Daily Suraj

ਪੰਜਾਬੀ

ਬਹਿਬਲ ਗੋਲੀ ਕਾਂਡ: ਚਰਨਜੀਤ ਸ਼ਰਮਾ ਦੀ ਜ਼ਮਾਨਤ ਅਰਜ਼ੀ ਰੱਦ

03 Mar, 2019 05:30 AM

ਫ਼ਰੀਦਕੋਟ, ਬਹਿਬਲ ਕਲਾਂ ਗੋਲੀ ਕਾਂਡ ਦੇ ਸਬੰਧ ਵਿਚ ਗ੍ਰਿਫ਼ਤਾਰ ਕੀਤੇ ਸਾਬਕਾ ਜ਼ਿਲ੍ਹਾ ਪੁਲੀਸ ਮੁਖੀ ਚਰਨਜੀਤ ਸ਼ਰਮਾ ਦੀ ਜ਼ਮਾਨਤ ਅਰਜ਼ੀ ਸਥਾਨਕ ਸੈਸ਼ਨ ਜੱਜ ਹਰਪਾਲ ਸਿੰਘ ਨੇ ਅੱਜ ਰੱਦ ਕਰ ਦਿੱਤੀ ਹੈ। ਵਿਸ਼ੇਸ਼ ਜਾਂਚ ਟੀਮ ਨੇ ਜ਼ਮਾਨਤ ਦਾ ਵਿਰੋਧ ਕਰਦਿਆਂ ਕਿਹਾ ਸੀ ਕਿ ਜੇਕਰ ਸਾਬਕਾ ਪੁਲੀਸ ਮੁਖੀ ਨੂੰ ਜ਼ਮਾਨਤ ਮਿਲਦੀ ਹੈ ਤਾਂ ਉਹ ਸਮੁੱਚੀ ਪੜਤਾਲ ਅਤੇ ਗਵਾਹਾਂ ਨੂੰ ਪ੍ਰਭਾਵਿਤ ਕਰ ਸਕਦਾ ਹੈ। ਬਹਿਬਲ ਕਲਾਂ ਗੋਲੀ ਕਾਂਡ ਨੂੰ ਘਿਣਾਉਣਾ ਅਪਰਾਧ ਦੱਸਦਿਆਂ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਅਟਾਰਨੀ ਨੇ ਮੰਗ ਕੀਤੀ ਕਿ ਅਜਿਹੇ ਮਾਮਲੇ ਵਿਚ ਮੁਲਜ਼ਮ ਨੂੰ ਜ਼ਮਾਨਤ ਨਹੀਂ ਦਿੱਤੀ ਜਾ ਸਕਦੀ। ਦੂਜੇ ਪਾਸੇ, ਸਾਬਕਾ ਪੁਲੀਸ ਮੁਖੀ ਦੇ ਵਕੀਲਾਂ ਨੇ ਕਿਹਾ ਕਿ ਚਰਨਜੀਤ ਸ਼ਰਮਾ ਦਿਲ ਦੇ ਮਰੀਜ਼ ਹਨ ਅਤੇ ਉਹ ਪੁਲੀਸ ਰਿਮਾਂਡ ਦੌਰਾਨ ਵੀ ਬਿਮਾਰ ਹੋ ਗਏ ਸਨ। ਉਨ੍ਹਾਂ ਮੰਗ ਕੀਤੀ ਕਿ ਚਲਦੇ ਮੁਕੱਦਮੇ ਤਕ ਚਰਨਜੀਤ ਸ਼ਰਮਾ ਨੂੰ ਜ਼ਮਾਨਤ ’ਤੇ ਰਿਹਾਅ ਕੀਤਾ ਜਾਵੇ। ਅਦਾਲਤ ਨੇ ਸਾਬਕਾ ਜ਼ਿਲ੍ਹਾ ਪੁਲੀਸ ਮੁਖੀ ਦੀ ਜ਼ਮਾਨਤ ਅਰਜ਼ੀ ਰੱਦ ਕਰਦਿਆਂ ਕਿਹਾ ਕਿ ਜੇਕਰ ਮੁਲਜ਼ਮ ਨੂੰ ਜ਼ਮਾਨਤ ਮਿਲਦੀ ਹੈ ਤਾਂ ਸਮੁੱਚੀ ਪੜਤਾਲ ਪ੍ਰਭਾਵਿਤ ਹੋ ਸਕਦੀ ਹੈ। ਸਾਬਕਾ ਪੁਲੀਸ ਮੁਖੀ ਦੇ ਪਰਿਵਾਰਕ ਮੈਂਬਰਾਂ ਨੇ ਚਲਦੇ ਮੁਕੱਦਮੇ ਤੱਕ ਜ਼ਮਾਨਤ ਲੈਣ ਲਈ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਣ ਦੀ ਗੱਲ ਕਹੀ ਹੈ। ਅਦਾਲਤ ਪਰਮਰਾਜ ਸਿੰਘ ਉਮਰਾਨੰਗਲ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ 5 ਮਾਰਚ ਨੂੰ ਕਰੇਗੀ ਅਤੇ ਅਗਲੇ ਦਿਨ (ਬੁੱਧਵਾਰ) ਮਨਤਾਰ ਸਿੰਘ ਬਰਾੜ ਦੀ ਅਗਾਊਂ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਹੋਣ ਦੀ ਸੰਭਾਵਨਾ ਹੈ।

Posted By: Daily Suraj Bureau

Latest News