Daily Suraj

ਪੰਜਾਬੀ

ਈਡੀ ਰੇਡਾਂ ਨੂੰ ਲੈ ਕੇ ਸਿਆਸੀ ਮਾਹੌਲ ਗਰਮ, ਕੇਜਰੀਵਾਲ ਨੇ ਵਪਾਰੀਆਂ ਦੇ ਹੱਕ ਵਿੱਚ ਦਿੱਤਾ ਬਿਆਨ

09 Jun, 2026 02:30 PM

ਪੰਜਾਬ ਵਿੱਚ ਮੰਗਲਵਾਰ ਸਵੇਰੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਕਈ ਥਾਵਾਂ 'ਤੇ ਛਾਪੇਮਾਰੀ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਵੇਰਵਿਆਂ ਅਨੁਸਾਰ, ਈਡੀ ਨੇ ਜਲੰਧਰ ਦੇ ਨਿਊ ਜਵਾਹਰ ਨਗਰ ਇਲਾਕੇ ਵਿੱਚ ਇੱਕ ਚਾਰਟਰਡ ਅਕਾਊਂਟੈਂਟ (ਸੀਏ) ਦੇ ਘਰ ਛਾਪਾ ਮਾਰਿਆ ਹੈ। ਇਸ ਦੇ ਨਾਲ ਹੀ ਲੁਧਿਆਣਾ ਵਿੱਚ ਵੀ ਇੱਕ ਸੀਏ ਦੇ ਨਿਵਾਸ 'ਤੇ ਈਡੀ ਦੀ ਟੀਮ ਵੱਲੋਂ ਕਾਰਵਾਈ ਕੀਤੇ ਜਾਣ ਦੀ ਖ਼ਬਰ ਹੈ। ਸੂਤਰਾਂ ਮੁਤਾਬਕ, ਈਡੀ ਦੀਆਂ ਟੀਮਾਂ ਨੇ ਜਲੰਧਰ ਦੇ ਦੋ ਸਿਆਸਤਦਾਨਾਂ ਦੇ ਘਰਾਂ 'ਤੇ ਵੀ ਛਾਪੇਮਾਰੀ ਕੀਤੀ ਹੈ। ਹਾਲਾਂਕਿ, ਇਸ ਸਬੰਧੀ ਨਾ ਤਾਂ ਪੁਲਿਸ ਅਤੇ ਨਾ ਹੀ ਈਡੀ ਵੱਲੋਂ ਕੋਈ ਅਧਿਕਾਰਤ ਬਿਆਨ ਜਾਰੀ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੂਰੀ ਕਾਰਵਾਈ ਨੂੰ ਗੁਪਤ ਰੱਖਿਆ ਜਾ ਰਿਹਾ ਹੈ। ਛਾਪੇਮਾਰੀ ਤੋਂ ਬਾਅਦ ਈਡੀ ਵੱਲੋਂ ਸਬੰਧਤ ਦਸਤਾਵੇਜ਼ਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਪੰਜਾਬ ਦੇ ਹੋਰ ਕਈ ਸਥਾਨਾਂ 'ਤੇ ਵੀ ਈਡੀ ਦੀਆਂ ਟੀਮਾਂ ਵੱਲੋਂ ਕਾਰਵਾਈ ਕੀਤੀ ਗਈ ਹੈ। ਹਾਲਾਂਕਿ, ਇਨ੍ਹਾਂ ਰੇਡਾਂ ਦੇ ਕਾਰਨਾਂ ਬਾਰੇ ਅਜੇ ਤੱਕ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਇਸ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ 'ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਈਡੀ ਇੱਕ ਵਾਰ ਫਿਰ ਪੰਜਾਬ ਵਿੱਚ ਹਿੰਦੂ ਵਪਾਰੀਆਂ 'ਤੇ ਛਾਪੇਮਾਰੀ ਕਰ ਰਹੀ ਹੈ ਅਤੇ ਛੋਟੇ ਹਿੰਦੂ ਵਪਾਰੀਆਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ। ਕੇਜਰੀਵਾਲ ਨੇ ਆਪਣੇ ਸੰਦੇਸ਼ ਵਿੱਚ ਵਪਾਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਪੂਰਾ ਪੰਜਾਬ ਅਤੇ ਪੰਜਾਬ ਸਰਕਾਰ ਵਪਾਰੀਆਂ ਦੇ ਨਾਲ ਖੜ੍ਹੀ ਹੈ ਅਤੇ ਸਾਰੇ ਮਿਲ ਕੇ ਈਡੀ ਦਾ ਸਾਹਮਣਾ ਕਰਨਗੇ।

Posted By: Daily Suraj Bureau

Latest News