ਹਰੀਕੇ ਵਿਖੇ ਬਣੇਗੀ ਮਨੁੱਖੀ ਅਧਿਕਾਰਾਂ ਦੇ ਰਾਖੇ ਜਸਵੰਤ ਸਿੰਘ ਖਾਲੜਾ ਦੀ ਯਾਦਗਾਰ: ਐਡਵੋਕੇਟ ਹਰਜਿੰਦਰ ਸਿੰਘ ਧਾਮੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਮਨੁੱਖੀ ਅਧਿਕਾਰਾਂ ਦੇ ਪ੍ਰਮੁੱਖ ਕਾਰਕੁਨ ਜਸਵੰਤ ਸਿੰਘ ਖਾਲੜਾ ਅਤੇ ਹੋਰਨਾਂ ਦੀ ਯਾਦ ਵਿੱਚ ਹਰੀਕੇ ਵਿਖੇ ਜਲਦ ਹੀ ਇੱਕ ਯਾਦਗਾਰ ਬਣਾਈ ਜਾਵੇਗੀ। ਇਸ ਸਬੰਧੀ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸਾਂਝੀ ਕੀਤੀ ਗਈ ਹੈ। ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿੱਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਿਖੇ ਜਸਵੰਤ ਸਿੰਘ ਖਾਲੜਾ ਨਮਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਜਸਵੰਤ ਸਿੰਘ ਖਾਲੜਾ ਦੀ ਭੈਣ ਬਲਬੀਰ ਕੌਰ ਅਤੇ ਮਾਮਲੇ ਦੇ ਮੁੱਖ ਗਵਾਹ ਕੁਲਦੀਪ ਸਿੰਘ ਬਚੜੇ ਦੀ ਪਤਨੀ ਕਮਲਜੀਤ ਕੌਰ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ। ਸ਼ਰਧਾਂਜਲੀ ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਖਿਆ ਕਿ ਮਨੁੱਖੀ ਅਧਿਕਾਰਾਂ ਦਾ ਉਲੰਘਣ ਕਿਸੇ ਵੀ ਸੂਰਤ ਵਿੱਚ ਨਹੀਂ ਹੋਣਾ ਚਾਹੀਦਾ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਨੂੰ ਨਿਰਦੇਸ਼ ਦਿੱਤੇ ਕਿ ਸਾਲ 1982 ਤੋਂ 1995 ਤੱਕ ਪੁਲੀਸ ਵੱਲੋਂ ਕਥਿਤ ਝੂਠੇ ਮੁਕਾਬਲਿਆਂ ਵਿੱਚ ਮਾਰੇ ਗਏ ਸਮੂਹ ਵਿਅਕਤੀਆਂ ਦੇ ਅੰਕੜੇ ਇਕੱਠੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਇਸ ਦਹਾਕੇ ਦੌਰਾਨ ਪੰਜਾਬ ਵਿੱਚ ਖ਼ਾਸ ਕਰਕੇ ਸਿੱਖਾਂ ਅਤੇ ਕਈ ਹਿੰਦੂਆਂ ਨੂੰ ਵੱਡੇ ਪੱਧਰ 'ਤੇ ਨਿਸ਼ਾਨਾ ਬਣਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਹਰੀਕੇ ਦਾ ਨਾਂ 'ਸ਼ਹੀਦੀ ਪੱਤਣ' ਰੱਖਣ, ਯਾਦਗਾਰ ਬਣਾਉਣ ਅਤੇ ਮਾਰੇ ਗਏ ਵਿਅਕਤੀਆਂ ਦਾ ਡਾਟਾ ਇਕੱਠਾ ਕਰਨ ਦਾ ਐਲਾਨ ਕੀਤਾ ਗਿਆ ਸੀ, ਜਿਸ 'ਤੇ ਹੁਣ ਤੇਜ਼ੀ ਨਾਲ ਕੰਮ ਹੋਵੇਗਾ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਹਰੀਕੇ ਵਿਖੇ ਯਾਦਗਾਰ ਦੀ ਉਸਾਰੀ ਲਈ ਇੱਕ ਵਿਸ਼ੇਸ਼ ਸਬ-ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਹ ਸਬ-ਕਮੇਟੀ ਜਲਦ ਹੀ ਲੋੜੀਂਦੀ ਜ਼ਮੀਨ ਦਾ ਪ੍ਰਬੰਧ ਕਰੇਗੀ, ਜਿਸ ਤੋਂ ਬਾਅਦ ਉੱਥੇ ਯਾਦਗਾਰੀ ਇਮਾਰਤ ਦੀ ਉਸਾਰੀ ਸ਼ੁਰੂ ਕਰ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਜਸਵੰਤ ਸਿੰਘ ਖਾਲੜਾ ਨੇ ਪੰਜਾਬ ਪੁਲੀਸ ਵੱਲੋਂ ਕਥਿਤ ਝੂਠੇ ਮੁਕਾਬਲਿਆਂ ਵਿੱਚ ਮਾਰੇ ਗਏ ਨੌਜਵਾਨਾਂ ਦੀਆਂ ਦੇਹਾਂ ਨੂੰ ਲਾਵਾਰਸ ਦੱਸ ਕੇ ਵੱਖ-ਵੱਖ ਸ਼ਮਸ਼ਾਨਘਾਟਾਂ ਵਿੱਚ ਸਾੜਨ ਦੇ ਗੰਭੀਰ ਦੋਸ਼ ਲਾਏ ਸਨ। ਉਨ੍ਹਾਂ ਦਾ ਦਾਅਵਾ ਸੀ ਕਿ ਲਗਭਗ 25 ਹਜ਼ਾਰ ਦੇਹਾਂ ਦਾ ਅਜਿਹੇ ਤਰੀਕੇ ਨਾਲ ਅੰਤਿਮ ਸੰਸਕਾਰ ਕੀਤਾ ਗਿਆ ਸੀ। ਮਨੁੱਖੀ ਅਧਿਕਾਰਾਂ ਦੀ ਇਸ ਖੋਜ-ਪੜਤਾਲ ਦੌਰਾਨ ਹੀ ਉਨ੍ਹਾਂ ਨੂੰ ਅਗਵਾ ਕਰ ਲਿਆ ਗਿਆ ਸੀ ਅਤੇ ਬਾਅਦ ਵਿੱਚ ਲਾਪਤਾ ਕਰਾਰ ਦੇ ਦਿੱਤਾ ਗਿਆ ਸੀ। ਇਸ ਸਮਾਗਮ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਰਾਜਦੀਪ ਸਿੰਘ, ਐੱਸ.ਜੀ.ਪੀ.ਸੀ. ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਅੰਤਰਿੰਗ ਕਮੇਟੀ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ, ਭਾਈ ਰਜਿੰਦਰ ਸਿੰਘ ਮਹਿਤਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਸਮੇਤ ਕਈ ਪ੍ਰਮੁੱਖ ਧਾਰਮਿਕ ਤੇ ਪ੍ਰਬੰਧਕੀ ਸ਼ਖ਼ਸੀਅਤਾਂ ਹਾਜ਼ਰ ਸਨ।
Posted By: Daily Suraj Bureau