ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਕਿਸੇ ਵੀ ਕਿਸਾਨ ਨਾਲ ਧੱਕੇਸ਼ਾਹੀ ਨਹੀਂ ਹੋਵੇਗੀ: ਮਾਨ

ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਕਿਸੇ ਵੀ ਕਿਸਾਨ ਨਾਲ ਧੱਕੇਸ਼ਾਹੀ ਨਹੀਂ ਹੋਵੇਗੀ: ਮਾਨ

* ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ


ਚਮਕੌਰ ਸਾਹਿਬ (ਰੋਪੜ),


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਵਿੱਚ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।


ਮੁੱਖ ਮੰਤਰੀ ਨੇ ਇਹ ਵੀ ਅਰਦਾਸ ਕੀਤੀ ਕਿ ਸੂਬੇ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਹਰ ਬੀਤਦੇ ਦਿਨ ਨਾਲ ਮਜ਼ਬੂਤ ਹੋਵੇ ਅਤੇ ਪੰਜਾਬ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਅਤੇ ਬੇਮਿਸਾਲ ਵਿਕਾਸ ਤੇ ਤਰੱਕੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਦਾ ਮੌਕਾ ਮਿਲਣ ਲਈ ਆਪਣੇ-ਆਪ ਨੂੰ ਖੁਸ਼ਨਸੀਬ ਸਮਝਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦੀ ਸੇਵਾ ਲਈ ਮਹਾਨ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ 'ਤੇ ਚੱਲ ਰਹੀ ਹੈ ਅਤੇ ਸੂਬੇ ਦੇ ਵਿਕਾਸ ਦੀ ਗਤੀ ਨੂੰ ਹੋਰ ਤੇਜ਼ ਕਰਨ ਲਈ ਵਚਨਬੱਧ ਹੈ।


ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੂੰ ਮਹਾਨ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਤੋਂ ਜ਼ਿੰਮੇਵਾਰੀ ਅਤੇ ਸੇਵਾ ਦੀ ਭਾਵਨਾ ਮਿਲਦੀ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਵਾਹਿਗੁਰੂ ਦੇ ਆਸ਼ੀਰਵਾਦ ਨਾਲ ਪੰਜਾਬ ਹਰ ਖੇਤਰ ਵਿੱਚ ਦੇਸ਼ ਵਿੱਚ ਮੋਹਰੀ ਸੂਬਾ ਬਣ ਕੇ ਉਭਰੇਗਾ। ਭਗਵੰਤ ਸਿੰਘ ਮਾਨ ਨੇ ਆਪਣੀ ਫੇਰੀ ਨੂੰ ਵਿਸ਼ੇਸ਼ ਦੱਸਦਿਆਂ ਕਿਹਾ ਕਿ ਇਹ ਉਹ ਪਵਿੱਤਰ ਸਥਾਨ ਹੈ, ਜਿੱਥੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਨੇ ਸ਼ਹਾਦਤ ਦਿੱਤੀ ਸੀ।


ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਇਸ ਪਵਿੱਤਰ ਧਰਤੀ ਦੇ ਸੰਪੂਰਨ ਵਿਕਾਸ ਨੂੰ ਯਕੀਨੀ ਬਣਾਏਗੀ ਅਤੇ ਇਸ ਲਈ ਸਾਰੇ ਲੋੜੀਂਦੇ ਯਤਨ ਜਾਰੀ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਕਿਉਂਕਿ ਸਰਕਾਰ ਇਸ ਇਤਿਹਾਸਕ ਅਤੇ ਅਧਿਆਤਮਿਕ ਮਹੱਤਤਾ ਵਾਲੇ ਸਥਾਨ ਨੂੰ ਵਿਕਸਤ ਕਰਨ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਬੰਧੀ ਸੁਚੱਜੀ ਯੋਜਨਾਬੰਦੀ ਪਹਿਲਾਂ ਹੀ ਮੁਕੰਮਲ ਹੋ ਚੁੱਕੀ ਹੈ ਅਤੇ ਇਸ ਨੂੰ ਜਲਦ ਹੀ ਲਾਗੂ ਕੀਤਾ ਜਾਵੇਗਾ।


ਇੱਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਯੋਜਨਾਬੱਧ ਅਤੇ ਟਿਕਾਊ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਸੂਬੇ ਵਿੱਚ ਪਹਿਲਾਂ ਹੀ ਇੱਕ ਨਵੀਂ ਅਤੇ ਪ੍ਰਗਤੀਸ਼ੀਲ ਲੈਂਡ ਪੂਲਿੰਗ ਨੀਤੀ ਪੇਸ਼ ਕੀਤੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਕਿਸਾਨਾਂ ਸਮੇਤ ਸਾਰੇ ਭਾਈਵਾਲਾਂ ਦੀ ਫੀਡਬੈਕ ਲਈ ਜਾਵੇਗੀ ਅਤੇ ਇਸ ਨੂੰ ਧਿਆਨ ਵਿੱਚ ਰੱਖਿਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਇਹ ਲੋਕਾਂ ਦੀ ਸਰਕਾਰ ਹੈ ਅਤੇ ਸਰਕਾਰ ਵੱਲੋਂ ਹਰੇਕ ਫ਼ੈਸਲਾ ਜਨਤਾ ਨਾਲ ਸਲਾਹ-ਮਸ਼ਵਰਾ ਕਰਕੇ ਹੀ ਲਿਆ ਜਾਂਦਾ ਹੈ।


ਇਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਦੋਸ਼ ਲਗਾਇਆ ਕਿ ਬੀਤੇ ਸਮੇਂ ਵਿੱਚ ਕਾਂਗਰਸੀ ਆਗੂ ਗੈਂਗਸਟਰਾਂ ਦੀ ਪੁਸ਼ਤਪਨਾਹੀ ਕਰਦੇ ਰਹੇ ਹਨ, ਜਿਸ ਨਾਲ ਗੈਰ ਸਮਾਜੀ ਤੱਤਾਂ ਨੂੰ ਉਤਸ਼ਾਹ ਮਿਲਦਾ ਰਿਹਾ। ਉਨ੍ਹਾਂ ਕਿਹਾ ਕਿ ਹੁਣ ਉਨ੍ਹਾਂ ਕਾਂਗਰਸੀ ਆਗੂਆਂ ਦੇ ਪਰਿਵਾਰਾਂ ਨੂੰ ਇਨ੍ਹਾਂ ਗੁੰਡਾ ਅਨਸਰਾਂ ਦੀਆਂ ਧਮਕੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਅਤੀਤ ਵਿੱਚ ਕੀਤੇ ਕੰਮਾਂ ਦੇ ਨਤੀਜਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।


ਲੈਂਡ ਪੂਲਿੰਗ ਨੀਤੀ ਦੇ ਵਿਰੋਧ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਪੰਜਾਬ ਦੇ ਕਿਸੇ ਵੀ ਕਿਸਾਨ ਨਾਲ ਧੱਕੇਸ਼ਾਹੀ ਨਹੀਂ ਕੀਤੀ ਜਾਵੇਗੀ। ਇਸ ਸਬੰਧੀ ਉਨ੍ਹਾਂ ਨਾਲ ਗੱਲਬਾਤ ਕੀਤੀ ਜਾਵੇਗੀ। ਭਗਵੰਤ ਮਾਨ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਧੀ ਨਾਲ ਇੱਥੋਂ ਦੇ ਇਤਿਹਾਸਿਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿੱਚ ਨਤਮਸਤਕ ਹੋਣ ਲਈ ਪੁੱਜੇ ਸਨ। ਇਸ ਦੌਰਾਨ ਉਨ੍ਹਾਂ ਮੱਥਾ ਟੇਕਿਆ ਤੇ ਗੁਰਬਾਣੀ ਕੀਰਤਨ ਸਰਵਣ ਕੀਤਾ।


ਉਨ੍ਹਾਂ ਕਿਹਾ ਕਿ ਉਹ ਇਸ ਇਤਿਹਾਸਿਕ ਅਸਥਾਨ ’ਤੇ ਪੰਜਾਬ ਦੀ ਭਲਾਈ ਅਤੇ ਤਰੱਕੀ ਦੀ ਅਰਦਾਸ ਕਰਨ ਆਏ ਹਨ। ਮੁੱਖ ਮੰਤਰੀ ਸ੍ਰੀ ਮਾਨ ਨੇ ਲੈਂਡ ਪੂਲਿੰਗ ਨੀਤੀ ਦੇ ਹੋ ਰਹੇ ਵਿਰੋਧ ਬਾਰੇ ਪੁੱਛੇ ਸਵਾਲ ’ਤੇ ਕਿਹਾ ਕਿ ਆਮ ਲੋਕਾਂ ਨਾਲ ਮੀਟਿੰਗਾਂ ਕੀਤੀਆਂ ਜਾਣਗੀਆਂ ਅਤੇ ਪੰਜਾਬ ਦੇ ਕਿਸੇ ਵੀ ਕਿਸਾਨ ਨਾਲ ਧੱਕੇਸ਼ਾਹੀ ਨਹੀਂ ਕੀਤੀ ਜਾਵੇਗੀ। ਕਿਸਾਨਾਂ ਦੀ ਸਹਿਮਤੀ ਮਗਰੋਂ ਜ਼ਮੀਨ ਲਈ ਜਾਵੇਗੀ।



ਸ੍ਰੀ ਮਾਨ ਨੇ ਦੱਸਿਆ ਕਿ ਚਮਕੌਰ ਸਾਹਿਬ ਦੇ ਸਬ ਡਿਵੀਜ਼ਨਲ ਹਸਪਤਾਲ ਨੂੰ ਵੀ ਜਲਦੀ ਹੀ ਹਲਕੇ ਦੇ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਪੂਰੇ ਇਲਾਕੇ ਵਿੱਚ ਮੁੱਖ ਮੰਤਰੀ ਵੱਲੋਂ ਇੱਥੇ ਬਣੇ 50 ਬੈੱਡਾਂ ਦੇ ਸਬ-ਡਿਵੀਜ਼ਨਲ ਪੱਧਰ ਤੇ ਹਸਪਤਾਲ ਦੇ ਉਦਘਾਟਨ ਕਰਨ ਦੀਆਂ ਕਿਆਸ ਅਰਾਈਆਂ ਸਨ, ਪਰ ਉਨ੍ਹਾਂ ਨੇ ਆਪਣਾ ਦੌਰਾ ਸਿਰਫ਼ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਤੱਕ ਹੀ ਸੀਮਤ ਰੱਖਿਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਡੀਆਈਜੀ ਹਰਚਰਨ ਸਿੰਘ ਭੁੱਲਰ, ਜ਼ਿਲ੍ਹਾ ਪੁਲੀਸ ਮੁਖੀ ਗੁਲਨੀਤ ਸਿੰਘ ਖੁਰਾਨਾ,ਐਸਡੀਐਮ ਅਮਰੀਕ ਸਿੰਘ ਸਿੱਧੂ ਆਦਿ ਹਾਜ਼ਰ ਸਨ। ਇਸ ਮੌਕੇ ਪਿੰਡ ਧੌਲਰਾਂ ਵਿੱਚ ਲੱਗ ਰਹੀ ਪੇਪਰ ਮਿੱਲ ਦਾ ਵਿਰੋਧ ਕਰਨ ਵਾਲੇ ਚਮਕੌਰ ਸਾਹਿਬ ਮੋਰਚੇ ਦੇ ਆਗੂਆਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੰਗ ਪੱਤਰ ਸੌਂਪਿਆ ਅਤੇ ਇਸ ਮਿੱਲ ਨੂੰ ਤੁਰੰਤ ਬੰਦ ਕਰਨ ਦੀ ਮੰਗ ਕੀਤੀ।


ਪੁਲੀਸ ’ਤੇ ਕਿਸਾਨਾਂ ਨਾਲ ਧੱਕੇ ਮਾਰਨ ਦਾ ਦੋਸ਼

ਕੁੱਝ ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਲੈਂਡ ਪੂਲਿੰਗ ਨੀਤੀ ਬਾਰੇ ਗੱਲ ਕਰਨ ਦੀ ਕੋਸ਼ਿਸ਼ ਕੀਤੀ ਤਾਂ ਪੁਲੀਸ ਨੇ ਧੱਕੇ ਮਾਰੇ। ਕਿਸਾਨ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ਼ ਰੋਸ ਜ਼ਾਹਿਰ ਕੀਤਾ। ਮੁੱਖ ਮੰਤਰੀ ਦੀ ਇਸ ਫੇਰੀ ਨੂੰ ਲੈਕੇ ਗੁਰਦੁਆਰਾ ਸਾਹਿਬ ਦੇ ਨਾਲ ਲੱਗਦੇ ਖਾਲਸਾ ਸਕੂਲ ਵਿੱਚ ਤਾਂ ਸਵੇਰੇ ਛੁੱਟੀ ਕਰ ਦਿੱਤੀ ਗਈ ਅਤੇ ਕੇਵਲ ਤੀਜ ਮਨਾ ਰਹੀਆਂ ਲੜਕੀਆਂ ਤੇ ਅਧਿਆਪਕ ਹੀ ਸਕੂਲ ਵਿਚ ਹਾਜ਼ਰ ਸਨ। ਪੁਲੀਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਆਪੋ-ਆਪਣੀਆਂ ਮੰਗਾਂ ਸਬੰਧੀ ਪੁੱਜੇ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਨੂੰ ਮੁੱਖ ਮੰਤਰੀ ਦੇ ਨੇੜੇ ਫਟਕਣ ਨਹੀਂ ਦਿੱਤਾ, ਜਿਸ ਕਾਰਨ ਬਹੁਤ ਸਾਰੇ ਆਗੂ ਪੁਲੀਸ ਅਧਿਕਾਰੀਆਂ ਨਾਲ ਬਹਿਸ ਕਰਦੇ ਰਹੇ। ਇਸੇ ਦੌਰਾਨ ਬਿਜਲੀ ਬੋਰਡ ਦੇ ਆਊਟਸੋਰਸ ਕਾਮਿਆਂ ਨੇ ਮੁੱਖ ਮੰਤਰੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।