ਪੰਜਾਬ-ਚੰਡੀਗੜ੍ਹ ਵਿੱਚ ਤੇਜ਼ ਹਵਾਵਾਂ ਦਾ ਅਸਰ, ਮੌਸਮ ਵਿਭਾਗ ਵੱਲੋਂ ਔਰੇਂਜ ਅਲਰਟ ਜਾਰੀ
ਪੰਜਾਬ ਅਤੇ ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਮੌਸਮ ਨੇ ਕਰਵਟ ਲਈ ਹੈ। ਐਤਵਾਰ ਸਵੇਰ ਤੋਂ ਹੀ ਕਈ ਇਲਾਕਿਆਂ ਵਿੱਚ ਤੇਜ਼ ਹਵਾਵਾਂ ਚੱਲ ਰਹੀਆਂ ਹਨ। ਮੌਸਮ ਵਿਗਿਆਨ ਕੇਂਦਰ ਵੱਲੋਂ 11 ਮਈ ਲਈ ‘ਔਰੇਂਜ ਅਲਰਟ’ ਜਾਰੀ ਕੀਤਾ ਗਿਆ ਹੈ। ਇਸ ਅਲਰਟ ਤਹਿਤ ਧੂੜ ਭਰੀਆਂ ਹਨੇਰੀਆਂ, ਗਰਜ-ਚਮਕ, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਗਈ ਹੈ। ਕੁਝ ਥਾਵਾਂ ‘ਤੇ ਮੀਂਹ ਪੈਣ ਦੇ ਵੀ ਆਸਾਰ ਹਨ। ਮੌਸਮ ਵਿਭਾਗ ਦੇ ਅਨੁਸਾਰ ਇਹ ਮੌਸਮੀ ਹਾਲਾਤ 14 ਮਈ ਤੱਕ ਬਣੇ ਰਹਿ ਸਕਦੇ ਹਨ। ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ ਵਿੱਚ 0.3 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਪਰ ਇਹ ਹਾਲੇ ਵੀ ਆਮ ਔਸਤ ਤਾਪਮਾਨ ਤੋਂ 2.8 ਡਿਗਰੀ ਘੱਟ ਹੈ। ਮੌਸਮ ਵਿਗਿਆਨ ਕੇਂਦਰ ਮੁਤਾਬਕ ਪਠਾਨਕੋਟ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂ ਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸਏਐਸ ਨਗਰ (ਮੋਹਾਲੀ) ਅਤੇ ਗੁਰਦਾਸਪੁਰ ਦੇ ਕੁਝ ਹਿੱਸਿਆਂ ਵਿੱਚ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਦੇ ਕੁਝ ਖੇਤਰਾਂ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਇਨ੍ਹਾਂ ਇਲਾਕਿਆਂ ਵਿੱਚ ਗਰਜ-ਚਮਕ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਵੀ ਜਤਾਈ ਗਈ ਹੈ। ਸੂਬੇ ਦੇ ਦੂਰ-ਦੁਰਾਡੇ ਖੇਤਰਾਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੇ ਵੀ ਆਸਾਰ ਹਨ। ਮੌਸਮ ਵਿਭਾਗ ਦੇ ਅਨੁਸਾਰ ਖੇਤਰ ਵਿੱਚ ਇੱਕ ਨਵੀਂ ਪੱਛਮੀ ਗੜਬੜੀ ਸਰਗਰਮ ਹੋ ਗਈ ਹੈ। ਇਸ ਦੇ ਪ੍ਰਭਾਵ ਹੇਠ ਪੰਜਾਬ ਅਤੇ ਨੇੜਲੇ ਖੇਤਰਾਂ ਵਿੱਚ ਮੌਸਮ ਦੇ ਰੁਝਾਨ ਵਿੱਚ ਤਬਦੀਲੀ ਆਉਣੀ ਸ਼ੁਰੂ ਹੋ ਗਈ ਹੈ। ਵਿਭਾਗ ਨੇ ਅਨੁਮਾਨ ਜਤਾਇਆ ਹੈ ਕਿ 11 ਮਈ ਦੀ ਰਾਤ ਤੋਂ 12 ਮਈ ਦੀ ਸਵੇਰ ਤੱਕ ਸੂਬੇ ਦੇ ਕਈ ਹਿੱਸਿਆਂ ਵਿੱਚ ਮੀਂਹ ਪੈ ਸਕਦਾ ਹੈ।
Posted By: Daily Suraj Bureau