵਿਕਸਿਤ ਭਾਰਤ ਦੇ ਨਿਰਮਾਣ ਲਈ ਸੰਕਲਪ ਲੈਣ ਦੀ ਵੀ ਗੱਲ ਕਹੀ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਨੂੰ ਯਾਦ ਕਰਨਾ ਅਤੇ ਉਨ੍ਹਾਂ ਪ੍ਰਤੀ ਸਨਮਾਨ ਪ੍ਰਗਟ ਕਰਨਾ ਹਰ ਦੇਸ਼ ਵਾਸੀ ਦੀ ਜ਼ਿੰਮੇਵਾਰੀ ਹੈ। ਇਹ ਅਪੀਲ 15 ਅਗਸਤ ਨੂੰ ਹੋਣ ਵਾਲੇ 80ਵੇਂ ਸੁਤੰਤਰਤਾ ਦਿਵਸ ਸਮਾਰੋਹ ਤੋਂ ਪਹਿਲਾਂ ਕੀਤੀ ਗਈ ਹੈ। ਇਸ ਮੌਕੇ ਦੇਸ਼ ਆਜ਼ਾਦੀ ਦੀ 80ਵੀਂ ਵਰ੍ਹੇਗੰਢ ਮਨਾਏਗਾ। ਵੀਡੀਓ ਸੰਦੇਸ਼ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, “ਹਰ ਘਰ ਵਿੱਚ ਤਿਰੰਗਾ, ਹਰ ਦਿਲ ਵਿੱਚ ਤਿਰੰਗਾ। ਆਓ, ਅਸੀਂ ਹਰ ਘਰ ਵਿੱਚ ਤਿਰੰਗਾ ਲਹਿਰਾਈਏ।” ਉਨ੍ਹਾਂ ਨੇ ਲੋਕਾਂ ਨੂੰ ‘ਹਰ ਘਰ ਤਿਰੰਗਾ’ ਮੁਹਿੰਮ ਨੂੰ ਸਿਰਫ਼ ਇੱਕ ਮੁਹਿੰਮ ਨਾ ਰੱਖਦਿਆਂ ਇਸ ਨੂੰ ਹਰ ਘਰ ਵਿੱਚ ਉਤਸਵ ਦਾ ਰੂਪ ਦੇਣ ਦਾ ਸੱਦਾ ਦਿੱਤਾ। ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ 15 ਅਗਸਤ ਦੇ ਇਸ ਰਾਸ਼ਟਰੀ ਮੌਕੇ ਨੂੰ ਉਤਸ਼ਾਹ ਅਤੇ ਦੇਸ਼ਭਗਤੀ ਦੀ ਭਾਵਨਾ ਨਾਲ ਮਨਾਉਣ ਦੀ ਅਪੀਲ ਕੀਤੀ।
Posted By: Daily Suraj Bureau