ਚੰਡੀਗੜ੍ਹ-ਮੁਹਾਲੀ ਸਰਹੱਦ 'ਤੇ ਕਿਸਾਨੀ ਮੋਰਚਾ ਹੋਰ ਲੰਮਾ ਹੋਣ ਦੇ ਆਸਾਰ; ਪੰਜਾਬ ਸਰਕਾਰ ਦੇ ਰਵੱਈਏ ਤੋਂ ਖ਼ਫ਼ਾ ਹੋਈਆਂ ਜਥੇਬੰਦੀਆਂ
- ਪੰਜਾਬ
- (Asia/Kolkata)
ਕਿਸਾਨਾਂ ਅਤੇ ਪੰਜਾਬ ਦੀਆਂ ਅਹਿਮ ਮੰਗਾਂ ਨੂੰ ਲੈ ਕੇ ਚੰਡੀਗੜ੍ਹ-ਮੁਹਾਲੀ ਦੀ ਸਰਹੱਦ 'ਤੇ ਪਿਛਲੇ ਪੰਜ ਦਿਨਾਂ ਤੋਂ ਡਟੀਆਂ ਸੰਯੁਕਤ ਕਿਸਾਨ ਮੋਰਚੇ (ਐੱਸ.ਕੇ.ਐੱਮ.) ਦੀ ਅਗਵਾਈ ਹੇਠਲੀਆਂ ਕਿਸਾਨ ਜਥੇਬੰਦੀਆਂ ਪੰਜਾਬ ਸਰਕਾਰ ਦੀ ਬੇਰੁਖ਼ੀ ਤੋਂ ਡਾਢੀਆਂ ਅਸੰਤੁਸ਼ਟ ਹਨ। ਪੁਲੀਸ ਪ੍ਰਸ਼ਾਸਨ ਵੱਲੋਂ ਪਿਛਲੇ ਤਿੰਨ ਦਿਨਾਂ ਤੋਂ ਪੰਜਾਬ ਸਰਕਾਰ ਨਾਲ ਕਿਸਾਨਾਂ ਦੀ ਮੀਟਿੰਗ ਤੈਅ ਕਰਾਉਣ ਦਾ ਅਮਲ ਸਿਰੇ ਨਾ ਚੜ੍ਹਨ ਕਰਕੇ ਕਿਸਾਨ ਆਗੂਆਂ ਨੇ ਹੁਣ ਅੰਦੋਲਨ ਨੂੰ ਹੋਰ ਤੇਜ਼ ਕਰਨ ਲਈ ਅਗਲੀ ਰਣਨੀਤੀ ਉਲੀਕਣ ਦਾ ਫ਼ੈਸਲਾ ਕਰ ਲਿਆ ਹੈ। ਸਰਕਾਰ ਵੱਲੋਂ ਗੱਲਬਾਤ ਲਈ ਸਮਾਂ ਨਾ ਦਿੱਤੇ ਜਾਣ ਕਾਰਨ ਸੰਯੁਕਤ ਕਿਸਾਨ ਮੋਰਚੇ ਵੱਲੋਂ ਪਹਿਲਾਂ 7 ਸਤੰਬਰ ਤੱਕ ਮਿੱਥੇ ਗਏ ਇਸ ਧਰਨੇ ਨੂੰ ਅੱਗੇ ਵਧਾਉਣ ਦਾ ਐਲਾਨ ਕੀਤਾ ਜਾ ਸਕਦਾ ਹੈ। ਮੋਰਚੇ ਵਿੱਚ ਕਿਸਾਨਾਂ ਦੀ ਲਗਾਤਾਰ ਵਧ ਰਹੀ ਗਿਣਤੀ ਅਤੇ ਟਰੈਕਟਰ-ਟਰਾਲੀਆਂ ਦੀ ਆਮਦ ਤੋਂ ਜਥੇਬੰਦੀਆਂ ਪੂਰੀ ਤਰ੍ਹਾਂ ਸੰਤੁਸ਼ਟ ਹਨ। ਇਸ ਧਰਨੇ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਬੀਬੀਆਂ ਵੀ ਸ਼ਮੂਲੀਅਤ ਕਰ ਰਹੀਆਂ ਹਨ ਅਤੇ ਅੰਦੋਲਨਕਾਰੀਆਂ ਲਈ ਦਰਜਨ ਤੋਂ ਵੱਧ ਲੰਗਰ ਨਿਰੰਤਰ ਚੱਲ ਰਹੇ ਹਨ। ਖ਼ਰਾਬ ਮੌਸਮ ਅਤੇ ਮੀਂਹ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ ਹਨ। ਸ਼ਾਮ ਪੰਜ ਤੋਂ ਸੱਤ ਵਜੇ ਤੱਕ ਕਿਸਾਨਾਂ ਨੇ ਏਅਰਪੋਰਟ ਰੋਡ ਦੇ ਸਾਰੇ ਮੁੱਖ ਚੌਕਾਂ 'ਤੇ ਹੱਥਾਂ ਵਿੱਚ ਕਿਸਾਨੀ ਮੰਗਾਂ ਨਾਲ ਸਬੰਧਤ ਬੈਨਰ ਅਤੇ ਝੰਡੇ ਫੜ ਕੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਮੋਰਚੇ ਦੇ ਪੰਡਾਲ ਵਿੱਚ ਸਟੇਜ ਦੀ ਕਾਰਵਾਈ ਹਰਿੰਦਰ ਸਿੰਘ ਲੱਖੋਵਾਲ, ਪ੍ਰੇਮ ਸਿੰਘ ਭੰਗੂ, ਜਤਿੰਦਰ ਸਿੰਘ ਛੀਨਾ, ਦਲਵੀਰ ਸਿੰਘ ਸਿੱਧੂਪੁਰ, ਵੀਰ ਸਿੰਘ ਬੜਵਾ, ਕੰਵਲਪ੍ਰੀਤ ਸਿੰਘ ਪੰਨੂ ਅਤੇ ਨਛੱਤਰ ਸਿੰਘ ਜੈਤੋ 'ਤੇ ਆਧਾਰਿਤ ਪ੍ਰਧਾਨਗੀ ਮੰਡਲ ਵੱਲੋਂ ਚਲਾਈ ਗਈ। ਬੁਲਾਰਿਆਂ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਸਪੱਸ਼ਟ ਕੀਤਾ ਕਿ ਪ੍ਰਸ਼ਾਸਨ ਦੇ ਵਾਰ-ਵਾਰ ਭਰੋਸੇ ਦੇ ਬਾਵਜੂਦ ਪੰਜਾਬ ਸਰਕਾਰ ਦਾ ਵਤੀਰਾ ਟਾਲ-ਮਟੋਲ ਵਾਲਾ ਬਣਿਆ ਹੋਇਆ ਹੈ। ਐਤਵਾਰ ਨੂੰ ਹੋਣ ਵਾਲੀ ਮੀਟਿੰਗ ਵਿੱਚ ਕਿਸਾਨ ਜਥੇਬੰਦੀਆਂ ਅਗਲਾ ਵਡੇਰਾ ਫ਼ੈਸਲਾ ਲੈਣਗੀਆਂ। ਸ਼ਨੀਵਾਰ ਦੀ ਮੀਟਿੰਗ ਦੀ ਪ੍ਰਧਾਨਗੀ ਬਲਦੇਵ ਸਿੰਘ ਨਿਹਾਲਗੜ੍ਹ, ਹਰਜਿੰਦਰ ਸਿੰਘ ਟਾਂਡਾ ਅਤੇ ਸੁਖਦੇਵ ਸਿੰਘ ਅਰਾਈਆਂਵਾਲਾ ਨੇ ਕੀਤੀ। ਇਸ ਮੌਕੇ ਬਲਬੀਰ ਸਿੰਘ ਰਾਜੇਵਾਲ, ਰਮਿੰਦਰ ਸਿੰਘ ਪਟਿਆਲਾ, ਮਲੂਕ ਸਿੰਘ ਹੀਰਕੇ, ਬਲਦੇਵ ਸਿੰਘ ਭਾਈ ਰੂਪਾ, ਬੋਘ ਸਿੰਘ ਮਾਨਸਾ, ਪ੍ਰੇਮ ਸਿੰਘ ਭੰਗੂ, ਹਰਨੇਕ ਸਿੰਘ ਮਹਿਮਾ, ਗੁਰਵਿੰਦਰ ਸਿੰਘ ਢਿੱਲੋਂ, ਡਾ. ਸਤਨਾਮ ਸਿੰਘ ਅਜਨਾਲਾ, ਧਨਵੰਤ ਸਿੰਘ ਖਤਰਾਏ ਕਲਾਂ, ਲਖਨਪਾਲ ਸ਼ਰਮਾ, ਬਲਵਿੰਦਰ ਸਿੰਘ ਮੱਲ੍ਹੀ ਨੰਗਲ, ਕੰਵਲਪ੍ਰੀਤ ਸਿੰਘ ਪੰਨੂ, ਗੁਰਮੀਤ ਸਿੰਘ ਮਹਿਮਾ, ਬੂਟਾ ਸਿੰਘ ਚਕਰ, ਪਰਮਵੀਰ ਸਿੰਘ ਚੱਕ ਮਾਹੀ, ਬੂਟਾ ਸਿੰਘ ਸ਼ਾਦੀਪੁਰ, ਜੰਗਵੀਰ ਸਿੰਘ ਚੌਹਾਨ, ਬਲਵਿੰਦਰ ਸਿੰਘ ਰਾਜੂ ਔਲਖ ਅਤੇ ਹਰਭਜਨ ਸਿੰਘ ਬੁੱਟਰ ਸਮੇਤ ਕਈ ਪ੍ਰਮੁੱਖ ਆਗੂਆਂ ਨੇ ਵੀ ਸੰਬੋਧਨ ਕੀਤਾ।
Leave a Reply